ਪੱਤਰ ਪ੍ਰੇਰਕ
ਹੁਸ਼ਿਆਰਪੁਰ, 22 ਜੂਨ
ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਜੇਲ੍ਹਾਂ ’ਚ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਸ਼ਹਿਰ ’ਚ ਮਾਰਚ ਕੀਤਾ। ਇਸ ਤੋਂ ਪਹਿਲਾਂ ਇਕ ਵਿਸ਼ਾਲ ਇਕੱਠ ਕੀਤਾ ਗਿਆ ਜਿਸ ਨੂੰ ਸਭਾ ਦੇ ਜ਼ਿਲ੍ਹਾ ਕਨਵੀਨਰ ਡਾ. ਤੇਜਪਾਲ, ਪ੍ਰੋ. ਜਗਮੋਹਨ ਸਿੰਘ, ਬੂਟਾ ਸਿੰਘ, ਮਾਸਟਰ ਸ਼ਿੰਗਾਰਾ ਸਿੰਘ ਅਤੇ ਡਾ. ਚਮਨ ਲਾਲ ਵਾਸ਼ਿਸ਼ਟ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਚੋਟੀ ਦੇ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਖਿਲਾਫ਼ ਝੂਠੇ ਕੇਸ ਬਣਾ ਕੇ ਉਨ੍ਹਾਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੁੱਧੀਜੀਵਆਂ ਦੀ ਕੋਈ ਵੀ ਦਲੀਲ ਜਾਂ ਅਪੀਲ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਸਭਾ ਦੇ ਪ੍ਰੈਸ ਸਕੱਤਰ ਬੂਟਾ ਸਿੰਘ ਨੇ ਮੋਦੀ ਸਰਕਾਰ ਲੋਕਾਂ ਨੂੰ ਡਰਾ ਧਮਕਾ ਕੇ ਰਾਜ ਕਰਨ ਦਾ ਰਸਤਾ ਅਖਤਿਆਰ ਕਰ ਰਹੀ ਹੈ ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਵਿਰੁੱਧ ਬੋਲਣ ਵਾਲਿਆਂ ਦੀ ਅਵਾਜ਼ ਨੂੰ ਜਬਰਨ ਬੰਦ ਕਰਵਾ ਕੇ ਉਨ੍ਹਾਂ ’ਤੇ ਝੂਠੇ ਕੇਸ ਬਣਾ ਕੇ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਸਮੂਹ ਜਮਹੂਰੀ ਪਸੰਦ ਲੋਕਾਂ ਨੂੰ ਸਰਕਾਰ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ ਵਿਰੁੱਧ ਲਾਮਬੰਦ ਹੋ ਕੇ ਇਨ੍ਹਾਂ ਗ੍ਰਿਫ਼ਤਾਰੀ ਖਿਲਾਫ਼ ਅਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਇਕੱਠ ਨੂੰ ਸਭਾ ਦੇ ਸੂਬਾ ਜਨਰਲ ਸੱਤਰ ਪ੍ਰੋ. ਜਗਮੋਹਨ ਸਿੰਘ, ਰਾਜਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਬਾਅਦ ਵਿਚ ਡਾ. ਅੰਬੇਦਕਰ ਚੌਕ ਬੱਸ ਸਟੈਂਡ ਤੱਕ ਰੋਸ ਮਾਰਚ ਕੀਤਾ ਗਿਆ।