ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਪੁਲੀਸ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲੀਸ ਦੀ ਹੱਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ਵਿੱਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਵੀ ਪਾਬੰਦੀ ਲਾਈ ਗਈ ਹੈ।ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ, ਵਿਆਹ-ਸ਼ਾਦੀਆਂ ਦੇ ਪ੍ਰੋਗਰਾਮਾਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੱਚ ਪਬਲਿਕ ਵੱਲੋਂ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਾਈ ਗਈ ਹੈ। ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ ਪੀ.ਜੀ. ਮਾਲਕ, ਪੀ.ਜੀ. ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲੀਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ।ਇੱਕ ਹੋਰ ਹੁਕਮ ਅਨੁਸਾਰ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਿਨਾਂ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿੱਚ ਠਹਿਰਣ ਵਾਲੇ ਹਰ ਵਿਅਕਤੀ ਦਾ ਫੋਟੋ ਸ਼ਨਾਖਤੀ ਕਾਰਡ ਦੀ ਉਸ ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖਣਗੇ ਅਤੇ ਯਾਤਰੀ ਦਾ ਮੋਬਾਈਲ ਨੰਬਰ ਤਸਦੀਕ ਕਰਨ ਤੋਂ ਇਲਾਵਾ ਠਹਿਰਣ ਵਾਲੇ ਯਾਤਰੀ ਦਾ ਰਿਕਾਰਡ ਦਿੱਤੇ ਪ੍ਰੋਫਾਰਮੇ ਵਿੱਚ ਰਜਿਸਟਰ ’ਤੇ ਦਰਜ ਕਰਨਗੇ। ਇਹ ਸਾਰੇ ਹੁਕਮ 6-11-2025 ਤੱਕ ਲਾਗੂ ਰਹਿਣਗੇ।