ਸਰਬਜੀਤ ਸਿੰਘ ਗਿੱਲ
ਫਿਲੌਰ, 29 ਜੁਲਾਈ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਅੱਜ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਆਪਣੀਆਂ ਮੰਗਾਂ ਸਬੰਧੀ ਪੱਤਰ ਦੇਣ ਲਈ ਇਕੱਠੇ ਹੋਏ ਮਜ਼ਦੂਰਾਂ ਨੇ ਮੀਂਹ ਦੌਰਾਨ ਧਰਨਾ ਲਗਾ ਦਿੱਤਾ। ਧਰਨਾਕਾਰੀਆਂ ਨੇ ਸ੍ਰੀ ਚੌਧਰੀ ਦੇ ਸਥਾਨਕ ਕੈਂਪ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ, ਸੂਬਾਈ ਆਗੂ ਜਰਨੈਲ ਫਿਲੌਰ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਹੰਸ ਰਾਜ ਪੱਬਵਾ ਤੇ ਚੰਨਣ ਸਿੰਘ ਕੰਦੋਲਾ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ 9 ਤੋਂ 11 ਅਗਸਤ ਤੱਕ ਮੁੱਖ ਮੰਤਰੀ ਦੇ ਸ਼ਹਿਰ ਪਟਿਆਲੇ ’ਚ ਰਾਤ-ਦਿਨ ਦਾ ਧਰਨਾ ਲਾਇਆ ਜਾ ਰਿਹਾ ਹੈ। ਇਸੇ ਦੌਰਾਨ ਮੰਗਾਂ ਮਨਵਾਉਣ ਲਈ ਸਰਕਾਰ ’ਤੇ ਜ਼ੋਰ ਪਾਇਆ ਜਾਵੇਗਾ।
ਆਗੂਆਂ ਨੇ ਕਿਹਾ ਕਿ ਦਿੱਤੇ ਜਾ ਰਹੇ ਮੰਗ ਪੱਤਰਾਂ ਰਾਹੀਂ ਪੰਜਾਬ ਸਰਕਾਰ ਨੂੰ ਯਾਦ ਕਰਵਾਇਆ ਜਾ ਰਿਹਾ ਹੈ ਕਿ ਸਾਢੇ ਚਾਰ ਸਾਲ ਪਹਿਲਾਂ ਕੀਤੇ ਵਾਅਦੇ ਪੂਰੇ ਕੀਤੇ ਜਾਣ। ਇਸੇ ਦੌਰਾਨ ਸੰਸਦ ਮੈਂਬਰ ਦੀ ਗੈਰਹਾਜ਼ਰੀ ’ਚ ਈਓ ਗੁਰਾਇਆ ਨੇ ਮੰਗ ਪੱਤਰ ਵਸੂਲ ਕੀਤਾ।
ਤਰਨ ਤਾਰਨ (ਗੁਰਬਖ਼ਸ਼ਪੁਰੀ): ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਅੱਜ ਇਥੇ ਰੋਸ ਮਾਰਚ ਕਰਕੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਮੰਗ ਪੱਤਰ ਦਿੱਤਾ| ਇਸ ਮੌਕੇ ਚਮਨ ਲਾਲ ਦਰਾਜਕੇ ਅਤੇ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਨੇ ਮਜ਼ਦੂਰਾਂ ਤੇ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਨ, ਬਿਨਾਂ ਗਾਰੰਟੀ ਦੇ ਕਰਜ਼ੇ ਦੇਣ ਦੀ ਵਿਵਸਥਾ ਕਰਨ, ਮਜ਼ਦੂਰਾਂ ਨੂੰ 10-10 ਮਰਲੇ ਦੇ ਰਿਹਾਇਸ਼ੀ ਪਲਾਟ ਦੇਣ, ਮਕਾਨ ਉਸਾਰੀ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦੀ ਮੰਗ ਕੀਤੀ|
ਵਿਧਾਇਕ ਦੀ ਰਿਹਾਇਸ਼ ਅੱਗੇ ਮੰਗ ਪੱਤਰ ਚਿਪਕਾਇਆ
ਗੁਰਦਾਸਪੁਰ (ਜਤਿੰਦਰ ਬੈਂਸ): ਮਜ਼ਦੂਰ ਜਥੇਬੰਦੀਆਂ ਦੇ ਕਾਰਕੁਨਾਂ ਨੇ ਮੰਗਾਂ ਮਨਵਾਉਣ ਲਈ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਰਾਜ ਕੁਮਾਰ, ਪੰਜਾਬ ਖੇਤ ਸਭਾ ਦੇ ਆਗੂ ਬਲਬੀਰ ਸਿੰਘ ਮੱਲੀ, ਮਜ਼ਦੂਰ ਮੁਕਤੀ ਮੋਰਚਾ ਦੇ ਵਿਜੈ ਕੁਮਾਰ ਸੋਹਲ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਗੁਰਦਿਆਲ ਸਿੰਘ ਘੁਮਾਣ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਮਜ਼ਦੂਰ ਜਥੇਬੰਦੀਆਂ ਦੇ ਮੈਂਬਰ ਸਥਾਨਕ ਨਹਿਰੂ ਪਾਰਕ ਵਿੱਚ ਇੱਕਠੇ ਹੋਏ ਅਤੇ ਬਾਅਦ ਵਿੱਚ ਵਿਧਾਇਕ ਦੀ ਰਿਹਾਇਸ਼ ਤੱਕ ਮਾਰਚ ਕੀਤਾ। ਇਸ ਮੌਕੇ ਵਿਧਾਇਕ ਦੀ ਰਿਹਾਇਸ਼ ਮੂਹਰੇ ਗੇਟ ਉੱਤੇ ਮੰਗ ਪੱਤਰ ਚਿਪਕਾ ਕੇ ਮਜ਼ਦੂਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਵੇਲੇ ਪੰਜਾਬ ਸਰਕਾਰ ਨੇ ਮਜ਼ਦੂਰਾਂ ਨਾਲ ਕੀਤੇ ਵਾਅਦੇ ਸਾਢੇ ਚਾਰ ਬੀਤਣ ਬਾਅਦ ਵੀ ਪੂਰੇ ਨਹੀਂ ਕੀਤੇ ਹਨ। ਇਸ ਕਾਰਨ ਮਜ਼ਦੂਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਤੇ ਪਟਿਆਲਾ ਵਿੱਚ ਦਿਨ ਰਾਤ ਦਾ ਧਰਨਾ ਲਾਉਣ ਦਾ ਪ੍ਰੋਗਰਾਮ ਉੱਲੀਕਿਆ ਗਿਆ ਹੈ।