ਲਾਪਤਾ ਪਾਵਨ ਸਰੂਪਾਂ ’ਤੇ ਸਿਆਸਤ ਨਾ ਕੀਤੀ ਜਾਵੇ: ਗਿਆਨੀ ਹਰਪ੍ਰੀਤ ਸਿੰਘ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਸਿਆਸਤ ਕਰਨ ਦਾ ਦੋਸ਼ ਲਾਇਆ ਹੈ। ਉਹ ਅੱਜ ਇੱਥੇ ਜ਼ਿਲ੍ਹਾ ਵਾਰ ਮੀਟਿੰਗਾਂ ਦੀ ਸ਼ੁਰੂਆਤ ਕਰਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਇਹ...
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਸਿਆਸਤ ਕਰਨ ਦਾ ਦੋਸ਼ ਲਾਇਆ ਹੈ। ਉਹ ਅੱਜ ਇੱਥੇ ਜ਼ਿਲ੍ਹਾ ਵਾਰ ਮੀਟਿੰਗਾਂ ਦੀ ਸ਼ੁਰੂਆਤ ਕਰਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਿਸੇ ਸਰਕਾਰ ਜਾਂ ਸੰਸਥਾ ਨੂੰ ਘੇਰਨ ਦਾ ਹਥਿਆਰ ਨਹੀਂ, ਸਗੋਂ ਸਿੱਖ ਕੌਮ ਦੀ ਆਸਥਾ ਨਾਲ ਜੁੜਿਆ ਸੰਵੇਦਨਸ਼ੀਲ ਮਸਲਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਿੱਥੇ ਇੱਕ ਪਾਸੇ ਜਾਂਚ ਨੂੰ ਲੰਮਾ ਖਿੱਚ ਕੇ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉੱਥੇ ਦੂਜੇ ਪਾਸੇ ਇਸ ਮਾਮਲੇ ਨੂੰ ਸਿਆਸੀ ਲਾਭ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੰਗ ਹੈ ਕਿ ਸੱਚ ਸਾਹਮਣੇ ਆਵੇ, ਦੋਸ਼ੀਆਂ ਦੀ ਜਵਾਬਦੇਹੀ ਹੋਵੇ ਅਤੇ ਸੰਗਤ ਨੂੰ ਇਨਸਾਫ਼ ਮਿਲੇ, ਨਾ ਕਿ ਰਾਜਨੀਤਕ ਬਿਆਨਬਾਜ਼ੀ ਕੀਤੀ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਦੀਆਂ ਜ਼ਮੀਨਾਂ ਅਤੇ ਸੰਸਥਾਵਾਂ ਨਾਲ ਧਰੋਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰਾਂ ਦੀ ਆੜ ਹੇਠ ਪੰਜਾਬ ਦੀ ਸਾਂਝੀ ਵਿਰਾਸਤ, ਪੰਥਕ ਅਤੇ ਲੋਕ-ਹਿੱਤ ਵਾਲੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਸਿਰਫ਼ ਪ੍ਰਬੰਧਕ ਬਦਲਣ ਦੀ ਕਾਰਵਾਈ ਨਹੀਂ, ਸਗੋਂ ਪੰਥ ਦੀ ਦਿਸ਼ਾ ਅਤੇ ਭਵਿੱਖ ਤੈਅ ਕਰਨ ਵਾਲਾ ਫ਼ੈਸਲਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸਿੱਖ ਕੌਮ ਅੰਦਰੂਨੀ ਝਗੜਿਆਂ ਤੋਂ ਉੱਪਰ ਉੱਠ ਕੇ ਸਾਂਝੇ ਮਸਲਿਆਂ ’ਤੇ ਇਕਜੁੱਟ ਹੋਵੇ। ਉਨ੍ਹਾਂ ਸਪਸ਼ਟ ਕੀਤਾ ਕਿ ਅਕਾਲੀ ਦਲ ਪੁਨਰ-ਸੁਰਜੀਤ ਕਿਸੇ ਇੱਕ ਵਿਅਕਤੀ ਜਾਂ ਸੱਤਾ ਦੀ ਲਾਲਸਾ ਲਈ ਨਹੀਂ, ਸਗੋਂ ਪੰਜਾਬ ਅਤੇ ਪੰਥ ਦੀ ਭਲਾਈ ਲਈ ਬਣਾਈ ਗਈ ਪਾਰਟੀ ਹੈ। ਸਾਬਕਾ ਜਥੇਦਾਰ ਨੇ ਐਲਾਨ ਕੀਤਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਨੇ ਪੰਜਾਬ ਭਰ ਵਿੱਚ ਜ਼ਿਲ੍ਹਾਵਾਰ ਮੀਟਿੰਗਾਂ ਦਾ ਆਗਾਜ਼ ਕਰ ਦਿੱਤਾ ਹੈ। ਇਨ੍ਹਾਂ ਮੀਟਿੰਗਾਂ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕੀਤੀ ਗਈ। ਇਸ ਤਹਿਤ ਜ਼ਿਲ੍ਹਾ ਸ਼ਹਿਰੀ ਅੰਮ੍ਰਿਤਸਰ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਮਨਿੰਦਰ ਸਿੰਘ ਧੁੰਨਾ ਵੱਲੋਂ ਕੀਤੀ ਗਈ। ਇਸ ਮੌਕੇ ਸਾਬਕਾ ਐੱਸ ਜੀ ਪੀ ਸੀ ਮੈਂਬਰ ਗੋਪਾਲ ਸਿੰਘ ਜਾਣੀਆਂ, ਸੀਨੀਅਰ ਆਗੂ ਰਤਨ ਸਿੰਘ ਅਜਨਾਲਾ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਅਜੈਪਾਲ ਸਿੰਘ ਮੀਰਾਕੋਟ, ਬੀਬੀ ਕਿਰਨਜੋਤ ਕੌਰ, ਜਸਬੀਰ ਸਿੰਘ ਘੁੰਮਣ, ਕੁੰਵਰ ਚੜਤ ਸਿੰਘ, ਜਗਜੀਤ ਸਿੰਘ ਕੋਹਲੀ, ਹਰਜਿੰਦਰ ਸਿੰਘ (ਜ਼ਿਲ੍ਹਾ ਪ੍ਰਧਾਨ ਤਰਨ ਤਾਰਨ), ਅਮਨਦੀਪ ਸਿੰਘ (ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ), ਮਧੁਪਾਲ ਸਿੰਘ ਗੋਗਾ ਆਦਿ ਹਾਜ਼ਰ ਸਨ।

