ਪੱਤਰ ਪ੍ਰੇਰਕ
ਆਦਮਪੁਰ ਦੋਆਬਾ (ਜਲੰਧਰ), 22 ਅਕਤੂਬਰ
ਰਾਮਾਮੰਡੀ ਤੋਂ ਪਿੰਡ ਤਲਣ ਦੀ ਸੜਕ ਨਾ ਬਣਨ ਕਾਰਨ ਲੋਕਾਂ ਨੇ ਜਲੰਧਰ-ਹੁਸ਼ਿਆਰਪੁਰ ਸੜਕ ’ਤੇ ਸਥਿਤ ਰਾਮਾਮੰਡੀ ਵਿੱਚ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ। ਜਿਸ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਸ ਮੌਕੇ ਪੁਲੀਸ ਦੇ ਅਧਿਕਾਰੀ ਏਸੀਪੀ ਨਿਰਮਲ ਸਿੰਘ ਪਹੁੰਚੇ ਤੇ ਲੋਕਾਂ ਨੂੰ ਸਮਝਾਉਣ ਲੱਗੇ ਤੇ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਲਈ ਕਿਹਾ। ਜਿਸ ਕਾਰਨ ਲੋਕਾਂ ਨੇ ਵਿਰੋਧ ਵਿੱਚ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਨ ਲੱਗ ਪਏ। ਲੋਕਾਂ ਦਾ ਕਹਿਣਾ ਸੀ ਕਿ ਟੈਂਡਰ ਹੋਣ ਦੇ ਬਾਵਜੂਦ ਇਸ ਸੜਕ ਉੱਤੇ ਕੰਮ ਸ਼ੁਰੂ ਨਹੀਂ ਕਰਵਾਇਆ ਜਾ ਰਿਹਾ। ਇਸੇ ਦੌਰਾਨ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਇਲਾਕੇ ਦੇ ਕੌਂਸਲਰ ਵੀ ਮੌਕੇ ’ਤੇ ਪਹੁੰਚ ਗਏ ਅਤੇ ਧਰਨਾਕਾਰੀਆਂ ਨੂੰ ਤਿਉਹਾਰਾਂ ਦੇ ਦਿਨਾਂ ਵਿੱਚ ਲੋਕਾਂ ਨੂੰ ਆ ਰਹੀ ਪ੍ਰੇਸ਼ਾਨੀ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਇਸ ਸੜਕ ਦਾ ਕੰਮ ਸ਼ੁਰੂ ਕਰਵਾ ਦੇਣਗੇ। ਉਨ੍ਹਾਂ ਦੇ ਸਮਝਾਉਣ ਤੋਂ ਬਾਅਦ ਲੋਕਾਂ ਨੇ ਧਰਨਾ ਖਤਮ ਕਰ ਦਿੱਤਾ ਪਰ ਇਸ ਦੇ ਬਾਵਜੂਦ ਸ਼ਾਮ ਵੇਲੇ ਤੱਕ ਉਥ ੇ ਜਾਮ ਵਰਗੀ ਸਥਿਤੀ ਹੀ ਬਣੀ ਹੋਈ ਸੀ ਤੇ ਲੋਕ ਤੰਗ ਪ੍ਰੇਸ਼ਾਨ ਹੋ ਰਹੇ ਸਨ।