ਮਨਪ੍ਰੀਤ ਸਿੰਘ
ਮਾਨਸਰ, 21 ਮਾਰਚ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਮਾਨਸਰ ’ਤੇ ਦਿੱਤਾ ਧਰਨਾ 162ਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਦੌਰਾਨ ਕਣਕ ਦੀ ਖਰੀਦ ’ਤੇ ਲਗਾਈਆਂ ਬੇਲੋੜੀਆਂ ਸ਼ਰਤਾਂ ਦਾ ਮੁੱਦਾ ਛਾਇਆ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਆੜ੍ਹਤੀਆਂ ਦੀ ਬਜਾਏ ਕਿਸਾਨਾਂ ਦੇ ਖਾਤਿਆਂ ਵਿਚ ਜਿਨਸਾਂ ਦੀ ਸਿੱਧੀ ਅਦਾਇਗੀ ਕਰਨ, ਕਣਕ ਦੀ ਵਿਕਰੀ ਮੌਕੇ ਜ਼ਮੀਨ ਦੀਆਂ ਫਰਦਾਂ ਵਿਖਾਉਣ ਅਤੇ ਹੋਰ ਅਜਿਹੀਆਂ ਸ਼ਰਤਾਂ ਕਿਸਾਨ ਵਿਰੋਧੀ ਹਨ। ਅਜਿਹਾ ਕਰਕੇ ਸਰਕਾਰ ਜਿਥੇ ਕਿਸਾਨਾਂ ਨੂੰ ਤੰਗ ਕਰ ਕੇ ਸੰਘਰਸ਼ ਨੂੰ ਲੀਹ ਤੋਂ ਲਾਹੁਣਾ ਚਾਹੁੰਦੀ ਹੈ, ਉਥੇ ਹੀ ਕਿਸਾਨਾਂ ਅਤੇ ਆੜ੍ਹਤੀਆਂ ਦੀ ਦਹਾਕਿਆਂ ਪੁਰਾਣੀ ਸਾਂਝ ਨੂੰ ਤੋੜਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਨਾਲ-ਨਾਲ ਅਜਿਹੇ ਕਿਸਾਨ ਵਿਰੋਧੀ ਫੈਸਲਿਆਂ ਦਾ ਵੀ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਕਿਸੇ ਵੀ ਹਾਲਤ ਵਿੱਚ ਇਨ੍ਹਾਂ ਫੈਸਲਿਆਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ ਅਤੇ ਕੇਂਦਰ ਸਰਕਾਰ ਦੇ ਅਜਿਹੇ ਮਾਰੂ ਫੈਸਲਿਆਂ ਅੱਗੇ ਕਿਸਾਨ ਨਹੀਂ ਝੁਕਣਗੇ। ਇਸ ਸਮੇਂ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਜੋਧ ਸਿੰਘ ਕੋਟਲੀ, ਬਲਜੀਤ ਸਿੰਘ ਛੰਨੀਨੰਦ ਸਿੰਘ, ਬਲਕਾਰ ਸਿੰਘ ਮੱਲ੍ਹੀ, ਮਾਸਟਰ ਰੋਸ਼ਨ ਸਿੰਘ, ਸ਼ਮਸ਼ੇਰ ਸਿੰਘ ਲਾਡਪੁਰ, ਡਾ. ਰਾਜੂ, ਵਰਿੰਦਰ ਸਿੰਘ ਮੀਰਪੁਰ, ਸਰਵਨ ਸਿੰਘ ਕੋਟਲੀ, ਕਪੂਰ ਸਿੰਘ ਤੇ ਬਲਦੇਵ ਸਿੰਘ ਆਦਿ ਹਾਜ਼ਰ ਸਨ।
ਰਿਲਾਇੰਸ ਦਫ਼ਤਰ ਅੱਗੇ ਧਰਨਾ ਜਾਰੀ
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਥਾਨਕ ਮਿਨੀ ਸਕੱਤਰੇਤ ਦੇ ਨਜ਼ਦੀਕ ਕਾਰਪੋਰੇਟ ਘਰਾਣਿਆਂ ਦੇ ਦਫ਼ਤਰਾਂ ਬਾਹਰ ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਅੱਜ ਧਰਨੇ ਦੌਰਾਨ ਬੋਲਦਿਆਂ ਕਿਸਾਨ ਆਗੂਆਂ ਗੁਰਮੇਸ਼ ਸਿੰਘ, ਮਾਸਟਰ ਹਰਕੰਵਲ ਸਿੰਘ, ਗੰਗਾ ਪ੍ਰਸਾਦ, ਧਨਪਤ, ਬਲਰਾਜ ਸਿੰਘ, ਬਿਮਲਾ ਦੇਵੀ ਆਦਿ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਹਰ ਵਰਗ ਦੇ ਲੋਕਾਂ ਸਮੇਤ ਔਰਤਾਂ ਵੀ ਵਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 300 ਤੋਂ ਵੱਧ ਕਿਸਾਨ-ਮਜ਼ਦੂਰ ਸ਼ਹੀਦ ਹੋ ਚੁੱਕੇ ਹਨ ਪਰ ਸਰਕਾਰ ਦੇ ਕਿਸੇ ਵੀ ਮੰਤਰੀ ਨੇ ਹਮਦਰਦੀ ਦਾ ਇਕ ਵੀ ਸ਼ਬਦ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਪ੍ਰਤੀ ਸਰਕਾਰ ਵਲੋਂ ਧਾਰੀ ਚੁੱਪੀ ਕੇਂਦਰ ਸਰਕਾਰ ਦੀ ਕੋਈ ਵੱਡੀ ਸਾਜਿਸ਼ ਹੋ ਸਕਦੀ ਹੈ। ਉਨ੍ਹਾਂ ਨੇ ਸਰਕਾਰ ਤੋਂ ਖੇਤੀ ਵਿਰੋਧੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਟਰੈਕਟਰ ਰੈਲੀ ਮੁਲਤਵੀ: ਆਜ਼ਾਦ ਕਿਸਾਨ ਕਮੇਟੀ ਦੋਆਬਾ ਵਲੋਂ ਸੁਤਹਿਰੀ ਰੋਡ ’ਤੇ ਕਾਰਪੋਰੇਟ ਘਰਾਣਿਆਂ ਦੇ ਸ਼ੋਅਰੂਮਾਂ ਬਾਹਰ ਦਿੱਤਾ ਜਾ ਰਿਹਾ ਧਰਨਾ ਅੱਜ 162ਵੇਂ ਦਿਨ ’ਚ ਦਾਖਲ ਹੋ ਗਿਆ। ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ ਸੰਘਾ ਨੇ ਅੱਜ ਧਰਨੇ ਦੌਰਾਨ ਬੋਲਦਿਆਂ ਕਿਹਾ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਜੋ ਟਰੈਕਟਰ ਰੈਲੀ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਉਸ ਨੂੰ ਕੋਵਿਡ ਦੇ ਪ੍ਰਕੋਪ ਨੂੰ ਦੇਖਦੇ ਹੋਏ ਮੁਅੱਤਲ ਕਰ ਦਿੱਤਾ ਗਿਆ ਹੈ। ਇਸੇ ਦਿਨ ਹੁਣ ਸ਼ਹੀਦ ਦੇ ਪਿੰਡ ਖਟਕੜਾਂ ਵਿਖੇ ਪਹੁੰਚ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਸੰਘਰਸ਼ ਦੌਰਾਨ ਅਨੁਸ਼ਾਸਨ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿਚ ਵੀ ਅਨੁਸ਼ਾਸਨ ਕਾਇਮ ਰੱਖਿਆ ਜਾਵੇਗਾ।