ਹਰਪ੍ਰੀਤ ਕੌਰ
ਹੁਸ਼ਿਆਰਪੁਰ, 20 ਜੁਲਾਈ
ਪਿਛਲੇ ਕਰੀਬ 20 ਸਾਲਾਂ ਤੋਂ ਭੰਗੀ ਚੋਅ ਇਲਾਕੇ ’ਚ ਝੁੱਗੀਆਂ ’ਚ ਰਹਿੰਦੇ ਪਰਿਵਾਰ ਅੱਜ ਵੀ ਟੈਂਕਰਾਂ ਤੋਂ ਮਿਲਣ ਵਾਲੇ ਪਾਣੀ ’ਤੇ ਨਿਰਭਰ ਹਨ। ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਮੰਗੀ ਸਹੋਤਾ ਅਤੇ ਸੁਰਿੰਦਰ ਸਿੰਘ ਪੱਪੀ ਨੇ ਇਨ੍ਹਾਂ ਪਰਿਵਾਰਾਂ ਦੀ ਸਿਹਤ ਨਾਲ ਹੋ ਰਹੇ ਖਿਲਵਾੜ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਨੂੰ ਕੋਈ ਵੀ ਗੰਭੀਰਤਾ ਨਾਲ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲ ਅੱਜ ਤੱਕ ਕਿਸੇ ਵੀ ਅਧਿਕਾਰੀ ਜਾਂ ਸਿਆਸੀ ਨੇਤਾ ਦਾ ਧਿਆਨ ਨਹੀਂ ਗਿਆ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਬਰਸਾਤਾਂ ਦੇ ਦਿਨਾਂ ਵਿੱਚ ਟੈਂਕਰਾਂ ਦਾ ਪਾਣੀ ਪੀ ਕੇ ਇਹ ਲੋਕ ਬਿਮਾਰ ਵੀ ਹੋ ਸਕਦੇ ਹਨ।
ਸ੍ਰੀ ਧੀਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਝੁੱਗੀ ਝੋਂਪੜੀ ਪਰਿਵਾਰਾਂ ਨੂੰ ਸਪਲਾਈ ਕੀਤਾ ਜਾਣ ਵਾਲਾ ਪਾਣੀ ਸ਼ੁੱਧ ਹੈ ਕਿਉਂਕਿ ਪ੍ਰਦੂਸ਼ਿਤ ਪਾਣੀ ਪੀਣ ਵਾਲੇ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕ ਹੋਣ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਹੋਣ।