DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab ਭਰ ’ਚ ਸਫ਼ਾਈ ਕਾਮਿਆਂ ’ਤੇ ਲਾਠੀਚਾਰਜ ਖ਼ਿਲਾਫ਼ ਪ੍ਰਦਰਸ਼ਨ

ਪਠਾਨਕੋਟ ਦੇ ਨਗਰ ਨਿਗਮ ਦਫ਼ਤਰ ਅੱਗੇ ਰੈਲੀ; ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ

  • fb
  • twitter
  • whatsapp
  • whatsapp
featured-img featured-img
ਪਠਾਨਕੋਟ ਵਿੱਚ ਰੋਸ ਰੈਲੀ ’ਚ ਸ਼ਾਮਲ ਸਫਾਈ ਕਰਮਚਾਰੀ ਅਤੇ ਹੋਰ।
Advertisement

ਬਰਨਾਲਾ ਵਿੱਚ ਵਾਲਮੀਕ ਸਮਾਜ ਅਤੇ ਸਫ਼ਾਈ ਕਾਮਿਆਂ ’ਤੇ ਹੋਏ ਪੁਲੀਸ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਪਠਾਨਕੋਟ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਆਲ ਇੰਡੀਆ ਸਫ਼ਾਈ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਨਗਰ ਨਿਗਮ ਦਫ਼ਤਰ ਅੱਗੇ ਰੈਲੀ ਕਰਨ ਮਗਰੋਂ ਕਾਮਿਆਂ ਨੇ ਵਾਲਮੀਕ ਚੌਕ ਵਿੱਚ ਧਰਨਾ ਲਾ ਕੇ ਏ ਪੀ ਕੇ ਰੋਡ ਦੀ ਆਵਾਜਾਈ ਠੱਪ ਕਰ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ ਗਿਆ।

ਯੂਨੀਅਨ ਦੇ ਪੰਜਾਬ ਪ੍ਰਧਾਨ ਰਮੇਸ਼ ਕੱਟੋ ਨੇ ਦੋਸ਼ ਲਾਇਆ ਕਿ ਬਰਨਾਲਾ ਵਿੱਚ ਸ਼ਾਂਤਮਈ ਧਰਨਾ ਦੇ ਰਹੇ ਕਾਮਿਆਂ ਅਤੇ ਔਰਤਾਂ ਉੱਤੇ ਪੁਲੀਸ ਨੇ ਜਬਰੀ ਤਾਕਤ ਦੀ ਵਰਤੋਂ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਐੱਸ ਸੀ/ਐੱਸ ਟੀ ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਜਲਦੀ ਕਾਰਵਾਈ ਨਾ ਹੋਈ ਤਾਂ ਪੰਜਾਬ ਭਰ ਵਿੱਚ ਹੜਤਾਲਾਂ ਅਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਡਰਾਈਵਰ ਯੂਨੀਅਨ ਅਤੇ ਸੀਵਰਮੈਨ ਯੂਨੀਅਨ ਨੇ ਵੀ ਹਮਾਇਤ ਕੀਤੀ।

Advertisement

ਜਲੰਧਰ(ਗੁਰਨੇਕ ਸਿੰਘ ਵਿਰਦੀ): ਸੰਗਰੂਰ ਅਤੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ’ਤੇ ਹੋਏ ਪੁਲੀਸ ਲਾਠੀਚਾਰਜ ਦੇ ਵਿਰੋਧ ਵਿੱਚ ਸਫ਼ਾਈ ਸੇਵਕ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਅੱਜ ਕਰਤਾਰਪੁਰ ਦੇ ਬਾਜ਼ਾਰਾਂ ਵਿੱਚ ਰੋਸ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੁੱਖ ਚੌਕ ਵਿੱਚ ਡੀ ਐੱਸ ਪੀ ਬਰਨਾਲਾ, ਐੱਸ ਐੱਚ ਓ ਬਰਨਾਲਾ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਰੋਸ ਵਜੋਂ ਕਰਤਾਰਪੁਰ ਨਗਰ ਕੌਂਸਲ ਦੇ ਸਫ਼ਾਈ ਸੇਵਕ ਅਤੇ ਹੋਰ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ ਉੱਤੇ ਚਲੇ ਗਏ ਹਨ।

Advertisement

ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਡੀ ਐੱਸ ਪੀ ਅਤੇ ਐੱਸ ਐੱਚ ਓ ਬਰਨਾਲਾ ਖ਼ਿਲਾਫ਼ ਐੱਸ ਸੀ/ਐੱਸ ਟੀ ਐਕਟ ਤਹਿਤ ਕੇਸ ਦਰਜ ਕਰਕੇ ਬਰਖਾਸਤ ਨਹੀਂ ਕੀਤਾ ਜਾਂਦਾ ਅਤੇ ਮਿਊਂਸਿਪਲ ਕਾਮਿਆਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਇਸ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਹੈ।

