ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ ’ਤੇ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਵਿੱਚ 1 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅੱਜ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਸੁਚਾਰੂ ਟਰੈਫਿਕ ਵਿਵਸਥਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਲਈ ਰੂਟ ਪਲਾਨ ਵੀ ਤਿਆਰ ਕਰਨ ਲਈ ਕਿਹਾ। ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਦੇ ਪੂਰੇ ਰੂਟ ’ਤੇ ਸਾਫ-ਸਫਾਈ, ਪ੍ਰਮੁੱਖ ਥਾਵਾਂ ਅਤੇ ਚੌਕਾਂ ਦੀ ਸਜਾਵਟ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਕੀਰਤਨ ਦੇ ਰੂਟ ਦਾ ਦੌਰਾ ਕੀਤਾ ਜਾਵੇ ਅਤੇ ਜੇਕਰ ਕਿਤੇ ਸੜਕ ਦੀ ਮੁਰੰਮਤ, ਸਟਰੀਟ ਲਾਈਟਾਂ, ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉੱਚਾ ਕਰਨ ਸਮੇਤ ਹੋਰ ਕਿਸੇ ਕਿਸਮ ਦੀ ਵਿਵਸਥਾ ਦੀ ਲੋੜ ਹੈ, ਤਾਂ ਤੁਰੰਤ ਕਰਵਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਲੋੜੀਂਦੀਆਂ ਮੈਡੀਕਲ ਟੀਮਾਂ, ਪੀਣ ਵਾਲੇ ਪਾਣੀ, ਆਰਜ਼ੀ ਟਾਇਲੈਟਸ, ਫਾਇਰ ਬ੍ਰਿਗੇਡ, ਨਿਰਵਿਘਨ ਬਿਜਲੀ ਸਪਲਾਈ ਸਮੇਤ ਹੋਰ ਜ਼ਰੂਰੀ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ।
ਨਗਰ ਕੀਰਤਨ ਦਾ ਰੂਟ
ਸਿੰਘ ਸਭਾਵਾਂ ਅਤੇ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਨਗਰ ਕੀਰਤਨ 1 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋਵੇਗਾ ਅਤੇ ਐੱਸ ਡੀ ਕਾਲਜ, ਭਾਰਤ ਸੋਡਾ ਵਾਟਰ, ਮੰਡੀ ਫੈਂਟਨਗੰਜ, ਗੁਰਦੁਆਰਾ ਦੀਵਾਨ ਅਸਥਾਨ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜ ਪੀਰ, ਖਿੰਗਰਾ ਗੇਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੌਕ, ਅੱਡਾ ਹੁਸ਼ਿਆਰਪੁਰ, ਮਾਈ ਹੀਰਾ ਗੇਟ, ਪਟੇਲ ਚੌਕ, ਬਸਤੀ ਅੱਡਾ ਜੀਟੀ ਰੋਡ, ਭਗਵਾਨ ਵਾਲਮੀਕਿ ਚੌਕ, ਰੈਣਕ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿੱਚ ਸੰਪੂਰਨ ਹੋਵੇਗਾ।
