ਪੱਤਰ ਪ੍ਰੇਰਕ
ਸ਼ਾਹਕੋਟ, 4 ਸਤੰਬਰ
ਨਜ਼ਦੀਕੀ ਪਿੰਡ ਕੋਟਲੀ ਗਾਜਰਾਂ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ 12 ਸਤੰਬਰ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਲਗਾਏ ਜਾ ਰਹੇ ਧਰਨਿਆਂ ਨੂੰ ਕਾਮਯਾਬ ਕਰਨ ਲਈ ਜ਼ੋਰਦਾਰ ਤਿਆਰੀਆਂ ਵਿੱਢ ਦਿੱਤੀਆਂ ਹਨ। ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸੱਭਰਾ ਨੇ ਕਿਹਾ ਕਿ ਇਨ੍ਹਾਂ ਧਰਨਿਆਂ ਰਾਹੀਂ ਕਿਸਾਨੀ ਦੀ ਆਰਥਿਕ ਹਾਲਤ ਦੀ ਅਸਲੀ ਤਸਵੀਰ ਪੇਸ਼ ਕੀਤੀ ਜਾਵੇਗੀ। ਧਰਨਿਆਂ ਦੌਰਾਨ ਮੰਤਰੀਆਂ ਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਪ ਕੇ ਐੱਮ.ਐੱਸ.ਪੀ ਦੀ ਗਾਰੰਟੀ ਦਾ ਕਾਨੂੰਨ ਬਣਾਉਣ, ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਨ, ਲਖੀਮਪੁਰ ਖੀਰੀ ਦੇ ਮੁਲਜ਼ਮਾਂ ਨੂੰ ਸਜ਼ਵਾਂ ਦੇਣ, ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦੇਣ, ਕਿਸਾਨਾਂ ਉਪਰ ਦਰਜ ਕੀਤੇ ਝੂਠੇ ਮੁਕੱਦਮਿਆਂ ਨੂੰ ਰੱਦ ਕਰਨ, ਵਾਤਾਵਰਨ ਨੂੰ ਬਚਾਉਣ, ਪੰਜਾਬ ਸਰਕਾਰ ਵੱਲੋਂ ਚੋਣਾਂ ਮੌਕੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਅਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਦੀ ਮੰਗ ਕੀਤੀ ਜਾਵੇਗੀ।