ਪੱਤਰਕਾਰਾਂ ਖ਼ਿਲਾਫ਼ ਦਰਜ ਕੇਸ ਦਾ ਵਿਰੋਧ
ਅਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਦੇ ਕਨਵੀਨਰਾਂ ਡਾ. ਪਰਮਿੰਦਰ ਸਿੰਘ, ਪ੍ਰੋ. ਏ ਕੇ ਮਲੇਰੀ, ਬੂਟਾ ਸਿੰਘ ਮਹਿਮੂਦਪੁਰ ਅਤੇ ਯਸ਼ਪਾਲ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਬਾਰੇ ਸਵਾਲ ਉਠਾਉਣ ਵਾਲੇ ਪੱਤਰਕਾਰਾਂ ਅਤੇ ਆਰ ਟੀ ਆਈ ਕਾਰਕੁਨ ਮਾਨਿਕ...
ਅਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਦੇ ਕਨਵੀਨਰਾਂ ਡਾ. ਪਰਮਿੰਦਰ ਸਿੰਘ, ਪ੍ਰੋ. ਏ ਕੇ ਮਲੇਰੀ, ਬੂਟਾ ਸਿੰਘ ਮਹਿਮੂਦਪੁਰ ਅਤੇ ਯਸ਼ਪਾਲ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਬਾਰੇ ਸਵਾਲ ਉਠਾਉਣ ਵਾਲੇ ਪੱਤਰਕਾਰਾਂ ਅਤੇ ਆਰ ਟੀ ਆਈ ਕਾਰਕੁਨ ਮਾਨਿਕ ਗੋਇਲ ਸਣੇ 10 ਜਣਿਆਂ ਵਿਰੁੱਧ ਕੇਸ ਦਰਜ ਕਰਾਏ ਜਾਣ ਦੀ ਨਿਖੇਧੀ ਕਰਦਿਆਂ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।
ਫਰੰਟ ਦੇ ਆਗੂਆਂ ਨੇ ਕਿਹਾ ਕਿ ਜਦੋਂ ਸਿਆਸਤਦਾਨਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੰਜਾਬ ਸਿਰ ਪਹਿਲਾਂ ਹੀ ਸਾਢੇ ਤਿੰਨ ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਹੈ ਤਾਂ ਪੰਜਾਬ ਦੇ ਲੋਕਾਂ ਦੇ ਟੈਕਸਾਂ ਦਾ ਪੈਸਾ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਕਰਨ ਅਤੇ ਇਸ਼ਤਿਹਾਰਬਾਜ਼ੀ ਉੱਪਰ ਖਰਚਣ ਬਾਰੇ ਸਵਾਲ ਗ਼ੈਰਕਾਨੂੰਨੀ ਕਿਵੇਂ ਹੋ ਗਿਆ। ਉਨ੍ਹਾਂ ਕਿਹਾ ਕਿ ਸੱਚ ਇਹ ਹੈ ਕਿ ‘ਬਦਲਾਅ’ ਦੇ ਵਾਅਦੇ ਨਾਲ ਸੱਤਾ ਵਿਚ ਆਈ ‘ਆਪ’ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸੇ ਕਾਰਨ ਇਹ ਵਾਜਬ ਸਵਾਲਾਂ ਦਾ ਜਵਾਬ ਦੇਣ ਦੀ ਬਜਾਇ ਸਵਾਲ ਉਠਾਉਣ ਵਾਲੇ ਪੱਤਰਕਾਰਾਂ ਤੇ ਹੋਰਾਂ ਦੀ ਜ਼ੁਬਾਨਬੰਦੀ ਲਈ ਕੇਸਾਂ ਦਾ ਸਹਾਰਾ ਲੈ ਰਹੇ ਹਨ।
