ਹਰਪ੍ਰੀਤ ਕੌਰ
ਹੁਸ਼ਿਆਰਪੁਰ, 12 ਸਤੰਬਰ
ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਠੇਕਾ ਮੁਲਾਜ਼ਮਾਂ ਨੇ ਰੈਗੂਲਰ ਕਰਨ ਦੀ ਮੰਗ ਸਬੰਧੀ ਅੱਜ ਇੱਥੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਅਤੇ ਸਿਵਲ ਸਰਜਨ ਡਾ. ਅਮਰਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ। ਯੂਨੀਅਨ ਆਗੂ ਅਨੀਤਾ ਸ਼ਰਮਾ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਠੇਕਾ ਮੁਲਾਜ਼ਮਾਂ ਨੂੰ ਅੱਜ ਤੱਕ ਰੈਗੂਲਰ ਨਹੀਂ ਕੀਤਾ ਗਿਆ। ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾਂ ਉਨ੍ਹਾਂ ਨੂੰ ਧੋਖੇ ਵਿਚ ਰੱਖਿਆ ਅਤੇ ਡੰਗ ਟਪਾਊ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਕਰੋਨਾ ਯੋਧਿਆਂ ਨੂੰ ਪਹਿਲ ਦੇ ਅਧਾਰ ’ਤੇ ਪੱਕਾ ਕੀਤਾ ਜਾਵੇਗਾ ਪਰ ਸੱਤਾ ਵਿੱਚ ਆਉਣ ਤੋਂ ਬਾਅਦ ‘ਆਪ’ ਸਰਕਾਰ ਵੀ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਨੂੰ ਜਲਦੀ ਰੈਗੂਲਰ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਉਮੇਸ਼ ਮਲਿਕ, ਸੁਮੀਤ ਸ਼ਰਮਾ, ਮੀਨੂ ਸੈਣੀ, ਕਿਰਨਦੀਪ ਸੈਣੀ, ਤਰਵਿੰਦਰ ਕੁਮਾਰ, ਸੰਦੀਪ ਸਿੰਘ ਤੇ ਹੋਰ ਹਾਜ਼ਰ ਸਨ।