ਪੁਰਾਣੀ ਪੈਨਸ਼ਨ ਬਹਾਲੀ ਲਈ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੰਜਾਬ ਅਤੇ ਸੀ ਪੀ ਐੱਫ਼ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਐੱਨ ਪੀ ਐੱਸ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸਥਾਨਕ ਤਹਿਸੀਲ ਕੰਪਲੈਕਸ ਮੂਹਰੇ ਇਕੱਤਰ ਵੱਡੀ ਗਿਣਤੀ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ...
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੰਜਾਬ ਅਤੇ ਸੀ ਪੀ ਐੱਫ਼ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਐੱਨ ਪੀ ਐੱਸ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸਥਾਨਕ ਤਹਿਸੀਲ ਕੰਪਲੈਕਸ ਮੂਹਰੇ ਇਕੱਤਰ ਵੱਡੀ ਗਿਣਤੀ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਸੂਬਾ ਕਨਵੀਨਰ ਜਸਵੀਰ ਤਲਵਾੜਾ, ਵਿੱਤ ਸਕੱਤਰ ਵਰਿੰਦਰ ਵਿੱਕੀ, ਆਈਟੀ ਇੰਚਾਰਜ ਸੱਤ ਪ੍ਰਕਾਸ਼, ਨਰੇਸ਼ ਮਿੱਡਾ, ਮਨਜੀਤ ਸਿੰਘ ਸੈਣੀ, ਰਾਜੀਵ ਸ਼ਰਮਾ, ਸ਼ਸ਼ੀਕਾਂਤ, ਪਿੰਕੀ ਬਡਿਆਲ ਆਦਿ ਨੇ ਪੰਜਾਬ ਸਰਕਾਰ ’ਤੇ ਚੋਣਾਂ ’ਚ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ। ਸਾਲ 2022 ’ਚ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦਾ ਜਿਹੜਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਸਰਕਾਰ ਉਸ ਨੂੰ ਆਪਣੇ ਚਾਰ ਸਾਲਾਂ ਦੇ ਕਾਰਜਕਾਲ ’ਚ ਪੂਰਾ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ। ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਚੁੱਪ ਨੇ ਐੱਨ ਪੀ ਐੱਸ ਮੁਲਾਜ਼ਮਾਂ ’ਚ ਰੋਹ ਪੈਦਾ ਕੀਤਾ ਹੈ। ਇਸੇ ਕੜੀ ਤਹਿਤ ਅੱਜ ਪੰਜਾਬ ਭਰ ’ਚ ਬਲਾਕ ਪੱਧਰ ’ਤੇ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ।
ਫਗਵਾੜਾ (ਜਸਬੀਰ ਸਿੰਘ ਚਾਨਾ): ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਅੱਜ ਮੁੱਖ ਮੰਤਰੀ ਦਾ ਪੁਤਲਾ ਤੇ ਅਰਥੀ ਫੂਕ ਕੇ ਸੈਂਕੜਿਆਂ ਅਧਿਆਪਕਾਂ ਤੇ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਚੋਣ ਵਾਅਦੇ ਨੂੰ ਲਾਗੂ ਕਰਨ ’ਚ ਨਾਕਾਮ ਰਹੀ ਹੈ। ਗੱਲਬਾਤ ਕਰਦਿਆਂ ਜਸਬੀਰ ਸੈਣੀ, ਹਰਸਿਮਰਨ ਸਿੰਘ, ਜਸਬੀਰ ਭੰਗੂ, ਸਤਵੰਤ ਟੂਰਾ, ਪਰਮਿੰਦਰ ਪਾਲ ਸਿੰਘ, ਗੁਰਮੁੱਖ ਲੋਕਪ੍ਰਮੀ ਅਤੇ ਦਲਜੀਤ ਸੈਣੀ ਸਮੇਤ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਅਜੇ ਤੱਕ ਪੂਰੀ ਤਰ੍ਹਾਂ ਲਾਗੂ ਨਹੀਂ ਹੋ ਸਕਿਆ। ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐੱਨ ਪੀ ਐੱਸ ਕਰਮਚਾਰੀ ਵਿਧਾਨ ਸਭਾ ਵੱਲ ਮਾਰਚ ਕਰਨਗੇ। ਇਸ ਸਬੰਧੀ ਬਲਾਕ ਪੱਧਰ ’ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਅੱਜ ਹੁਸ਼ਿਆਰਪੁਰ ਵਿੱਚ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਅਧਿਆਪਕ ਅਤੇ ਕਰਮਚਾਰੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਅਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਮਹਿਰਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ।

