ਸਫ਼ਾਈ ਸੇਵਕਾਂ ਵੱਲੋਂ ਮਹਿਤਪੁਰ ਵਿੱਚ ਮੁਜ਼ਾਹਰਾ
ਮੰਗਾਂ ਪੂਰੀਆਂ ਨਾ ਹੋਣ ’ਤੇ 24 ਨੂੰ ਪਰਿਵਾਰਾਂ ਸਣੇ ਖਰੜ ਪੁੱਜਣ ਦਾ ਸੱਦਾ
ਸਫ਼ਾਈ ਸੇਵਕ ਯੂਨੀਅਨ ਵੱਲੋਂ ਅੱਜ ਮਹਿਤਪੁਰ ਵਿੱਚ ਵਿਸ਼ਾਲ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਸਮੂਹ ਸਫ਼ਾਈ ਸੇਵਕਾਂ ਅਤੇ ਮਿਉਂਸਿਪਲ ਕਾਮਿਆਂ ਨੂੰ ਆਪਣੀਆਂ ਹੱਕੀ ਮੰਗਾਂ ਲਈ 24 ਜੂਨ ਨੂੰ ਖਰੜ ਵਿੱਚ ਕੀਤੇ ਜਾ ਰਹੇ ਸੂਬਾ ਪੱਧਰੀ ਪ੍ਰਦਰਸ਼ਨ ਵਿੱਚ ਪਰਿਵਾਰਾਂ ਸਮੇਤ ਪਹੁੰਚਣ ਦਾ ਜ਼ੋਰਦਾਰ ਸੱਦਾ ਦਿੱਤਾ ਗਿਆ।
ਬੱਸ ਅੱਡਾ ਮਹਿਤਪੁਰ ਵਿੱਚ ਇਕੱਠੇ ਹੋਏ ਸਫ਼ਾਈ ਕਾਮਿਆਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਸੁਭਾਸ਼ ਬਾਲਮੀਕ ਅਤੇ ਪੱਪੂ ਨੇ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਤਿੱਖੇ ਹਮਲੇ ਕੀਤੇ। ਉਨ੍ਹਾਂ ਸਰਕਾਰ ਨੂੰ ਪਹਿਲੀਆਂ ਰਵਾਇਤੀ ਪਾਰਟੀਆਂ ਦੀ ‘ਕਾਰਬਨ ਕਾਪੀ’ ਕਰਾਰ ਦਿੰਦਿਆਂ ਕਿਹਾ ਕਿ ਚੋਣਾਂ ਵੇਲੇ ਵੱਡੇ-ਵੱਡੇ ਵਾਅਦੇ ਕਰਨ ਵਾਲੀ ‘ਆਪ’ ਸਰਕਾਰ ਹੁਣ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਆਗੂਆਂ ਨੇ ਦੱਸਿਆ ਕਿ ਸਰਕਾਰ ਨੇ ਅਪਰੈਲ ਮਹੀਨੇ ਵਿੱਚ ਸਫ਼ਾਈ ਸੇਵਕਾਂ ਅਤੇ ਠੇਕਾ ਅਧਾਰਿਤ ਕੰਮ ਕਰਦੇ ਮਿਉਂਸਿਪਲ ਕਾਮਿਆਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ; ਪਰ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ ਕਾਮਿਆਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ 24 ਜੂਨ ਨੂੰ ਖਰੜ ਵਿੱਚ ਸੂਬਾਈ ਮੁਜ਼ਾਹਰਾ ਕੀਤਾ ਜਾਵੇਗਾ। ਇਸ ਰੈਲੀ ਨੂੰ ਯੂਨੀਅਨ ਦੇ ਸੂਬਾ ਆਗੂ ਓਮ ਪ੍ਰਕਾਸ਼, ਸਲੀਮ ਮਹਿਤਪੁਰੀ, ਕਮਲ ਕਿਸ਼ੋਰ, ਨਸੀਬ ਚੰਦ, ਕਾਂਤਾ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਵੀ ਸੰਬੋਧਨ ਕਰਦਿਆਂ ਸਫ਼ਾਈ ਕਾਮਿਆਂ ਦੇ ਸੰਘਰਸ਼ ਦਾ ਪੂਰਨ ਸਮਰਥਨ ਕੀਤਾ। ਰੈਲੀ ਦੀ ਸਮਾਪਤੀ ਤੋਂ ਬਾਅਦ ਸਮੂਹ ਮੁਲਾਜ਼ਮਾਂ ਨੇ ਕਸਬੇ ਦੇ ਬਾਜ਼ਾਰਾਂ ਵਿੱਚ ਸਰਕਾਰ ਖ਼ਿਲਾਫ਼ ਰੋਸ ਮਾਰਚ ਵੀ ਕੱਢਿਆ।

