ਪਰਗਟ ਸਿੰਘ ਵੱਲੋਂ ਬੱਸੀ ਦੇ ਪਰਿਵਾਰ ਨਾਲ ਮੁਲਾਕਾਤ
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅੰਮ੍ਰਿਤਸਰ ਦੌਰੇ ਦੌਰਾਨ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਦਿਨੇਸ਼ ਬੱਸੀ ਦੇ ਅੰਮ੍ਰਿਤਸਰ ਸਥਿਤ ਨਿਵਾਸ ’ਤੇ ਪਹੁੰਚੇ। ਉਨ੍ਹਾਂ ਨੇ ਬੱਸੀ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਜਾਣਿਆ ਅਤੇ ਮੌਜੂਦਾ...
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅੰਮ੍ਰਿਤਸਰ ਦੌਰੇ ਦੌਰਾਨ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਦਿਨੇਸ਼ ਬੱਸੀ ਦੇ ਅੰਮ੍ਰਿਤਸਰ ਸਥਿਤ ਨਿਵਾਸ ’ਤੇ ਪਹੁੰਚੇ। ਉਨ੍ਹਾਂ ਨੇ ਬੱਸੀ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਜਾਣਿਆ ਅਤੇ ਮੌਜੂਦਾ ਹਾਲਾਤ ਵਿੱਚ ਪਰਿਵਾਰ ਦਾ ਹੌਸਲਾ ਵਧਾਇਆ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਕਿਹਾ ਕਿ ਪਾਰਟੀ ਇਸ ਮੁਸ਼ਕਲ ਘੜੀ ਵਿੱਚ ਦਿਨੇਸ਼ ਬੱਸੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ਪੁਲੀਸ ਨੇ ਦਿਨੇਸ਼ ਬੱਸੀ ਨੂੰ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪਹਿਲਾਂ ਉਸ ਦੇ ਬੇਟੇ ਨੂੰ ਨਾਮਜ਼ਦ ਕੀਤਾ ਗਿਆ ਸੀ। ਦਿਨੇਸ਼ ਬੱਸੀ ਇਸ ਵੇਲੇ ਪੁਲੀਸ ਰਿਮਾਂਡ ’ਤੇ ਹੈ।
ਪਰਗਟ ਸਿੰਘ ਨੇ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਪੁਲੀਸ ਦੀ ਸਿਆਸੀ ਤੌਰ ’ਤੇ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਆਗੂਆਂ ਅਤੇ ਕਾਂਗਰਸੀ ਵਰਕਰਾਂ ’ਤੇ ਦਬਾਅ ਬਣਾਉਣ ਲਈ ਝੂਠੇ ਮਾਮਲੇ ਦਰਜ ਕਰਨਾ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਪੰਜਾਬ ਕਾਂਗਰਸ ਪ੍ਰਧਾਨ ਨੇ ਪੁਲੀਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸੱਤਾ ਦੇ ਦਬਾਅ ਹੇਠ ਆ ਕੇ ਬੇਕਸੂਰ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀ ਅੱਜ ਕਾਨੂੰਨ ਨੂੰ ਛਿੱਕੇ ’ਤੇ ਟੰਗ ਕੇ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਆਪਣੇ ਫ਼ੈਸਲਿਆਂ ਦਾ ਜਵਾਬ ਦੇਣਾ ਪਵੇਗਾ। ਉਨ੍ਹਾਂ ਡੀ ਜੀ ਪੀ ਅਤੇ ਸੀਨੀਅਰ ਪੁਲੀਸ ਅਧਿਕਾਰੀਆਂ ਤੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪੇਸ਼ੀ ਮੌਕੇ ਬੱਸੀ ਨੇ ਕਿਹਾ ਕਿ ਉਨ੍ਹਾਂ ਦਾ ਪਾਸਪੋਰਟ ਪਹਿਲਾਂ ਹੀ ਅਦਾਲਤ ਵਿੱਚ ਜਮ੍ਹਾਂ ਹੈ ਅਤੇ ਉਹ ਕਿਧਰੇ ਬਾਹਰ ਨਹੀਂ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਪੂਰੇ ਮਾਮਲੇ ਦਾ ਜਵਾਬ ਦੇਣਗੇ। ਇਸ ਮਾਮਲੇ ਵਿੱਚ ਪੁਲੀਸ ਨੂੰ ਅੱਜ ਮੁੜ ਇੱਕ ਦਿਨ ਦਾ ਰਿਮਾਂਡ ਮਿਲਿਆ ਹੈ। ਪਰਗਟ ਸਿੰਘ ਦੇ ਨਾਲ ਰਾਜ ਕੁਮਾਰ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਅਨਿਲ ਜੋਸ਼ੀ, ਜੁਗਲ ਕਿਸ਼ੋਰ ਸ਼ਰਮਾ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਸਨ। ਆਗੂਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਸਿਆਸੀ ਅਤੇ ਕਾਨੂੰਨੀ ਪੱਧਰ ’ਤੇ ਉਨ੍ਹਾਂ ਨਾਲ ਖੜ੍ਹੀ ਹੈ।

