ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਅੱਜ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਬੰਦੀ ਦੇ ਸਥਾਨਕ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਅਤੇ ਬਘੇਲ ਸਿੰਘ ਨੇ ਕਿਹਾ ਕਿ ਸਰਕਾਰ ਧੱਕੇ ਨਾਲ ਪੰਜਾਬ ਦੇ ਪਿੰਡਾਂ ਉਜਾੜ ਕੇ ਜ਼ਮੀਨ ਐਕੁਆਇਰ ਕਰਨਾ ਚਾਹੁੰਦਾ ਹੈ। ਉਨ੍ਹਾਂ ਜ਼ਮੀਨ ਐਕੁਆਇਰ 2013 ਦੇ ਕਾਨੂੰਨ ਦਾ ਹਵਾਲਾ ਦਿੱਤਾ, ਜਿਸ ਵਿੱਚ ਜ਼ਮੀਨ ਐਕੁਆਇਰ ਕਰਨ ਲਈ 80 ਫੀਸਦ ਪਿੰਡ ਦੇ ਨਾਗਰਿਕ ਦੀ ਸਹਿਮਤੀ ਜ਼ਰੂਰੀ ਹੈ ਪਰ ਇੱਥੇ ਸਰਕਾਰ ਉਸ ਕਾਨੂੰਨ ਨੂੰ ਛਿੱਕੇ ਟੰਗ ਕੇ ਜ਼ਮੀਨਾਂ ’ਤੇ ਕਬਜ਼ਾ ਕਰਨ ਚਾਹੁੰਦੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਨੀਤੀ ਨੂੰ ਲਿਆਉਣ ਤੋ ਪਹਿਲਾਂ ਕੋਈ ਸਰਵੇਖਣ ਨਹੀਂ ਕੀਤਾ ਅਤੇ ਬਿਨਾਂ ਪਿੰਡਾਂ ਦੇ ਲੋਕਾਂ ਦੀ ਸਹਿਮਤੀ ਤੋ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਚੁੱਕਿਆ
ਤਰਨ ਤਾਰਨ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਲਗਾਇਆ ਅਣਮਿਥੇ ਸਮੇਂ ਦਾ ਧਰਨਾ ਪੁਲੀਸ ਅਧਿਕਾਰੀ ਵਲੋਂ ਮੰਗਾਂ ਬਾਰੇ ਵਿਚਾਰ ਕਰਨ ਦਾ ਯਕੀਨ ਦੇਣ ’ਤੇ ਚੁੱਕ ਲਿਆ| ਧਰਨੇ ਵਿੱਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ| ਜਥੇਬੰਦੀ ਦੇ ਆਗੂ ਜਰਨੈਲ ਸਿੰਘ ਨੂਰਦੀ, ਫਤਿਹ ਸਿੰਘ ਪਿੱਦੀ, ਰੇਸ਼ਮ ਸਿੰਘ ਘੁਰਕਵਿੰਡ ਆਦਿ ਦੀ ਅਗਵਾਈ ਵਿੱਚ ਲਗਾਏ ਧਰਨੇ ਵਿੱਚ ਸ਼ਾਮਲ ਮਰਦ-ਔਰਤਾਂ ਨੂੰ ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਸ਼ਕਰੀ ਨੇ ਸੰਬੋਧਨ ਕਰਦਿਆਂ ਪ੍ਰਸ਼ਾਸ਼ਨ ਵਲੋਂ ਪੁਲੀਸ ਅਤੇ ਸਰਕਾਰ ਨਾਲ ਸੰਬੰਧਿਤ ਮਸਲਿਆਂ ਨੂੰ ਲਗਾਤਾਰ ਲਟਕਾਏ ਜਾਣ ਦੀ ਨਿਖੇਧੀ ਕੀਤੀ|