ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ
ਮਹਿੰਗਾਈ ਅਤੇ ਕਾਨੂੰਨ ਵਿਵਸਥਾ ’ਤੇ ਕਾਂਗਰਸ ਦਾ ਹੱਲਾ ਬੋਲ; ਜਲੰਧਰ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ
ਵਧਦੀ ਮਹਿੰਗਾਈ, ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਦੇ ਵਿਰੋਧ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਅੱਜ ਇੱਥੇ ਡੀ ਸੀ ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਦੇਸ਼ ਦੀ ਸਥਿਤੀ ਚਿੰਤਾਜਨਕ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੰਸਦ ਵਿੱਚ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਆਮ ਲੋਕਾਂ ਦੀ ਕਮਰ ਤੋੜ ਦੇਵੇਗਾ, ਪਰ ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੱਤਾ ਵਿੱਚ ਸਨ, ਤਾਂ ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਇਸ ਪੱਧਰ ’ਤੇ ਸਨ, ਪਰ ਆਮ ਲੋਕਾਂ ’ਤੇ ਇੰਨਾ ਬੋਝ ਨਹੀਂ ਸੀ। ਅੱਜ ਹਾਲਾਤ ਅਜਿਹੇ ਹਨ ਕਿ ਪੈਟਰੋਲ, ਡੀਜ਼ਲ ਅਤੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਨੇ ਹੋਟਲ ਮਾਲਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਤਬਾਹ ਕਰ ਦਿੱਤਾ ਹੈ। ਪਿਛਲੇ 11 ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਚੌਥਾ ਵਾਧਾ ਹੈ। ਇਹ ਰੁਝਾਨ ਰੁਕਦਾ ਨਹੀਂ ਜਾਪਦਾ। ਤੇਲ ਕੰਪਨੀਆਂ ਲਗਾਤਾਰ ਮੁਨਾਫ਼ਾ ਕਮਾਉਣ ਦੇ ਬਾਵਜੂਦ ਉਹ ਆਪਣੇ ਨੁਕਸਾਨ ਨੂੰ ਪੂਰਾ ਕਰਨ ਦੇ ਬਹਾਨੇ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ’ਤੇ ਬੋਝ ਪਾ ਰਹੀਆਂ ਹਨ। ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਦਿਖਾਈ ਨਹੀਂ ਦਿੰਦੀ। ਸੂਬੇ ਵਿੱਚ ਰੋਜ਼ਾਨਾ ਕਤਲ ਅਤੇ ਅਪਰਾਧ ਦੀਆਂ ਘਟਨਾਵਾਂ ਵਧ ਰਹੀਆਂ ਹਨ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਿੰਦਰ ਬੇਰੀ ਨੇ ਵੀ ਤੇਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ।
ਪਠਾਨਕੋਟ (ਐੱਨ ਪੀ ਧਵਨ): ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਜ਼ਿਲ੍ਹਾ ਪਠਾਨਕੋਟ ਵੱਲੋਂ ਪਿੰਡ ਜਿਆਣੀ ਵਿੱਚ ਅੱਜ ਤਹਿਸੀਲ ਕਮੇਟੀ ਮੈਂਬਰ ਕਾਮਰੇਡ ਤਿਲਕ ਰਾਜ ਦੀ ਅਗਵਾਈ ਵਿੱਚ ਗੈਸ, ਡੀਜ਼ਲ, ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨ ਵਿੱਚ ਤਹਿਸੀਲ ਸੱਕਤਰ ਕਾਮਰੇਡ ਬਲਵੰਤ ਘੋਹ, ਕਮੇਟੀ ਮੈਂਬਰ ਨਰਿੰਜਨ ਸਿੰਘ ਢਡਵਾਲ, ਦਰਸ਼ਨ ਸਿੰਘ, ਕਮਲ ਸਿੰਘ, ਸੰਤੋਖ ਰਾਜ ਆਦਿ ਵੀ ਹਾਜ਼ਰ ਸਨ। ਸਮੂਹ ਬੁਲਾਰਿਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਤੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਭਾਰੀ ਵਾਧੇ ਨੇ ਲੋਕਾਂ ਦੇ ਘਰੇਲੂ ਬਜਟ ਨੂੰ ਵਿਗਾੜ ਕੇ ਰੱਖ ਦਿੱਤਾ ਹੈ। ਇਸ ਦੇ ਅਸਰ ਨਾਲ ਦਿਨੋਂ ਦਿਨ ਵਧ ਰਹੀ ਮਹਿੰਗਾਈ ਕਾਰਨ ਆਮ ਲੋਕਾਂ ਦਾ ਜਿਉਣਾ ਮੁਸ਼ਕਲ ਹੋ ਗਿਆ ਹੈ।

