ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 20 ਮਈ
ਜਮਹੂਰੀ ਅਧਿਕਾਰ ਸਭਾ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ਦੀਆਂ ਰਿਹਾਇਸ਼ਗਾਹਾਂ ’ਤੇ ਛਾਪੇਮਾਰੀ ਅਤੇ ਗ੍ਰਿਫ਼ਤਾਰੀ ਕਰਨ ਦਾ ਵਿਰੋਧ ਕੀਤਾ ਹੈ। ਸਭਾ ਦੇ ਸੂਬਾਈ ਪ੍ਰਧਾਨ ਪ੍ਰੋਫ਼ੈਸਰ ਜਗਮੋਹਣ ਸਿੰਘ ਜਨਰਲ ਸਕੱਤਰ ਪ੍ਰਿਤਪਾਲ ਸਿੰਘ, ਸਕੱਤਰੇਤ ਮੈਂਬਰ ਡਾ. ਅਜੀਤਪਾਲ ਸਿੰਘ ਅਤੇ ਪ੍ਰੈੱਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਰਜਵਾੜਾਸ਼ਾਹੀ ਦੇ ਹੱਕ ਵਿੱਚ ਭੁਗਤਦਿਆਂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਘਰ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਰਾਹੀਂ ਆਮ ਆਦਮੀ ਪਾਰਟੀ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਨੰਗਾ ਹੋਇਆ ਹੈ।
ਆਗੂਆਂ ਨੇ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਲੈਂਡ ਸੀਲਿੰਗ ਐਕਟ ਤਹਿਤ ਵਾਧੂ ਜ਼ਮੀਨ ਦਲਿਤ ਅਤੇ ਬੇਜ਼ਮੀਨੇ ਕਿਸਾਨਾਂ ਵਿੱਚ ਵੰਡਣ ਦੀ ਮੰਗ ਨੂੰ ਲੈ ਕੇ ਸੰਘਰਸ਼ਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿੰਡ ਬੀੜ ਐਸ਼ਵਾਨ ਵਿਚ ਕਈ ਸੌ ਏਕੜ ਜ਼ਮੀਨ ਉਪਰ ਧਨਾਢ ਚੌਧਰੀਆਂ ਅਤੇ ਅਫ਼ਸਰਸ਼ਾਹੀ ਦਾ ਕਬਜ਼ਾ ਹੈ ਅਤੇ ਬੀੜ ਐਸ਼ਵਾਨ ਉੱਪਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਬੇਗਮਪੁਰਾ ਵਸਾਉਣ ਦਾ ਐਲਾਨ ਕੀਤਾ ਗਿਆ ਸੀ। ਆਗੂਆਂ ਨੇ ਲੋਕ ਪੱਖੀ ਜਮਹੂਰੀਅਤ ਪਸੰਦ ਲੋਕਾਂ ਨੂੰ ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਆਵਾਜ਼ ਉਠਾਉਣ ਦਾ ਸੱਦਾ ਵੀ ਦਿੱਤਾ ਹੈ।