ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਇੱਥੇ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੂੰ ਮੰਗ ਪੱਤਰ ਸੌਂਪਿਆ ਅਤੇ ਪੁਰਾਣੀ ਪੈਨਸ਼ਨ ਬਹਾਲੀ ਤੇ ਚਾਰ ਲੇਬਰ ਕੋਡ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ’ਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੁਭਾਸ਼ ਚੰਦਰ, ਰਵੀ ਦੱਤ ਸ਼ਰਮਾ, ਰਾਜਿੰਦਰ ਧੀਮਾਨ, ਰਾਮ ਦਾਸ ਅਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਰਾਜਿੰਦਰ ਕੁਮਾਰ, ਮਨੋਹਰ ਲਾਲ, ਅਸ਼ੋਕ ਕੁਮਾਰ, ਮੋਹਨ ਸਿੰਘ ਆਦਿ ਹਾਜ਼ਰ ਸਨ।
ਸਮੂਹ ਆਗੂਆਂ ਨੇ ਕਿਹਾ ਕਿ ਦੇਸ਼ ਭਰ ਦੇ ਸਰਕਾਰੀ ਕਰਮਚਾਰੀ ਅਤੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਾਰੇ ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਪੀ ਐੱਫ ਆਰ ਡੀ ਏ ਐਕਟ ਰੱਦ ਕੀਤਾ ਜਾਵੇ, ਨਵੀਂ ਪੈਨਸ਼ਨ ਸਕੀਮ ਖਤਮ ਕੀਤੀ ਜਾਵੇ, ਸਾਰਿਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਲਾਭ ਦਿੱਤੇ ਜਾਣ, ਕੰਟਰੈਕਟ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ, ਸਾਰੇ ਅਹੁਦੇ ਬਿਨਾਂ ਦੇਰੀ ਦੇ ਭਰੇ ਜਾਣ ਅਤੇ ਨਿੱਜੀਕਰਨ ਬੰਦ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਅੱਠਵਾਂ ਕੇਂਦਰੀ ਤਨਖਾਹ ਕਮਿਸ਼ਨ ਗਠਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਹਰ ਪੰਜ ਸਾਲਾਂ ਬਾਅਦ ਤਨਖਾਹ ਸੋਧ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਸਾਰੇ ਰੋਕੇ ਹੋਏ ਡੀ ਏ ਬਕਾਏ ਜਾਰੀ ਕੀਤੇ ਜਾਣੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਫੈਡਰੇਸ਼ਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਇਹ ਮੰਗ ਪੱਤਰ ਸਰਕਾਰ ਨੂੰ ਭੇਜਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮਾਧੋਪੁਰ ਹੈਡਵਰਕਸ ਤੇ ਗੇਟ ਖੋਲ੍ਹਦੇ ਸਮੇਂ ਦਰਿਆ ਵਿੱਚ ਡਿੱਗ ਕੇ ਫੌਤ ਹੋ ਜਾਣ ਵਾਲੇ ਮੁਲਾਜ਼ਮ ਵਿਨੋਦ ਕੁਮਾਰ ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਚਾਰ ਲੱਖ ਰੁਪਏ ਅਤੇ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਦੋ ਲੱਖ ਰੁਪਏ ਮਿਲਣਗੇ।
ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਮੁਲਾਜ਼ਮ।