ਪੱਤਰ ਪ੍ਰੇਰਕ
ਹੁਸ਼ਿਆਰਪੁਰ, 2 ਦਸੰਬਰ
ਬਿਜਲੀ ਮੁਲਾਜ਼ਮਾਂ ਵਲੋਂ ਪੇਅ ਬੈਂਡ ਨੂੰ ਲਾਗੂ ਕਰਨ ਲਈ ਕੀਤੇ ਜਾ ਰਹੇ ਸੰਘਰਸ਼ ਦੇ ਸਮੇਂ ਦੀ ਛੁੱਟੀ ਨੂੰ ਪਾਸ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਬਿਜਲੀ ਮੁਲਾਜ਼ਮਾਂ ਦੀ ਸੇਵਾ ਰੈਗੂਲਰ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਠੇਕੇਦਾਰੀ ਸਿਸਟਮ ਬੰਦ ਕਰਕੇ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕਰਨ ਦੀ ਮੰਗ ਕਰਦਿਆਂ ਹੜਤਾਲ ਕੀਤੀ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੇਵਾਮੁਕਤ ਐਸ.ਡੀ.ਓ ਗੁਰਮੇਲ ਸਿੰਘ ਅਤੇ ਰਿਟਾਇਰਡ ਪੈਨਸ਼ਨਰਜ਼ ਜਥੇਬੰਦੀ ਦੇ ਰਵਿੰਦਰ ਨਾਥ ਸ਼ਰਮਾ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਮੁਲਾਜ਼ਮ ਆਗੂ ਦੀਪਕ ਸੈਣੀ, ਵਰਿੰਦਰ ਸ਼ਰਮਾ, ਕ੍ਰਿਸ਼ਨ ਗੋਪਾਲ ਆਦਿ ਨੇ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟਤਾ ਬਣਾ ਕੇ ਰੱਖਣ ਦੀ ਅਪੀਲ ਕੀਤੀ ਅਤੇ ਹਰ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਗੜ੍ਹਦੀਵਾਲਾ ਵਿੱਚ ਗੇਟ ਰੈਲੀ
ਮੁਕੇਰੀਆਂ (ਪੱਤਰ ਪ੍ਰੇਰਕ): ਪਾਵਰਕੌਮ ਮੈਨੇਜਮੈਂਟ ਵਲੋਂ ਮੰਨੀ ਜਾ ਚੁੱਕੀ ਪੇਅ ਬੈਂਡ ਦੀ ਮੰਗ ਬਾਰੇ ਸਰਕੁਲਰ ਜਾਰੀ ਨਾ ਕਰਨ ਖਿਲਾਫ ਜੁਆਇੰਟ ਫੋਰਮ ਦੇ ਸੱਦੇ ’ਤੇ ਸ/ਡ ਗੜ੍ਹਦੀਵਾਲਾ ਦੇ ਕਰਮਚਾਰੀਆਂ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਰੈਲੀ ਦੀ ਪ੍ਰਧਾਨਗੀ ਜੁਆਇੰਟ ਫੋਰਮ ਦੇ ਆਗੂ ਨਰਿੰਦਰ ਸਿੰਘ ਤੇ ਦਲਜੀਤ ਸਿੰਘ ਨੇ ਕੀਤੀ। ਪੇ ਬੈਂਡ ਅਤੇ ਪੇ ਸਕੇਲ ਨਾ ਮਿਲਣ ਖਿਲਾਫ ਰੋਹ ਵਿਚ ਆਏ ਕਰਮਚਾਰੀਆਂ ਵਲੋਂ ਸਰਕਾਰ ਤੇ ਮੈਨੇਜਮੈਂਟ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਦੇ ਅੜੀਅਲ ਰਵੱਈਏ ਖਿਲਾਫ ਕਰਮਚਾਰੀਆਂ ਵੱਲੋਂ 2 ਦਸੰਬਰ ਤੋਂ 7 ਦਸੰਬਰ ਤੱਕ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਪਾਵਰਕਾਮ ਪ੍ਰਬੰਧਕ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਹੱਲ ਨਹੀਂ ਕਰ ਰਹੇ।