ਪਾਵਰਕੌਮ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਮੰਤਰੀ ਦੇ ਦਫ਼ਤਰ ਬਾਹਰ ਪ੍ਰਦਰਸ਼ਨ
ਪਾਵਰਕੌਮ ਤੇ ਟਰਾਂਸਪੋਰਟ ਠੇਕਾ ਮੁਲਾਜ਼ਮ ਯੂਨੀਅਨ ਨੇ ਅੱਜ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮ ਮਾਰਚ ਕਰਦਿਆਂ ਪਾਵਰਕੌਮ ਦੇ ਸਰਕਲ ਦਫ਼ਤਰ ਤੋਂ ਕੈਬਨਿਟ ਮੰਤਰੀ ਦੇ ਦਫ਼ਤਰ ਤੱਕ ਨਾਅਰੇ ਲਗਾਉਂਦੇ ਪੁੱਜੇ। ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਬਹੁਤ ਫ਼ਰਕ ਹੈ। ਮੁੱਖ ਮੰਤਰੀ ਭਗਵੰਤ ਮਾਨ ਸੱਤਾ ਵਿੱਚ ਆਉਣ ਤੋਂ ਪਹਿਲਾਂ ਠੇਕੇਦਾਰੀ ਸਿਸਟਮ ਦੇ ਖਿਲਾਫ਼ ਬੋਲਦੇ ਰਹੇ। ਉਨ੍ਹਾਂ ਦਾ ਕਹਿਣਾ ਸੀ ਕਿ ਨਿੱਜੀ ਕੰਪਨੀਆਂ ਮੁਲਾਜ਼ਮਾਂ ਦੀ ਲੁੱਟ-ਖਸੁੱਟ ਕਰਦੀਆਂ ਹਨ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਵੀ ਬਿਜਲੀ ਵਿਭਾਗ ਦਾ ਨਿੱਜੀਕਰਨ ਕਰਨ ’ਤੇ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਲਗਾਤਾਰ ਲਾਰੇ ਲਗਾਏ ਜਾ ਰਹੇ ਹਨ। ਪਿਛਲੇ ਮਹੀਨੇ ਸਰਕਾਰ ਨਾਲ ਹੋਈ ਮੀਟਿੰਗ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਇਹ ਮਾਮਲਾ ਕੈਬਨਿਟ ਦੀ ਮੀਟਿੰਗ ਵਿਚ ਵਿਚਾਰਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ ਜਿਸ ਨਾਲ ਉਨ੍ਹਾਂ ਦਾ ਗੁਜ਼ਾਰਾ ਚੱਲਣਾ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹੋਰ ਟਾਲ ਮਟੋਲ ਕੀਤੀ ਤਾਂ ਸੰਘਰਸ਼ ਹੋਰ ਤਿੱਖਾ ਕਰ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਠੇਕਾ ਕਾਮਿਆਂ ਨੂੰ ਮਹਿਕਮੇ ’ਚ ਸ਼ਾਮਿਲ ਕਰਕੇ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤ ਤਹਿਤ ਮਿਹਨਤਾਨਾ ਤੈਅ ਕੀਤਾ ਜਾਵੇ ਅਤੇ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣ।