ਪੱਤਰ ਪ੍ਰੇਰਕ
ਹੁਸ਼ਿਆਰਪੁਰ, 20 ਸਤੰਬਰ
ਮਨਰੇਗਾ ਵਰਕਰਾਂ ਤੇ ਮੇਟਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਇੱਥੇ ਮਨਰੇਗਾ ਵਰਕਰਜ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਮਨਰੇਗਾ ਵਰਕਰ ਤੇ ਮੇਟ ਧਰਨੇ ’ਚ ਸ਼ਾਮਲ ਹੋਏ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਮਲਾ ਦੇਵੀ, ਕੈਸ਼ੀਅਰ ਕਮਲੇਸ਼ ਕੌਰ, ਪ੍ਰੈੱਸ ਸਕੱਤਰ ਦਵਿੰਦਰ ਕੌਰ, ਪਸਸਫ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਧਰਮਿੰਦਰ ਹਾਜੀਪੁਰ, ਸਰਪੰਚ ਯੂਨੀਅਨ ਦੇ ਆਗੂ ਦੀਪਕ ਠਾਕੁਰ ਤੇ ਪੈਨਸ਼ਨਰਜ਼ ਯੂਨੀਅਨ ਦੇ ਮਨਜੀਤ ਸਿੰਘ ਸੈਣੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਤਾਨਾਸ਼ਾਹੀ ਵਾਲੇ ਰਵੱਈਏ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਮਨਰੇਗਾ ਸਕੀਮ ਅਧੀਨ ਕੰਮ ਕਰਦੇ ਵਰਕਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ ਹੈ। ਯੂਨੀਅਨ ਦਾ ਇਕ ਵਫ਼ਦ ਮੁਹਾਲੀ ਵਿੱਚ ਸਟੇਟ ਪ੍ਰੋਗਰਾਮ ਮੈਨੇਜਰ ਨੂੰ ਵੀ ਮਿਲ ਚੁੱਕਿਆ ਹੈ ਪਰ ਕੋਈ ਸੁਣਵਾਈ ਨਹੀਂ ਹੋਈ।
ਯੂਨੀਅਨ ਦੇ ਬਲਾਕ ਪ੍ਰਧਾਨ ਬਲਵਿੰਦਰ ਕੌਰ, ਸੱਤਿਆ ਦੇਵੀ, ਰਕਸ਼ਾ ਦੇਵੀ, ਵਰਿੰਦਰ ਕੌਰ, ਸੁਰਿੰਦਰ ਕੌਰ, ਅਨੀਤਾ ਦੇਵੀ ਤੇ ਪਰਮਜੀਤ ਕੌਰ ਨੇ ਮੰਗ ਕੀਤੀ ਕਿ ਮਨਰੇਗਾ ਵਰਕਰਾਂ ਨੂੰ ਪੂਰਾ ਸਾਲ ਕੰਮ ਦਿੱਤਾ ਜਾਵੇ, ਦਿਹਾੜੀ 600 ਰੁਪਏ ਕੀਤੀ ਜਾਵੇ, ਕਿਸੇ ਵੀ ਮੇਟ ਨੂੰ ਕੰਮ ਤੋਂ ਨਾ ਹਟਾਇਆ ਜਾਵੇ, ਕੰਮ ਤੋਂ ਹਟਾਈਆਂ ਮੇਟਾਂ ਨੂੰ ਬਹਾਲ ਕੀਤਾ ਜਾਵੇ ਅਤੇ ਕੀਤੇ ਕੰਮ ਦੇ ਰਹਿੰਦੇ ਪੈਸੇ ਅਦਾ ਕੀਤੇ ਜਾਣ। ਏਡੀਸੀ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਮੰਗ ਪੱਤਰ ਪ੍ਰਾਪਤ ਕੀਤਾ ਤੇ ਜਥੇਬੰਦੀ ਨੂੰ 28 ਸਤੰਬਰ ਨੂੰ ਮੀਟਿੰਗ ਦਾ ਸਮਾਂ ਦਿੱਤਾ।