ਸੁਲਤਾਨਪੁਰ ਲੋਧੀ (ਦੀਪਕ ਧੀਰ): ਬਰਨਾਲਾ ਵਿੱਚ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ’ਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਸਮੂਹ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤਾ। ਦਫ਼ਤਰ ਬਾਹਰ ਇਕੱਠੇ ਹੋਏ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਪ੍ਰਧਾਨ ਸੰਜੀਵ ਘਈ ਨੇ ਆਖਿਆ ਕਿ ਸਫਾਈ ਸੇਵਕ ਪਿਛਲੇ ਕਈ ਮਹੀਨਿਆਂ ਤੋਂ ਪੱਕੇ ਕਰਨ, ਤਨਖਾਹਾਂ ਵਧਾਉਣ ਅਤੇ ਸੁਰੱਖਿਆ ਉਪਕਰਨਾਂ ਦੀ ਮੰਗ ਕਰ ਰਹੇ ਹਨ।

ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਬਰਨਾਲਾ ਦੇ ਸਫਾਈ ਮਜ਼ਦੂਰਾਂ ਉੱਪਰ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਖ਼ਿਲਾਫ਼ ਸ਼ਾਹਕੋਟ ਅਤੇ ਮਲਸੀਆਂ ਵਿੱਚ ਸਫਾਈ ਸੇਵਕਾਂ ਅਤੇ ਮਜ਼ਦੂਰ ਜਥੇਬੰਦੀਆਂ ਨੇ ਰੋਸ ਵਿਖਾਵੇ ਕੀਤੇ। ਰੋਸ ਵਿਖਾਵਿਆਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਨਿਰਮਲ ਸਿੰਘ, ਸੁਖਜਿੰਦਰ ਲਾਲੀ ਅਤੇ ਸਾਬਕਾ ਐੱਮਸੀ ਕਮਲ ਨਾਹਰ ਨੇ ਮੰਗ ਕੀਤੀ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ’ਤੇ ਜਬਰ ਕਰਨ ਵਾਲੇ ਡੀ ਐੱਸ ਪੀ ਅਤੇ ਐੱਸ ਐੱਚ ਓ ਖ਼ਿਲਾਫ਼ ਤੁਰੰਤ ਕੇਸ ਦਰਜ ਕੀਤਾ ਜਾਵੇ। ਇਸੇ ਤਰ੍ਹਾਂ ਨਕੋਦਰ, ਮਹਿਤਪੁਰ ਅਤੇ ਲੋਹੀਆਂ ਖਾਸ ਵਿੱਚ ਸਫਾਈ ਮਜ਼ਦੂਰਾਂ ਵੱਲੋਂ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਮਹਿਤਪੁਰ ਵਿੱਚ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ 17ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ।

ਫਿਲੌਰ (ਸਰਬਜੀਤ ਗਿੱਲ): ਬਰਨਾਲਾ ਵਿੱਚ ਸਫ਼ਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਫਿਲੌਰ ਵਿੱਚ ਸਫ਼ਾਈ ਸੇਵਕਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਘਟਨਾ ਦੀ ਨਿਖੇਧੀ ਕਰਦਿਆਂ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਅਤੇ ਉਨ੍ਹਾਂ ਖ਼ਿਲਾਫ਼ ਐੱਸ ਸੀ/ਐੱਸ ਟੀ ਐਕਟ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ।

