ਅਮਰੀਕਾ ਨਾਲ ਵਪਾਰ ਸਮਝੌਤਿਆਂ ਦੇ ਵਿਰੋਧ ’ਚ ਪ੍ਰਦਰਸ਼ਨ
ਕਿਸਾਨਾਂ ਨੇ ਮਹਿੰਗਾੲੀ ਤੇ ਹੋਰ ਮੰਗਾਂ ਲੲੀ ਪਿੰਡਾਂ ’ਚ ਝੰਡਾ ਮਾਰਚ
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਹੇਠ ਫਤਹਿਗੜ੍ਹ ਚੂੜੀਆਂ ਬਿਜਲੀ ਘਰ ਤੋਂ ਘਣੀਏ ਕੇ ਬਾਂਗਰ ਤੱਕ ਵੱਖ-ਵੱਖ ਪਿੰਡਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਝੰਡਾ ਮਾਰਚ ਕੱਢਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਦੇਸ਼ ਵਿੱਚ ਆਰਥਿਕ ਸੰਕਟ ਮੰਡਰਾ ਰਿਹਾ ਹੈ, ਪਰ ਕੇਂਦਰ ਸਰਕਾਰ ਜੰਗ ਦਾ ਬਹਾਨਾ ਬਣਾ ਕੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਲੱਦ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਵੱਡੀਆਂ ਛੋਟਾਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਤੇਲ, ਪੈਟਰੋਲ ਅਤੇ ਐੱਲ ਪੀ ਜੀ ਗੈਸ ਦੀਆਂ ਕੀਮਤਾਂ ਅਸਮਾਨੀ ਚੜ੍ਹਨ ਕਾਰਨ ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਖਾਸ ਕਰ ਡੀਜ਼ਲ ਦੇ ਰੇਟ ਵਧਣ ਨਾਲ ਖੇਤੀਬਾੜੀ ਸੈਕਟਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਜਿਸ ਨਾਲ ਕਿਸਾਨਾਂ ਦਾ ਆਰਥਿਕ ਸੰਕਟ ਹੋਰ ਡੂੰਘਾ ਹੋਵੇਗਾ। ਆਗੂਆਂ ਨੇ ਕਿਹਾ ਕਿ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਭਾਰਤ ਸਰਕਾਰ ਨੇ ਆਮ ਖਪਤਕਾਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ।
ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਚਿਤੌੜਗੜ੍ਹ ਨੇ ਦੱਸਿਆ ਕਿ ਡੀਜ਼ਲ-ਪੈਟਰੋਲ ਦੀ ਮਹਿੰਗਾਈ, ਯੂਰੀਆ ਦੀ ਕਿੱਲਤ, ਬਿਜਲੀ ਤੇ ਬੀਜ ਬਿੱਲ, ਅਮਰੀਕੀ ਦਬਾਅ ਹੇਠ ਕੀਤੀ ਜਾ ਰਹੀ ‘ਫ੍ਰੀ ਟਰੇਡ ਡੀਲ’ ਅਤੇ ਮਨਰੇਗਾ ਸਕੀਮ ਨੂੰ ਖਤਮ ਕਰਨ ਦੀਆਂ ਨੀਤੀਆਂ ਖਿਲਾਫ ਕਿਸਾਨਾਂ ਵਿੱਚ ਭਾਰੀ ਰੋਸ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ (ਡਕੌਂਦਾ) ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸੇ ਸਬੰਧ ਵਿੱਚ ਪਿੰਡਾਂ ਵਿੱਚ ਮੀਟਿੰਗਾਂ ਅਤੇ ਝੰਡਾ ਮਾਰਚ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਅਜੀਤ ਸਿੰਘ ਖੋਖਰ, ਨਿਸ਼ਾਨ ਸਿੰਘ, ਸਾਹਿਬ ਸਿੰਘ, ਬੂਰ ਸਿੰਘ ਠੱਠਾ, ਬਾਬਾ ਪ੍ਰਕਾਸ਼ ਸਿੰਘ ਵੀਲਾ ਅਤੇ ਗੁਰਨਾਮ ਸਿੰਘ ਚਿਤੌੜਗੜ੍ਹ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਦਾ ਪੱਕਾ ਮੋਰਚਾ ਜਾਰੀ
ਤਰਨ ਤਾਰਨ (ਗੁਰਬਖ਼ਸ਼ਪੁਰੀ): ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਹੋਰਨਾਂ ਵਿਭਾਗਾਂ ਨੂੰ ਤਬਦੀਲ ਕਰਨ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੁਰੂ ‘ਪੱਕਾ ਮੋਰਚਾ’ ਅੱਜ 34ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਜਿੰਦਰ ਸਿੰਘ ਟਾਂਡਾ, ਮਨਜੀਤ ਸਿੰਘ ਬੱਗੂ ਅਤੇ ਮਹਾਂਵੀਰ ਸਿੰਘ ਗਿੱਲਨੇ ਕੇਂਦਰ ਸਰਕਾਰ ਨੂੰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਨਾ ਕਰਨ ਦੀ ਅਪੀਲ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਝੌਤੇ ਨਾਲ ਦੇਸ਼ ਦੀ ਕਿਸਾਨੀ ਅਤੇ ਸਹਾਇਕ ਧੰਦਿਆਂ ਦਾ ਭਾਰੀ ਨੁਕਸਾਨ ਹੋਵੇਗਾ। ਕਿਸਾਨ ਆਗੂਆਂ ਨੇ ਸੂਬਾ ਸਰਕਾਰ ਵੱਲੋਂ ਨਹਿਰਾਂ ਦੇ ਕਿਨਾਰੇ ਪੱਕੇ ਕਰਨ ਵਿੱਚ ਦਿਖਾਈ ਅਣਗਹਿਲੀ ਦੀ ਵੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਬਾਰਸ਼ਾਂ ਤੋਂ ਪਹਿਲਾਂ ਨਹਿਰਾਂ ਤੇ ਦਰਿਆਵਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇ।