ਸੂਬਾ ਕਮੇਟੀ ਆਗੂਆਂ ਯਸ਼ਪਾਲ ਝਬਾਲ, ਐਡਵੋਕੇਟ ਅਮਰਜੀਤ ਬਾਈ ਅਤੇ ਸੁਮੀਤ ਅੰਮ੍ਰਿਤਸਰ ਨੇ ਕਿਹਾ ਕਿ ਮੀਡੀਆ ਦੀ ਆਵਾਜ਼ ਨੂੰ ਕੋਈ ਵੀ ਤਾਨਾਸ਼ਾਹ ਹੁਕਮਰਾਨ ਦਬਾਅ ਨਹੀਂ ਸਕਦਾ ਅਤੇ ਪੱਤਰਕਾਰ ਸੱਤਾ ਨੂੰ ਸਵਾਲ ਕਰ ਕੇ ਸਮਾਜ ਪ੍ਰਤੀ ਆਪਣਾ ਫਰਜ਼ ਨਿਭਾਉਂਦੇ ਰਹਿਣਗੇ।
ਐੱਸ ਡੀ ਐੱਮ ਨੂੰ ਮੰਗ ਪੱਤਰ ਸੌਂਪਿਆ
ਗੁਰਦਾਸਪੁਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਗੁਰਦਾਸਪੁਰ ਇਕਾਈ ਨੇ ਨੇ ਪੱਤਰਕਾਰਾਂ, ਆਰ ਟੀ ਆਈ ਕਾਰਕੁਨਾਂ ਅਤੇ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਲੁਧਿਆਣਾ ਸ਼ਹਿਰੀ ਸਾਈਬਰ ਕ੍ਰਾਈਮ ਪੁਲੀਸ ਵੱਲੋਂ ਦਰਜ ਕੀਤੇ ਕੇਸ ਦੀ ਨਿਖੇਧੀ ਕੀਤੀ ਹੈ। ਐੱਸ ਡੀ ਐੱਮ ਅਨੁਪ੍ਰੀਤ ਕੌਰ ਰਾਹੀਂ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਚੇਅਰਪਰਸਨ ਅਤੇ ਸਕੱਤਰ ਦੇ ਨਾਂ ਭੇਜੇ ਰੋਸ ਪੱਤਰ ਰਾਹੀਂ ਮੰਗ ਕੀਤੀ ਗਈ ਹੈ ਕਿ ਇਸ ਕੇਸ ਨੂੰ ਫ਼ੌਰੀ ਖ਼ਾਰਜ ਕਰਨ ਲਈ ਪੰਜਾਬ ਸਰਕਾਰ ਤੇ ਡਾਇਰੈਕਟਰ ਜਨਰਲ ਪੁਲੀਸ ਨੂੰ ਨਿਰਦੇਸ਼ ਜਾਰੀ ਕੀਤੇ ਜਾਣ। ਇਸ ਮੌਕੇ ਸੰਗਠਨ ਦੇ ਪ੍ਰਧਾਨ ਕੇ ਪੀ ਸਿੰਘ, ਜਨਰਲ ਸਕੱਤਰ ਸੰਜੀਵ ਸਰਪਾਲ, ਹਰਦੀਪ ਸਿੰਘ, ਸੁਨੀਲ ਥਾਣੇਵਾਲੀਆ, ਰਣਬੀਰ ਆਕਾਸ਼, ਨਰੇਸ਼ ਕਾਲੀਆ, ਅਸ਼ੋਕ ਥਾਪਾ, ਗਗਨ ਬਾਵਾ, ਰਵੀ ਕੁਮਾਰ, ਉਮੇਸ਼ ਅੱਤਰੀ, ਦਿਨੇਸ਼ ਕੁਮਾਰ, ਰੋਹਿਤ ਕੁਮਾਰ ਸਹਿਤ ਕਾਹਨੂੰਵਾਨ ਯੂਨਿਟ ਤੋਂ ਵਰਿੰਦਰ ਜਾਗੋਵਾਲ ਦੀ ਟੀਮ ਵੀ ਮੌਜੂਦ ਸੀ। ਇਸੇ ਤਰ੍ਹਾਂ ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਨੇ ਵੀ ਇਸ ਕੇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਕੇਂਦਰ ਦੇ ਪ੍ਰਧਾਨ ਡਾ. ਲੇਖ ਰਾਜ, ਜਨਰਲ ਸਕੱਤਰ ਮੰਗਤ ਚੰਚਲ, ਸੀਨੀਅਰ ਮੀਤ ਪ੍ਰਧਾਨ ਸੁਲੱਖਣ ਸਰਹੱਦੀ ਤੇ ਸੀਤਲ ਸਿੰਘ ਗੁੰਨੋਪੁਰੀ, ਸੰਯੋਜਕ ਮੱਖਣ ਕੁਹਾੜ, ਪ੍ਰੈੱਸ ਸਕੱਤਰ ਸੁੱਚਾ ਸਿੰਘ ਪਸਨਾਵਾਲਾ ਨੇ ਕਿਹਾ ਹੈ ਕਿ ਇਹ ਕਾਰਵਾਈ ਲਿਖਣ ਅਤੇ ਬੋਲਣ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ।

