ਪਾਲ ਸਿੰਘ ਨੌਲੀ
ਜਲੰਧਰ, 26 ਜੂਨ
ਅੱਜ ਦੇ ਦਿਨ ਜੂਨ 1975 ਨੂੰ ਇੰਦਰਾ ਗਾਂਧੀ ਦੀ ਕੇਂਦਰੀ ਸਰਕਾਰ ਵੱਲੋਂ ਦੇਸ਼ ਅੰਦਰ ਲਗਾਈ ਐਮਰਜੈਂਸੀ ਦੀ ਵਰ੍ਹੇਗੰਢ ਮੌਕੇ ਆਰਐੱਸਐੱਸ-ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਵੱਲੋਂ ਮੜ੍ਹੀ ਅਣ-ਐਲਾਨੀ ਐਮਰਜੈਂਸੀ ਖ਼ਿਲਾਫ਼ ਪੰਜਾਬ ਦੇ ਤਿੰਨ ਸੰਗਠਨਾਂ ਦੇ ਸੱਦੇ ’ਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਸੀਪੀਆਈ (ਐੱਮ-ਐੱਲ) ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਨੇ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਚੰਡੀਗੜ੍ਹ ਵਿੱਚ ਗਵਰਨਰ ਨੂੰ ਮੰਗ ਪੱਤਰ ਦੇਣ ਗਏ ਕਿਸਾਨਾਂ ’ਤੇ ਜਲ ਤੋਪਾਂ ਦੀ ਵਰਤੋਂ ਕਰਨ ਤੇ ਦੇਸ਼ ਭਰ ’ਚ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਕਰਨ ਦੀ ਪਾਰਟੀ ਨੇ ਨਿਖੇਧੀ ਕੀਤੀ। ਇਸ ਮੌਕੇ ਹੰਸ ਰਾਜ ਪੱਬਵਾਂ, ਤਰਸੇਮ ਪੀਟਰ ਤੇ ਕਸ਼ਮੀਰ ਸਿੰਘ ਘੁੱਗਸ਼ੋਰ ਆਦਿ ਨੇ ਵੀ ਸੰਬੋਧਨ ਕੀਤਾ।
ਨਵਾਂਸ਼ਹਿਰ(ਲਾਜਵੰਤ ਸਿੰਘ): ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ ਅੱਜ ਨਵਾਂਸ਼ਹਿਰ ਵਿਖੇ ਦੇਸ਼ ਵਿੱਚ ਐਂਮਰਜੈਂਸੀ ਲਾਉਣ ਦੇ 46 ਵਰ੍ਹੇ ਪੂਰੇ ਹੋਣ ਉੱਤੇ ਮੋਦੀ ਸਰਕਾਰ ਦੀ ਅਣਐਲਾਨੀ ਐਂਮਰਜੈਂਸੀ ਦੇ ਵਿਰੋਧ ਵਿਚ ਕਨਵੈਨਸ਼ਨ ਕਰਕੇ ਮੁਜ਼ਾਹਰਾ ਕੀਤਾ ਗਿਆ। ਕਨਵੈਂਨਸ਼ਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਆਗੂਆਂ ਦਲਜੀਤ ਸਿੰਘ ਐਡਵੋਕੇਟ, ਕੁਲਵਿੰਦਰ ਸਿੰਘ ਵੜੈਚ, ਜਸਬੀਰ ਦੀਪ ਅਤੇ ਅਵਤਾਰ ਸਿੰਘ ਤਾਰੀ ਨੇ ਸੰਬੋਧਨ ਕੀਤਾ ਮੋਦੀ ਸਰਕਾਰ ਦੇ ਰਾਜ ਵਿਚ ਸੰਵਿਧਾਨ ਅਤੇ ਜਮਹੂਰੀਅਤ ਖਤਰੇ ਵਿੱਚ ਹਨ।
ਤਰਨ ਤਾਰਨ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਵਲੰਟੀਅਰਾਂ ਨੇ ਅੱਜ ਇਥੇ ਸੂਬਾ ਸਰਕਾਰ ਖਿਲਾਫ਼ ਵਿਖਾਵਾ ਕੀਤਾ ਅਤੇ ਪਾਰਟੀ ਆਗੂ ਡਾ.ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਵਿੱਚ ਕੈਪਟਨ ਸਰਕਾਰ ਦੀ ਅਰਥੀ ਸਾੜੀ| ਇਸ ਮੌਕੇ ਪਾਰਟੀ ਦੇ ਸੂਬਾ ਆਗੂ ਬਲਜੀਤ ਸਿੰਘ ਖਹਿਰਾ ਅਤੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਵੀ ਸ਼ਮੂਲੀਅਤ ਕੀਤੀ| ਡਾ. ਸੋਹਲ ਨੇ ਸੰਬੋਧਨ ਕੀਤਾ।
ਗੁਰਦਾਸਪੁਰ(ਜਤਿੰਦਰ ਬੈਂਸ): 1975 ਵਿੱਚ ਲੱਗੀ ਐਮਰਜੈਂਸੀ ਦੀ ਵਰ੍ਹੇਗੰਢ ਮੌਕੇ ਦੇਸ਼ ਵਿੱਚ ਬੀਜੇਪੀ ਸਰਕਾਰ ਵੱਲੋਂ ਅਣਐਲਾਨੀ ਐਮਰਜੈਂਸੀ ਦੇ ਖਿਲਾਫ਼ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ(ਇਫਟੂ), ਕਿਰਤੀ ਕਿਸਾਨ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕਰਨ ਉਪਰੰਤ ਕੇਂਦਰ ਸਰਕਾਰ ਦਾ ਪੂਤਲਾ ਫੂਕਿਆ ਗਿਆ।