ਮੰਡੀਆਂ ’ਚ ਝੋਨੇ ਦੀ ਖ਼ਰੀਦ ਸ਼ੁਰੂ
ਖ਼ੁਰਾਕ, ਸਿਵਲ ਸਪਲਾਈ ਖਪਤਕਾਰ ਮਾਮਲੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦਾਣਾ ਮੰਡੀ ਬਟਾਲਾ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਕਟਾਰੂਚੱਕ ਨੇ ਦੱਸਿਆ ਕਿ ਸੂਬੇ ’ਚ ਅੱਜ (ਪਹਿਲੀ ਅਕਤੂਬਰ) ਤੋਂ ਸ਼ੁਰੂ...
ਖ਼ੁਰਾਕ, ਸਿਵਲ ਸਪਲਾਈ ਖਪਤਕਾਰ ਮਾਮਲੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦਾਣਾ ਮੰਡੀ ਬਟਾਲਾ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਕਟਾਰੂਚੱਕ ਨੇ ਦੱਸਿਆ ਕਿ ਸੂਬੇ ’ਚ ਅੱਜ (ਪਹਿਲੀ ਅਕਤੂਬਰ) ਤੋਂ ਸ਼ੁਰੂ ਹੋਏ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42786.68 ਰੁਪਏ ਦੀ ਨਕਦ ਕਰਜ਼ਾ ਹੱਦ ਦੀ ਮਨਜ਼ੂਰੀ ਦੇ ਰੂਪ ਵਿਚ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀ ਸੀ ਐੱਲ ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਵਲੋਂ ਖ਼ਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਨੇੜਲੇ ਪਿੰਡ ਡੁੱਲਟ ਤੋਂ ਕਿਸਾਨ ਗੁਰਪ੍ਰੀਤ ਸਿੰਘ ਤੇ ਪ੍ਰਭਜੋਤ ਕੌਰ ਵੱਲੋਂ ਲਿਆਂਦੀ ਝੋਨੇ ਦੀ ਢੇਰੀਆਂ ਦੀ ਖਰੀਦ ਕਰਵਾਈ। ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਵਿਭਾਗ ਵਲੋਂ ਲੋੜੀਂਦਾ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਤੇ ਸੂਬੇ ਨੂੰ ਸੀਜ਼ਨ (2026-27) ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿਲਿਆ ਹੈ।
ਜੰਡਿਆਲਾ ਗੁਰੂ (ਸਿਮਰਤ ਪਾਲ ਸਿੰਘ ਬੇਦੀ): ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸਥਾਨਕ ਕਸਬਾ ਗਹਿਰੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੌਹਾਨ, ਮੰਡੀ ਪ੍ਰਧਾਨ ਸੁਨੀਲ ਪਾਸੀ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਸੂਬੇ ਭਰ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ। ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
ਜਲੰਧਰ (ਹਤਿੰਦਰ ਮਹਿਤਾ): ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਮੇਅਰ ਵਨੀਤ ਧੀਰ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਵਲੋਂ ਅੱਜ ਨਵੀਂ ਦਾਣਾ ਮੰਡੀ ਜਲੰਧਰ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਸਹੂਲਤ ਲਈ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾਵੇ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਦਾਣਾ ਮੰਡੀ ਹੁਸ਼ਿਆਰਪੁਰ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਅਤੇ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਾ. ਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਅੱਜ ਝੋਨੇ ਦੀ ਖਰੀਦ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਉਪਲਬਧ ਹੈ ਅਤੇ ਜ਼ਿਲ੍ਹੇ ਵਿੱਚ ਨਿਰਧਾਰਤ ਖਰੀਦ ਟੀਚਾ ਪੂਰਾ ਕੀਤਾ ਜਾਵੇਗਾ।
ਜੈਂਤੀਪੁਰ (ਜਗਤਾਰ ਸਿੰਘ ਛਿੱਤ): ਦਾਣਾ ਮੰਡੀ ਪਾਖਰਪੁਰਾ ਵਿਖੇ ਅੱਜ ਝੋਨੇ ਦੀ ਸਰਕਾਰੀ ਖਰੀਦ ਦਾ ਰਸਮੀ ਉਦਘਾਟਨ ਮਾਰਕੀਟ ਕਮੇਟੀ ਮਜੀਠਾ ਦੇ ਚੇਅਰਮੈਨ ਬਲਬੀਰ ਸਿੰਘ ਬੋਪਾਰਾਏ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਨਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਕਿਸਾਨਾਂ ਨੂੰ ਬਾਰਦਾਨੇ, ਪੀਣ ਵਾਲੇ ਪਾਣੀ ਜਾਂ ਹੋਰ ਕਿਸੇ ਵੀ ਲੋੜੀਂਦੀ ਸਹੂਲਤ ਲਈ ਮੁਸਕਲ ਨਾ ਆਉਣ ਦਿੱਤੀ ਜਾਵੇ।

