punjab news: ਬਿਜਲੀ ਦੀ ਨਾਕਸ ਸਪਲਾਈ ਖ਼ਿਲਾਫ਼ ਮੁਜ਼ਾਹਰੇ
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ; ਖੇਤੀ ਲੲੀ ਨਿਰਵਿਘਨ ਬਿਜਲੀ ਦੇਣ ਦੀ ਮੰਗ; ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ ਬਾਰਡਰ ਜ਼ੋਨ ਦੇ ਚੀਫ ਇੰਜਨੀਅਰ ਦੇ ਦਫਤਰ ਅੱਗੇ ਧਰਨਾ
ਖੇਤੀ ਮੋਟਰਾਂ ਅਤੇ ਘਰੇਲੂ ਖਪਤਕਾਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ (ਪਾਵਰਕੌਮ) ਦੇ ਬਾਰਡਰ ਜ਼ੋਨ ਚੀਫ਼ ਇੰਜਨੀਅਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਜਥੇਬੰਦੀ ਦੇ ਮੁੱਖ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਲਗਪਗ 31 ਥਾਵਾਂ ’ਤੇ ਪਾਵਰਕੌਮ ਦਫ਼ਤਰਾਂ ਅੱਗੇ ਮੁਜ਼ਾਹਰੇ ਕੀਤੇ ਗਏ ਹਨ।
ਆਗੂਆਂ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਸਿਰਫ਼ ਢਾਈ ਤੋਂ ਚਾਰ ਘੰਟੇ ਹੀ ਬਿਜਲੀ ਮਿਲ ਰਹੀ ਹੈ। ਮੋਰਚੇ ਨੇ ਮੰਗ ਕੀਤੀ ਕਿ ਖੇਤੀ ਲਈ 16 ਘੰਟੇ ਅਤੇ ਘਰਾਂ ਲਈ 24 ਘੰਟੇ ਨਿਰਵਿਘਨ ਬਿਜਲੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਖ਼ਰਾਬ ਟਰਾਂਸਫਾਰਮਰ 24 ਘੰਟਿਆਂ ਵਿੱਚ ਬਦਲਣ, ਜਬਰੀ ਸਮਾਰਟ ਮੀਟਰ ਲਾਉਣੇ ਬੰਦ ਕਰਨ, 10% ਜੁਰਮਾਨੇ ਵਾਲੇ ਬਿੱਲ ਰੱਦ ਕਰਨ, ਬਿਜਲੀ ਦੇ ਨਿੱਜੀਕਰਨ ਦੀ ਨੀਤੀ ਵਾਪਸ ਲੈਣ ਅਤੇ ਖਾਲੀ ਅਸਾਮੀਆਂ ਤੁਰੰਤ ਭਰਨ ਦੀ ਮੰਗ ਕੀਤੀ ਗਈ। ਉਨ੍ਹਾਂ ਪ੍ਰਾਈਵੇਟ ਠੇਕੇਦਾਰਾਂ ਰਾਹੀਂ ਕਰਵਾਏ ਜਾ ਰਹੇ ਗ਼ੈਰਮਿਆਰੀ ਕੰਮਾਂ ’ਤੇ ਵੀ ਸਵਾਲ ਚੁੱਕੇ। ਧਰਨੇ ਦੌਰਾਨ ਬਾਰਡਰ ਜ਼ੋਨ ਦੇ ਚੀਫ਼ ਅਧਿਕਾਰੀ ਨੇ ਕਿਸਾਨਾਂ ਦੇ ਮੰਚ ’ਤੇ ਪਹੁੰਚ ਕੇ ਭਰੋਸਾ ਦਿੱਤਾ ਕਿ ਖੇਤੀ ਲਈ ਰੋਜ਼ਾਨਾ 8 ਘੰਟੇ ਬਿਜਲੀ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਸਥਾਨਕ ਸਮੱਸਿਆਵਾਂ ਲਈ 10 ਜੁਲਾਈ ਅਤੇ ਸੂਬਾ ਪੱਧਰੀ ਮੰਗਾਂ ਸਬੰਧੀ ਪਾਵਰਕੌਮ ਮੈਨੇਜਮੈਂਟ ਨਾਲ 15 ਜੁਲਾਈ ਨੂੰ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ। ਮੋਰਚੇ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਤੁਰੰਤ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਜਲੰਧਰ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੈਂਬਰਾਂ ਨੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਦੀ ਮੰਗ ਨੂੰ ਲੈ ਕੇ ਜਲੰਧਰ ਵਿਖੇ ਪਾਵਰਕੌਮ ਦੇ ਮੁੱਖ ਇੰਜੀਨੀਅਰ (ਉੱਤਰੀ) ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ। ਯੂਨੀਅਨ ਆਗੂਆਂ ਮਨਦੀਪ ਸਿੰਘ ਸਮਰਾ ਅਤੇ ਮੁਕੇਸ਼ ਚੰਦਰ ਨੇ ਦੋਸ਼ ਲਾਇਆ ਕਿ ਸਰਕਾਰ ਦੇ 8 ਘੰਟੇ ਬਿਜਲੀ ਦੇ ਵਾਅਦੇ ਦੇ ਉਲਟ ਪਿਛਲੇ 10 ਦਿਨਾਂ ਤੋਂ ਸਿਰਫ਼ 3-4 ਘੰਟੇ ਹੀ ਬਿਜਲੀ ਮਿਲ ਰਹੀ ਹੈ। ਇਸ ਨਾਲ ਸਿੰਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਕਿਸਾਨ ਮਹਿੰਗਾ ਡੀਜ਼ਲ ਫੂਕਣ ਲਈ ਮਜਬੂਰ ਹਨ। ਮੁੱਖ ਇੰਜਨੀਅਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਪਲਾਈ ਸੁਧਾਰਨ ਦੇ ਯਤਨ ਜਾਰੀ ਹਨ ਅਤੇ ਮੀਂਹ ਪੈਣ ਮਗਰੋਂ ਸਥਿਤੀ ਠੀਕ ਹੋ ਜਾਵੇਗੀ। ਹਾਲਾਂਕਿ ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਮੀਂਹ ਵਿਭਾਗ ਦੀ ਜ਼ਿੰਮੇਵਾਰੀ ਦਾ ਬਦਲ ਨਹੀਂ ਹੋ ਸਕਦਾ। ਮੀਟਿੰਗ ਵਿੱਚ ਉਪ ਪ੍ਰਧਾਨ ਮੇਜਰ ਸਿੰਘ ਸਮੇਤ ਕਈ ਕਿਸਾਨ ਹਾਜ਼ਰ ਸਨ।
ਸ਼ਾਹਕੋਟ (ਪੱਤਰ ਪ੍ਰੇਰਕ): ਖੇਤੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਦੀ ਅਗਵਾਈ ਹੇਠ ਕਿਸਾਨਾਂ ਨੇ ਪਾਵਰਕੌਮ ਮਲਸੀਆਂ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਰਣਜੀਤ ਸਿੰਘ ਅਲ੍ਹੀਵਾਲ ਅਤੇ ਲਖਵੀਰ ਸਿੰਘ ਕੰਗ ਨੇ ਕਿਹਾ ਕਿ ਬਿਜਲੀ ਦੀ ਮਾੜੀ ਸਪਲਾਈ ਕਾਰਨ ਝੋਨੇ ਦੀ ਲੁਆਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਅਤੇ ਹੋਰ ਫ਼ਸਲਾਂ ਦਾ ਵੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਪਾਵਰਕੌਮ ਦੇ ਐੱਸ ਡੀ ਓ ਨੂੰ ਮੰਗ ਪੱਤਰ ਸੌਂਪ ਕੇ ਖੇਤੀ ਲਈ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਦੇਣ ਦੀ ਮੰਗ ਕੀਤੀ।
ਪੱਕੇ ਮੋਰਚੇ ’ਤੇ ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਤਰਨ ਤਾਰਨ (ਗੁਰਬਖਸ਼ਪੁਰੀ): ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਤਬਦੀਲ ਕਰਨ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਕਿਸਾਨ
ਜਥੇਬੰਦੀਆਂ ਵੱਲੋਂ ਲਾਏ ਪੱਕੇ ਮੋਰਚੇ ਦੇ 41ਵੇਂ ਦਿਨ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਇਸ ਮੌਕੇ ਹਰਜਿੰਦਰ ਸਿੰਘ ਟਾਂਡਾ, ਦਲਜੀਤ ਸਿੰਘ ਦਿਆਲਪੁਰਾ ਅਤੇ ਹੋਰ ਆਗੂਆਂ ਨੇ ਦੋਸ਼ ਲਾਇਆ ਕਿ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ 8 ਘੰਟੇ ਦੀ ਬਜਾਏ ਮਹਿਜ਼ 4 ਘੰਟੇ ਬਿਜਲੀ ਮਿਲ ਰਹੀ ਹੈ, ਜਦਕਿ ਘਰਾਂ ਵਿੱਚ ਵੀ 6-6 ਘੰਟੇ ਦੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ। ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਵਾਅਦੇ ਭੁੱਲ ਕੇ ਸਿਰਫ਼ ਮੀਡੀਆ ਰਾਹੀਂ ਪ੍ਰਚਾਰ ਕਰ ਰਹੀ ਹੈ ਅਤੇ ਹੱਕ ਮੰਗਦੇ ਲੋਕਾਂ ’ਤੇ ਪੁਲੀਸ ਤਸ਼ੱਦਦ ਕਰਵਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਖੰਡ ਮਿੱਲ ਦੀ ਮਾਲਕੀ ਕਿਸੇ ਹੋਰ ਵਿਭਾਗ ਨੂੰ ਤਬਦੀਲ ਨਹੀਂ ਹੋਣ ਦਿੱਤੀ ਜਾਵੇਗੀ। ਕਿਸਾਨਾਂ ਨੇ ਸਰਕਾਰ ਪਾਸੋਂ ਮਾਲਕੀ ਤਬਦੀਲ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕਰਨ ਦੀ ਪੁਰਜ਼ੋਰ ਮੰਗ ਕੀਤੀ।
ਕਿਸਾਨਾਂ ਵਲੋਂ ਐਕਸੀਅਨ ਦਫਤਰ ਅੱਗੇ ਨਾਅਰੇਬਾਜ਼ੀ਼
ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਗੜ੍ਹਸ਼ੰਕਰ ਵਿਖੇ ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਅਤੇ ‘ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕਿਸਾਨਾਂ ਨੇ ਸਰਕਾਰ ਅਤੇ ਪਾਵਰਕੌਮ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਸੂਬਾ ਪ੍ਰਧਾਨ ਜਸਵੰਤ ਸਿੰਘ ਭੱਠਲ ਅਤੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਝੋਨੇ ਦੀ ਲੁਆਈ ਦੇ ਚੱਲ ਰਹੀ ਹੈ ਪਰ ਬਿਜਲੀ ਸਪਲਾਈ ਬੇਹੱਦ ਨਾਕਸ ਹੈ, ਜਿਸ ਕਾਰਨ ਕਿਸਾਨ ਮਹਿੰਗਾ ਡੀਜ਼ਲ ਫੂਕਣ ਲਈ ਮਜਬੂਰ ਹਨ। ਇਸ ਦੌਰਾਨ ਸਥਾਨਕ ਐਕਸੀਅਨ ਨੇ ਧਰਨੇ ਵਿੱਚ ਪਹੁੰਚ ਕੇ ਜਲਦ ਹੀ ਨਿਰਵਿਘਨ ਸਪਲਾਈ ਬਹਾਲ ਕਰਨ ਦਾ ਭਰੋਸਾ ਦਿੱਤਾ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇ ਅਗਲੇ 24 ਘੰਟਿਆਂ ਵਿੱਚ ਬਿਜਲੀ ਸਪਲਾਈ ਦਰੁਸਤ ਨਾ ਕੀਤੀ ਗਈ, ਤਾਂ ਬੰਗਾ ਚੌਕ ਵਿੱਚ ਚੱਕਾ ਜਾਮ ਕੀਤਾ ਜਾਵੇਗਾ।
ਸਰਕਾਰ ਦੀ ਵਾਅਦਾਖ਼ਿਲਾਫੀ ਕਾਰਨ ਕਿਸਾਨ ਸੜਕਾਂ ’ਤੇ ਉੱਤਰੇ: ਧਾਲੀਵਾਲ
ਫਗਵਾੜਾ (ਪੱਤਰ ਪ੍ਰੇਰਕ): ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬਿਜਲੀ ਸੰਕਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 24 ਘੰਟੇ ਬਿਜਲੀ ਦੇ ਦਾਅਵੇ ਕਰਨ ਵਾਲੀ ਸਰਕਾਰ ਕਿਸਾਨਾਂ ਨੂੰ 8 ਘੰਟੇ ਸਪਲਾਈ ਦੇਣ ਤੋਂ ਵੀ ਮੁੱਕਰ ਗਈ ਹੈ, ਜਿਸ ਕਾਰਨ ਕਿਸਾਨ ਤੇ ਲੋਕ ਸੜਕਾਂ ’ਤੇ ਉਤਰ ਰਹੇ ਹਨ। ਸੂਬੇ ਵਿੱਚ ਬਿਜਲੀ ਦੀ ਮੰਗ ਰਿਕਾਰਡ 16,940 ਮੈਗਾਵਾਟ ਤੱਕ ਪਹੁੰਚ ਚੁੱਕੀ ਹੈ ਅਤੇ ਅਣਐਲਾਨੇ ਕੱਟਾਂ ਕਾਰਨ ਫੈਕਟਰੀਆਂ ਬੰਦ ਹੋਣ ਦੀ ਨੌਬਤ ਹੈ। ਵਿਧਾਇਕ ਨੇ ਮੰਗ ਕੀਤੀ ਕਿ ਸਰਕਾਰ ਬਿਜਲੀ ਸੰਕਟ ਅਤੇ ਮਹਿੰਗੀ ਬਿਜਲੀ ਖ਼ਰੀਦ 'ਤੇ ਵਾਈਟ ਪੇਪਰ ਜਾਰੀ ਕਰੇ।
