ਹਰਪ੍ਰੀਤ ਕੌਰ
ਹੁਸ਼ਿਆਰਪੁਰ, 28 ਜੁਲਾਈ
ਸਿਹਤ ਵਿਭਾਗ ਦੀ ਟੀਮ ਨੇ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਦੇਸ਼ ਰਾਜਨ ਤੇ ਫੂਡ ਸੇਫਟੀ ਅਫ਼ਸਰ ਰਮਨ ਵਿਰਦੀ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਛਾਪਾ ਮਾਰ ਕੇ ਫ਼ਲਾਂ ਤੇ ਸਬਜ਼ੀਆਂ ਦੀਆਂ ਦੁਕਾਨਾਂ ਤੇ ਰੇਹੜੀਆਂ ਦੀ ਚੈਕਿੰਗ ਕੀਤੀ। ਇਸ ਦੌਰਾਨ ਗਲੀਆਂ-ਸੜੀਆਂ ਸਬਜ਼ੀਆਂ ਤੇ ਫਲਾਂ ਨੂੰ ਨਸ਼ਟ ਕੀਤਾ। ਉਨ੍ਹਾਂ ਨੇ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਗਲੀਆਂ-ਸੜੀਆਂ ਸਬਜ਼ੀਆਂ ਤੇ ਫਲ ਨਾ ਵੇਚਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੁਕਾਨਦਾਰਾਂ ਨੂੰ ਫੂਡ ਸੇਫ਼ਟੀ ਤੇ ਸਟੈਂਡਰਡ ਐਕਟ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਮਿਲਾਵਟੀ ਖਾਧ ਪਦਾਰਥਾਂ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸੰਦੀਪ ਕੁਮਾਰ, ਰਾਮ ਲੁਭਾਇਆ, ਅਸ਼ੋਕ ਕੁਮਾਰ ਅਤੇ ਪਰਮਜੀਤ ਸਿੰਘ ਆਦਿ ਮੌਜੂਦ ਸਨ।