
ਕਾਲਜ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੀਸੀਸੀਟੀਯੂ ਦੇ ਮੈਂਬਰ।
ਭਗਵਾਨ ਦਾਸ ਸੰਦਲ
ਦਸੂਹਾ, 4 ਫਰਵਰੀ
ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਦੇ ਸੱਦੇ ’ਤੇ ਜਗਦੀਸ਼ ਚੰਦਰ ਡੀਏਵੀ ਕਾਲਜ ਦਸੂਹਾ ਦੀ ਸਥਾਨਕ ਇਕਾਈ ਵੱਲੋਂ ਕਾਲਜ ਕੈਂਪਸ ਵਿੱਚ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਵਾਲੇ ਰਵੱਈਏ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਸਥਾਨਕ ਯੂਨਿਟ ਦੇ ਪ੍ਰਧਾਨ ਡਾ. ਸੀਤਲ ਸਿੰਘ ਨੇ ਕੀਤੀ। ਇਸ ਮੌਕੇ ਬੁਲਾਰਿਆਂ ਨੇ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦੀ ਸੇਵਾਮੁਕਤੀ ਦੀ ਮਿਆਦ ਘਟਾਉਣ ਦੇ ਫ਼ੈਸਲੇ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਧਰਨੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੂੰ ਇਸ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਡਾ. ਸੀਤਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਯੂਜੀਸੀ ਦੇ ਸੱਤਵੇਂ ਪੇਅ ਕਮਿਸ਼ਨ 2016 ਨੂੰ ਛੇ ਸਾਲ ਦੀ ਦੇਰੀ ਨਾਲ ਲਾਗੂ ਕੀਤਾ ਹੈ, ਜਿਸ ਵਿੱਚ ਅਧਿਆਪਕਾਂ ਦੀ ਸੇਵਾਮੁਕਤੀ 62 ਸਾਲ ਦੀ ਉਮਰ ਵਿੱਚ ਕਰਨ ਦੀ ਬਜਾਏ 58 ਸਾਲ ’ਚ ਕਰਨ ਦੀ ਸ਼ਿਫਾਰਿਸ਼ ਕੀਤੀ ਗਈ ਹੈ, ਜੋ ਕਿ 44 ਸਾਲ ਪੁਰਾਣੇ ਗਰਾਂਟ ਇਨ ਏਡ ਐਕਟ 1979 ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਨਾਦਰਸ਼ਾਹੀ ਫੁਰਮਾਨ ਖ਼ਿਲਾਫ਼ ਜਥੇਬੰਦੀ ਨੇ ਹਰ ਪੱਧਰ ’ਤੇ ਸੰਘਰਸ਼ ਵਿੱਢਣ ਲਈ ਕਮਰਕੱਸ ਲਈ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