ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪਾਵਰਕੌਮ ਅਤੇ ਟਰਾਂਸਕੋ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਪ੍ਰਸਤਾਵਤ ਬਿਜਲੀ ਸੋਧ ਬਿੱਲ ਦੇ ਖਿਲਾਫ਼ ਪਾਵਰਕੌਮ ਦੇ ਦਫ਼ਤਰ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਤੇ ਬਿਜਲੀ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨਿੱਜੀਕਰਨ ਨੂੰ ਹੁਲਾਰਾ ਦੇ ਕੇ ਪਿਛਲੇ ਕਈ ਸਾਲਾਂ ਤੋਂ ਸੇਵਾ ਕਰ ਰਹੇ ਕੱਚੇ ਮੁਲਾਜ਼ਮਾਂ ਦੇ ਹੱਕ ’ਤੇ ਡਾਕਾ ਮਾਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਮੁਨਾਫ਼ੇ ਲਈ ਕਾਨੂੰਨ ਵਿਚ ਬਦਲਾਅ ਕੀਤਾ ਜਾ ਰਿਹਾ ਹੈ। ਪ੍ਰਸਤਾਵਤ ਬਿੱਲ ਨਾਲ ਆਊਟਸੋਰਸ ਅਤੇ ਠੇਕਾ ਕਰਮਚਾਰੀਆਂ ਦੀ ਨੌਕਰੀ ਖਤਰੇ ਵਿਚ ਪੈ ਜਾਵੇਗੀ। ਇਸ ਤੋਂ ਇਲਾਵਾ ਸੇਵਾਮੁਕਤ ਮੁਲਾਜ਼ਮਾਂ ਅਤੇ ਕਿਸਾਨਾਂ, ਮਜ਼ਦੂਰਾਂ ਦੇ ਹਿੱਤਾਂ ਦੇ ਵੀ ਖਿਲਾਫ਼ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਮੁਲਾਜ਼ਮਾਂ ਨੂੰ ਧਰਨੇ ਪ੍ਰਦਰਸ਼ਨ ਨਹੀਂ ਕਰਨੇ ਪੈਣਗੇ ਕਿਉਂਕਿ ਸਰਕਾਰ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਦੇਵੇਗੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਉਹ ਆਪਣਾ ਕਿਹਾ ਭੁੱਲ ਗਏ। ਮੁਲਾਜ਼ਮ ਲਗਾਤਾਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਵਿਭਾਗ ਵਿਚ ਪੱਕੀ ਭਰਤੀ ਖੋਲ੍ਹੀ ਜਾਵੇ ਅਤੇ ਉਨ੍ਹਾਂ ਨੂੰ ਬਣਦੀਆਂ ਸਰਕਾਰੀ ਸਹੂਲਤਾਂ ਦਿੱਤੀਆਂ ਜਾਣ।
