ਸਿੱਖਿਆ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ ’ਤੇ 31,000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿੱਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਵੱਲੋਂ ਅੱਜ ਜਲੰਧਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਦਫਤਰੀ ਮੁਲਾਜ਼ਮਾਂ ਨੇ ਕਿਹਾ ਕਿ ਹਰ ਮਹੀਨੇ ਤਨਖਾਹਾਂ ਕੱਟ ਕੇ ਵੀ ਸਰਕਾਰ ਦਾ ਢਿੱਡ ਨਹੀਂ ਭਰ ਰਿਹਾ। ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਦਫਤਰ ਤੋਂ ਰੋਸ ਮਾਰਚ ਡੀ ਸੀ ਦਫਤਰ ਜਲੰਧਰ ਤੱਕ ਕੀਤਾ ਗਿਆ। ਇਸ ਮੌਕੇ ਏ ਡੀ ਸੀ ਅਮਨਿੰਦਰ ਕੌਰ ਬਰਾੜ ਨੂੰ ਮੰਗ ਪੱਤਰ ਦਿੱਤਾ ਗਿਆ। ਆਗੂਆਂ ਕਿਹਾ ਕਿ ਕੈਬਨਿਟ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਕਈ ਵਾਰ ਅਧਿਕਾਰੀਆ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਕਿਹਾ ਗਿਆ ਸੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਗਿਆ।
ਸਰਵ ਸਿੱਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼ੋਭਿਤ ਭਗਤ, ਗਗਨਦੀਪ ਸ਼ਰਮਾ, ਰਾਜੀਵ ਸ਼ਰਮਾ, ਗਗਨ ਸਿਆਲ ਨੇ ਕਿਹਾ ਕਿ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਣ ਵਾਲੀ ਮੀਟਿੰਗ ਵਿੱਚ ਜੇਕਰ ਤਨਖਾਹ ਕਟੋਤੀ ਦਾ ਆਰਡਰ ਦੇਣ ਸਬੰਧੀ ਕੋਈ ਫੈਸਲਾ ਨਾ ਹੋਇਆ ਤਾਂ ਮੁਲਾਜ਼ਮ ਮੁੱਖ ਮੰਤਰੀ,ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਰਾਂ ਵੱਲ ਗੁਪਤ ਐਕਸ਼ਨ ਕਰਨ ਨੂੰ ਮਜਬੂਰ ਹੋਣਗੇ।

