ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਅਤੇ ਵੋਟਰ ਸੂਚੀਆਂ ਨਾਲ ਜੁੜੇ ਮੁੱਦਿਆਂ ’ਤੇ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਪੰਜਾਬ ਦੇ ਸਹਿ-ਇੰਚਾਰਜ ਸੂਰਜ ਸਿੰਘ ਠਾਕੁਰ ਦੀ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਕਾਂਗਰਸ ਵੱਲੋਂ ਨਾਵਲਟੀ ਚੌਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਚੋਣ ਕਮਿਸ਼ਨ ਦੇ ਪੁਤਲੇ ਫੂਕੇ ਗਏ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੋਟਰਾਂ ਦੇ ਹੱਕਾਂ, ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਲਈ ਨਾਅਰੇਬਾਜ਼ੀ ਕੀਤੀ।
ਸੂਰਜ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ‘ਵੋਟ ਚੋਰੀ’ ਬਾਰੇ ਜੋ ਸਵਾਲ ਉਠਾਏ ਗਏ ਸਨ, ਚੋਣ ਕਮਿਸ਼ਨ ਦੇ ਅੰਦਰੋਂ ਸਾਹਮਣੇ ਆਏ ਇਹ ਇਤਰਾਜ਼ ਉਨ੍ਹਾਂ ਸਵਾਲਾਂ ਨੂੰ ਹੋਰ ਗੰਭੀਰ ਬਣਾਉਂਦੇ ਹਨ। 14 ਇਤਰਾਜ਼ ਆਪਣੇ ਆਪ ਵਿੱਚ ਵੋਟ ਚੋਰੀ ਦਾ ਕਾਨੂੰਨੀ ਸਬੂਤ ਨਹੀਂ ਹਨ, ਪਰ ਇਹ ਜ਼ਰੂਰ ਮੰਗ ਕਰਦੇ ਹਨ ਕਿ ਚੋਣ ਕਮਿਸ਼ਨ ਦੇਸ਼ ਦੇ ਸਾਹਮਣੇ ਇਨ੍ਹਾਂ ਸਾਰੇ ਸਵਾਲਾਂ ਦਾ ਸਪੱਸ਼ਟ ਜਵਾਬ ਦੇਵੇ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਵੋਟ ਕਿਸੇ ਪਾਰਟੀ ਦੀ ਜਾਇਦਾਦ ਨਹੀਂ, ਹਰ ਨਾਗਰਿਕ ਦਾ ਲੋਕਤੰਤਰੀ ਹੱਕ ਹੈ। ਵੋਟ ਦੀ ਰਾਖੀ ਹੀ ਲੋਕਤੰਤਰ ਦੀ ਰਾਖੀ ਹੈ ਅਤੇ ਇਸ ਹੱਕ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੇ ਦੋ ਮੈਂਬਰਾਂ ਵੱਲੋਂ ਪਿਛਲੇ 10 ਮਹੀਨਿਆਂ ਦੌਰਾਨ ਘੱਟੋ-ਘੱਟ 14 ਵਾਰ ਲਿਖਤੀ ਇਤਰਾਜ਼ ਦਰਜ ਕੀਤੇ ਜਾਣਾ ਬੇਹੱਦ ਗੰਭੀਰ ਮਾਮਲਾ ਹੈ। ਰਿਪੋਰਟਾਂ ਮੁਤਾਬਕ ਇਹ ਇਤਰਾਜ਼ ਵੋਟਰਾਂ ਦੇ ਨਾਮ ਜੋੜਨ-ਹਟਾਉਣ, ਵੋਟਰ ਡੇਟਾਬੇਸ ਤੱਕ ਪਹੁੰਚ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਕਈ ਅਹਿਮ ਮਾਮਲਿਆਂ ਬਾਰੇ ਸਨ। ਸਾਬਕਾ ਮੰਤਰੀ ਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਚੋਣ ਕਮਿਸ਼ਨ ਕਿਸੇ ਸਰਕਾਰ ਜਾਂ ਸਿਆਸੀ ਪਾਰਟੀ ਦੀ ਜਾਇਦਾਦ ਨਹੀਂ, ਸਗੋਂ ਦੇਸ਼ ਦੇ ਲੋਕਤੰਤਰ ਦੀ ਸੰਵਿਧਾਨਕ ਸੰਸਥਾ ਹੈ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਜ਼ਿਲ੍ਹਾ ਕਾਂਗਰਸ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਨੂੰ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਖਿਲਾਫ਼ ਐੱਫ ਆਈ ਆਰ ਦਰਜ ਕਰਨ ਦੀ ਮੰਗ ਲਈ ਡੀ ਸੀ ਦਫ਼ਤਰ ਹੁਸ਼ਿਆਰਪੁਰ ਦੇ ਬਾਹਰ ਮੁਜ਼ਾਹਰਾ ਕੀਤਾ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਨੇ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਨੇ ਚੋਣ ਪ੍ਰਕਿਰਿਆ ਨੂੰ ਖਰਾਬ ਕੀਤਾ ਅਤੇ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੋਟਰ ਸੂਚੀਆਂ ਵਿੱਚੋਂ ਨਾਂਅ ਕੱਟ ਕੇ 13.8 ਕਰੋੜ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਗਿਲਜੀਆਂ ਨੇ ਕਿਹਾ ਕਿ ਵੋਟਾਂ ਕੱਟਣ ਦਾ ਇਹ ਅੰਕੜਾ ਦੇਸ਼ ਦੇ ਕੁੱਲ ਵੋਟਰਾਂ ਦਾ ਲਗਭਗ 15 ਫ਼ੀਸਦੀ ਬਣਦਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਵੋਟ ਦਾ ਅਧਿਕਾਰ ਚੋਣਵੇਂ ਲੋਕਤੰਤਰ ਦੀ ਬੁਨਿਆਦ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜਿਨ੍ਹਾਂ ਵੋਟਰਾਂ ਦੇ ਨਾਂਅ ਕੱਟੇ ਗਏ ਹਨ, ਉਨ੍ਹਾਂ ਨੂੰ ਆਪਣਾ ਪੱਖ ਰੱਖਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਰਾਖੀ ਕਰਨ ਦਾ ਢੁੱਕਵਾਂ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਸਲੇ ਨੇ ਭਾਰਤ ਦੀ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਦਾ ਪੁਤਲਾ ਵੀ ਸਾੜਿਆ
ਤਰਨ ਤਾਰਨ (ਗੁਰਬਖਸ਼ਪੁਰੀ): ਚੋਣ ਪ੍ਰਕਿਰਿਆ ਦੌਰਾਨ ‘ਵੋਟ ਚੋਰੀ’ ਕਰਵਾਉਣ ਲਈ ਕਥਿਤ ਤੌਰ ’ਤੇ ਜ਼ਿੰਮੇਵਾਰ ਭੂਮਿਕਾ ਨਿਭਾਉਣ ਵਾਲੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਲਈ ਅੱਜ ਇੱਥੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਸੂਰਜ ਠਾਕੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨਾ ਦਿੱਤਾ ਗਿਆ। ਇਸ ਮੌਕੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਵੀ ਸਾੜਿਆ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਹਰਮਿੰਦਰ ਸਿੰਘ ਗਿੱਲ, ਸੁਖਪਾਲ ਸਿੰਘ ਭੁੱਲਰ, ਇੰਦਰਬੀਰ ਸਿੰਘ ਬੁਲਾਰੀਆ (ਸਾਬਕਾ ਵਿਧਾਇਕ), ਕਰਨਬੀਰ ਸਿੰਘ ਬੁਰਜ, ਸੰਗਰਾਮ ਸਿੰਘ ਸਿੱਕੀ ਸਮੇਤ ਹੋਰਨਾਂ ਨੇ ਵੀ ਧਰਨਕਾਰੀਆਂ ਨੂੰ ਸੰਬੋਧਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਸੂਰਜ ਠਾਕੁਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੋਟ ਚੋਰੀ ਕਰਕੇ ਲੋਕਤੰਤਰ ਦਾ ਕਤਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਲੋਕਤੰਤਰ ਨਾਲ ਖਿਲਵਾੜ ਕਰਕੇ ਭਾਰਤੀ ਜਨਤਾ ਪਾਰਟੀ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਇਸ ਵਿਚ ਸ਼ਾਮਲ ਹੋਰਨਾਂ ਵਿਅਕਤੀਆਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ।

