ਜਸਬੀਰ ਸਿੰਘ ਚਾਨਾ
ਫਗਵਾੜਾ, 14 ਅਪਰੈਲ
ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਦੋਸ਼ ਲਗਾਇਆ ਹੈ ਕਿ ਲੋਕਾਂ ਨੂੰ ਤਰ੍ਹਾਂ ਤਰ੍ਹਾਂ ਦੀਆਂ ਗਾਰੰਟੀਆਂ ਦਾ ਲਾਲਚ ਦੇ ਕੇ ਸੱਤਾ ’ਚ ਆਉਣ ਵਾਲੀ ਆਮ ਆਦਮੀ ਪਾਰਟੀ ਹੁਣ ਇੱਕ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਗਾਰੰਟੀਆਂ ਦੇਣ ਤੋਂ ਸ਼ਾਂਤ ਹੋਈ ਬੈਠੀ ਹੈ ਤੇ ਲੋਕ ਸਰਕਾਰ ਦੇ ਮੂੰਹ ਵੱਲ ਤੱਕ ਰਹੇ ਹਨ।
ਅੱਜ ਇਥੇ ਹੋਟਲ ਕਲਾਰਕ ਇਨ ਵਿਖੇ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇਣ ਮੌਕੇ ਕੀਤੇ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੋਵਾਂ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਲੋਕਾਂ ਨਾਲ ਕੀਤੇ ਵਾਅਦੇ ਪਹਿਲੀ ਕਲਮ ਤੋਂ ਹੀ ਲਾਗੂ ਕੀਤੇ ਜਾਣਗੇ ਪਰ ਇਹ ਸਿਰਫ਼ ਐਲਾਨ ਹੀ ਰਹਿ ਗਏ ਜਾਪਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਪੰਜਾਬ ਸਰਕਾਰ ਨੇ ਪਹਿਲੇ ਮਹੀਨੇ ’ਚ ਹੀ ਪੰਜਾਬੀਆਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਤੇ ਵਾਅਦੇ ਮੁਤਾਬਕ ਪਹਿਲੀ ਕਲਮ ਤੋਂ ਪਹਿਲੀ ਗਾਰੰਟੀ ਪੂਰੀ ਨਾ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ, ਜਿਸ ਨੂੰ ਭੋਲੇ-ਭਾਲੇ ਪੰਜਾਬੀ ਕਦੇ ਮੁਆਫ਼ ਨਹੀਂ ਕਰਨਗੇ।