Congress Protest: ਰਾਹੁਲ ਗਾਂਧੀ ਖ਼ਿਲਾਫ਼ ਕੇਸ ਦੇ ਵਿਰੋਧ ’ਚ ਧਰਨਾ
ਕਾਂਗਰਸ ਵੱਲੋਂ ਉਤਰਾਖੰਡ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ; ਭਾਜਪਾ ਵਰਕਰ ਵਿਰੁੱਧ ਕੇਸ ਦਰਜ ਕਰਨ ਦੀ ਮੰਗ
ਉੱਤਰਾਖੰਡ ਪੁਲੀਸ ਵੱਲੋਂ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਐਫ ਆਈ ਆਰ ਦਰਜ ਕਰਨ ਦੇ ਰੋਸ ਵਜੋਂ ਅੱਜ ਕਾਂਗਰਸ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਤੇ ਸਥਾਨਕ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਡਾ. ਅੰਬੇਡਕਰ ਪਾਰਕ ਗੁਰੂ ਹਰਗੋਬਿੰਦ ਨਗਰ ਵਿੱਚ ਧਰਨਾ ਲਾਇਆ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਸਬੰਧਤ ਭਾਜਪਾ ਵਰਕਰਾਂ ਖ਼ਿਲਾਫ਼ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਉੱਤਰਾਖੰਡ ਦੇ ਹਲਦਵਾਨੀ ਵਿੱਚ ਕੁਝ ਦਿਨ ਪਹਿਲਾਂ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਵਾਲੀ ਥਾਂ ’ਤੇ ਭਾਜਪਾ-ਆਰ ਐੱਸ ਐੱਸ ਨਾਲ ਸਬੰਧਤ ਵਰਕਰਾਂ ਵੱਲੋਂ ਕਥਿਤ ‘ਸ਼ੁੱਧੀਕਰਨ’ ਸਮਾਗਮ ਕਰਵਾ ਕੇ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਸਮਾਜਿਕ ਬਰਾਬਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਗਏ ਸਨ। ਰਾਹੁਲ ਗਾਂਧੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਉਂਦਿਆਂ ਪ੍ਰੈੱਸ ਕਾਨਫਰੰਸ ਰਾਹੀਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸ਼ਾਸਿਤ ਸੂਬੇ ਦੀ ਸਰਕਾਰ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉੱਤਰਾਖੰਡ ਪੁਲੀਸ ਰਾਹੀਂ ਰਾਹੁਲ ਗਾਂਧੀ ਖ਼ਿਲਾਫ਼ ਹੀ ਕੇਸ ਦਰਜ ਕਰ ਦਿੱਤਾ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਇਸ ਕਾਰਵਾਈ ਨੂੰ ਸਿਆਸੀ ਬਦਲਾਖ਼ੋਰੀ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਵਜੋਂ ਦੇਖਦੀ ਹੈ। ਭਾਜਪਾ ਵੱਲੋਂ ਜਾਤੀਵਾਦੀ ਵਰਤਾਰੇ ਦਾ ਬਚਾਅ ਕਰਨਾ ਅਤੇ ਉਸ ਦੇ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਰੋਧੀ ਧਿਰ ਦੇ ਆਗੂ ਖ਼ਿਲਾਫ਼ ਐੱਫ ਆਈ ਆਰ ਦਰਜ ਕਰਵਾਉਣਾ ਬੇਹੱਦ ਨਿੰਦਣਯੋਗ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਕਿਸੇ ਵੀ ਤਰ੍ਹਾਂ ਦੇ ਸਮਾਜਿਕ ਅਨਿਆਂ, ਜਾਤੀ ਆਧਾਰਿਤ ਭੇਦਭਾਵ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕਰੇਗੀ। ਰੋਸ ਮਾਰਚ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਸਰਕਾਰ ਅਤੇ ਉੱਤਰਾਖੰਡ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ।
ਕਾਂਗਰਸ ਕਾਰਜਕਾਰਨੀ ਦਾ ਗਠਨ
ਪਠਾਨਕੋਟ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਭੋਆ ਦੇ ਅੱਡਾ ਬਨੀ ਲੋਧੀ ਵਿੱਚ ਕਾਂਗਰਸ ਦਫ਼ਤਰ ਵਿੱਚ ਮਿਸ਼ਨ-2027 ਦੀਆਂ ਤਿਆਰੀਆਂ ਸਬੰਧੀ ਬਲਾਕ ਘਰੋਟਾ ਦੀ 31 ਮੈਂਬਰੀ ਨਵੀਂ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ। ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ ਦੀ ਅਗਵਾਈ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਵਿਸ਼ੇਸ਼ ਮੌਜੂਦਗੀ ਵਿੱਚ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਦੌਰਾਨ ਗੁਰਨਾਮ ਸਿੰਘ ਛੀਨਾ ਨੂੰ ਬਲਾਕ ਪ੍ਰਧਾਨ ਅਤੇ ਬਲਵਿੰਦਰ ਸਿੰਘ ਢਿੱਲੋਂ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।

