ਪੁਰਾਣੀ ਪੈਨਸ਼ਨ ਬਹਾਲੀ ਲਈ ਕੈਬਨਿਟ ਮੰਤਰੀ ਦੇ ਘਰ ਅੱਗੇ ਧਰਨਾ
ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਸੱਦੇ ’ਤੇ ਅੱਜ ਫਰੰਟ ਦੀ ਜ਼ਿਲ੍ਹਾ ਇਕਾਈ ਜਲੰਧਰ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਧਰਨਾ ਲਗਾ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ। ਧਰਨੇ ਮਗਰੋਂ ਕੈਬਨਿਟ ਮੰਤਰੀ ਦੀ ਗੈਰ-ਮੌਜੂਦਗੀ ’ਚ ਉਨ੍ਹਾਂ ਦੀ ਪਤਨੀ ਅਰੁਣ ਭਗਤ ਨੂੰ ਨਵੰਬਰ 2022 ਵਿਚ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਅਧੂਰਾ ਨੋਟੀਫਿਕੇਸ਼ਨ ਵਾਪਸ ਸੌਪਿਆ ਗਿਆ। ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਸੁਖਵਿੰਦਰਪ੍ਰੀਤ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਵਿਸ਼ਵ ਭਾਨੂੰ ਸ਼ਰਮਾ ਅਤੇ ਵਿੱਤ ਸਕੱਤਰ ਅੰਮ੍ਰਿਤਪਾਲ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ‘ਆਪ’ ਦੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਚੋਣਾਂ ਮੌਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਕੇ ਹੋਰਨਾਂ ਕੀਤੀਆਂ ਗਾਰੰਟੀਆਂ ਵਾਂਗ ਪੁਰਾਣੀ ਪੈਨਸ਼ਨ ਸਕੀਮ ਵੀ ਠੰਢੇ ਬਸਤੇ ਵਿਚ ਪਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੀ ਕੇਂਦਰ ਦੀ ਭਾਜਪਾ ਸਰਕਾਰ ਵਾਂਗ ਯੂਨੀਫਾਈਡ ਪੈਨਸ਼ਨ ਸਕੀਮ ਲਾਗੂ ਕਰਨ ਲਈ ਪੱਬਾਂ ਭਾਰ ਹੋਈ ਪਈ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਧਾਰਨ ਕੀਤੀਆਂ ਮੁਲਾਜ਼ਮ ਤੇ ਲੋਕ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਦਿਆ ਸਮੂੰਹ ਮੁਲਾਜ਼ਮ ਵਰਗ ਨੂੰ ਇਕ ਪਲੇਟ ਫਾਰਮ ’ਤੇ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ।