ਜਸਬੀਰ ਸਿੰਘ ਚਾਨਾ
ਫਗਵਾੜਾ, 4 ਸਤੰਬਰ
ਫਗਵਾੜਾ-ਨਕੋਦਰ ਸੜਕ ਦੀ ਉਸਾਰੀ ਦਾ ਕੰਮ ਜੋ ਪਿਛਲੇ ਲੰਬੇਂ ਸਮੇਂ ਤੋਂ ਲਟਕਿਆ ਪਿਆ ਹੈ, ਉਸ ਲਈ ਲੋਕ ਨਿਰਮਾਣ ਵਿਭਾਗ ਕੋਲ ਚਾਰ ਕਰੋੜ ਰੁਪਏ ਪੁੱਜ ਗਏ ਹਨ ਤੇ ਇੱਕ ਹਫ਼ਤੇ ਦੇ ਅੰਦਰ ਅੰਦਰ ਸੜਕ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਲਈ ਕੇਂਦਰ ਸਰਕਾਰ ਵੱਲੋਂ 16 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਪੀਡਬਲਿਊਡੀ ਵਿਭਾਗ ਰਾਹੀਂ ਦਿੱਤੇ ਗਏ ਸਨ ਪਰ ਪੰਜਾਬ ਸਰਕਾਰ ਵੱਲੋਂ ਪੀ.ਡਬਲਿਊ.ਡੀ ਵਿਭਾਗ ਨੂੰ ਇਹ ਰਾਸ਼ੀ ਜਾਰੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਕੰਮ ਨੂੰ ਰੋਕ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਦੇ ਸੰਪਰਕ ’ਚ ਸਨ ਤਾਂ ਜੋ ਸਰਕਾਰ ਜਲਦ ਤੋਂ ਜਲਦ ਰਾਸ਼ੀ ਜਾਰੀ ਕਰੇ ਅਤੇ ਇਸ ਸੜਕ ਦਾ ਕੰਮ ਮੁਕੰਮਲ ਹੋ ਸਕੇ। ਇਸ ਸਬੰਧੀ ਲੋਕ ਨਿਰਮਾਣ ਵਿਭਾਗ ਨਾਲ ਗੱਲਬਾਤ ਕਰਨ ’ਤੇ ਪਤਾ ਲੱਗਾ ਕਿ ਕੰਮ ਨੂੰ ਚਾਲੂ ਕਰਨ ਲਈ 4 ਕਰੋੜ ਰੁਪਏ ਉਨ੍ਹਾਂ ਕੋਲ ਪਹੁੰਚ ਚੁੱਕੇ ਹਨ ਤੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਸੋਮ ਪ੍ਰਕਾਸ਼ ਨੇ ਦੱਸਿਆ ਕਿ ਫਗਵਾੜਾ-ਨਕੋਦਰ ਸੜਕ ਦੇ ਬਣਨ ਨਾਲ ਇਸ ਖੇਤਰ ਵਿੱਚ ਰਹਿਣ ਵਾਲੇ ਲੋਕਾਂ ਅਤੇ ਰਾਹਗੀਰਾਂ ਦੀ ਪ੍ਰੇਸ਼ਾਨੀ ਬਹੁਤ ਜਲਦ ਦੂਰ ਹੋ ਜਾਵੇਗੀ।