ਸਫ਼ਾਈ ਕਾਮਿਆਂ ਦੇ ਹੱਕ ’ਚ ਨਿੱਤਰਿਆ ਦੇਸ਼ ਭਗਤ ਯਾਦਗਾਰ ਕਮੇਟੀ

ਜਲੰਧਰ (ਪੱਤਰ ਪ੍ਰੇਰਕ): ਜਲੰਧਰ ਵਿੱਚ ਸਫ਼ਾਈ, ਸੀਵਰੇਜ ਅਤੇ ਜਲ ਸਪਲਾਈ ਕਾਮਿਆਂ ਵੱਲੋਂ ਕੀਤੀ ਗਈ ਮੁਕੰਮਲ ਹੜਤਾਲ ਅਤੇ ਐਤਵਾਰ ਤੱਕ ਦੇ ਅਲਟੀਮੇਟਮ ਦੀ ਹਮਾਇਤ ਕਰਦਿਆਂ ਦੇਸ਼ ਭਗਤ ਯਾਦਗਾਰ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ ਹੈ। ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਲਿਖਤੀ ਬਿਆਨ ਵਿੱਚ ਕਿਹਾ ਕਿ ਬਰਨਾਲਾ ਵਿੱਚ ਪੁਲੀਸ ਅਧਿਕਾਰੀਆਂ ਵੱਲੋਂ ਔਰਤ ਕਾਮਿਆਂ ਉੱਤੇ ਵਰ੍ਹਾਈਆਂ ਗਈਆਂ ਡਾਂਗਾਂ ਸਾਬਤ ਕਰਦੀਆਂ ਹਨ ਕਿ ਹਾਕਮ ਧਿਰਾਂ ਮਜ਼ਦੂਰਾਂ ਦੇ ਮੁਢਲੇ ਹੱਕ ਖੋਹ ਰਹੀਆਂ ਹਨ। ਆਗੂਆਂ ਨੇ ਆਮ ਆਦਮੀ ਪਾਰਟੀ ਉੱਤੇ ਵਰ੍ਹਦਿਆਂ ਕਿਹਾ ਕਿ ਚੋਣਾਂ ਵੇਲੇ ਕੰਮੀਆਂ ਦੇ ਵਿਹੜੇ ਦੀਆਂ ਗੱਲਾਂ ਕਰਨ ਵਾਲੇ ਹੁਣ ਮਜ਼ਦੂਰਾਂ ਉੱਤੇ ਕਹਿਰ ਢਾਹ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਜ਼ਦੂਰਾਂ ਅਤੇ ਦਿੱਲੀ ਵਿੱਚ ਵਿਦਿਆਰਥੀਆਂ ਉੱਤੇ ਹੋ ਰਿਹਾ ਤਸ਼ੱਦਦ ਇੱਕੋ ਜਿਹਾ ਹੈ, ਜਿਸ ਦਾ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਕਮੇਟੀ ਨੇ ਸਫ਼ਾਈ ਕਾਮਿਆਂ ਨੂੰ ਭਰੋਸਾ ਦਿੱਤਾ ਕਿ ਉਹ ਇਕੱਲੇ ਨਹੀਂ ਹਨ, ਦੇਸ਼ ਭਗਤ ਯਾਦਗਾਰ ਹਾਲ ਅਤੇ ਪੰਜਾਬ ਦੀਆਂ ਸਮੂਹ ਲੋਕ-ਪੱਖੀ ਸੰਸਥਾਵਾਂ ਉਨ੍ਹਾਂ ਦੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ।

ਅਕਾਲੀ ਦਲ ਵੱਲੋਂ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਦੀ ਨਿਖੇਧੀ

ਬਟਾਲਾ (ਦਲਬੀਰ ਸੱਖੋਵਾਲੀਆ): ਸ਼੍ਰੋਮਣੀ ਅਕਾਲੀ ਦਲ ਦੇ ਐੱਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਬਰਨਾਲਾ ਵਿੱਚ ਸਫ਼ਾਈ ਕਾਮਿਆਂ ਅਤੇ ਔਰਤਾਂ ਉੱਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਘਟਨਾ ਲਈ ਜ਼ਿੰਮੇਵਾਰ ਡੀ ਐੱਸ ਪੀ ਅਤੇ ਐੱਸ ਐੱਚ ਓ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਔਰਤਾਂ ਦੇ ਸਤਿਕਾਰ ਦੇ ਵੱਡੇ ਦਾਅਵੇ ਕਰਦੀ ਹੈ, ਪਰ ਹਕੀਕਤ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ, ਪਰ ਸਰਕਾਰ ਪੁਲੀਸ ਰਾਹੀਂ ਜ਼ਬਰ ਢਾਹ ਰਹੀ ਹੈ।

ਅਸ਼ਵਨੀ ਸ਼ਰਮਾ ਨੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ

ਪਠਾਨਕੋਟ ( ਪੱਤਰ ਪ੍ਰੇਰਕ): ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਬਰਨਾਲਾ ਵਿੱਚ ਸ਼ਾਂਤਮਈ ਧਰਨਾ ਦੇ ਰਹੇ ਸਫ਼ਾਈ ਕਾਮਿਆਂ ’ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਪੰਜਾਬ ਭਰ ਵਿੱਚ ਚੱਲ ਰਹੀ ਸਫ਼ਾਈ ਕਾਮਿਆਂ ਦੀ ਹੜਤਾਲ ਦਾ ਪੂਰਨ ਸਮਰਥਨ ਕੀਤਾ। ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਦੋ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਸਫ਼ਾਈ ਕਾਮੇ ਆਪਣੀਆਂ ਮੰਗਾਂ ਲਈ ਹੜਤਾਲ ਉੱਤੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਇਸ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਬੰਧਤ ਮੰਤਰੀਆਂ ਨੂੰ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕੱਢਣ ਦੀ ਬਜਾਏ ਕਾਮਿਆਂ ਉੱਤੇ ਲਾਠੀਆਂ ਵਰ੍ਹਾਉਣਾ ਲੋਕਤੰਤਰ ਦੇ ਖ਼ਿਲਾਫ਼ ਹੈ। ਉਨ੍ਹਾਂ ਮੰਗ ਕੀਤੀ ਕਿ ਬਰਨਾਲਾ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

Advertisement
×