ਨਿੱਜੀ ਪੱਤਰ ਪ੍ਰੇਰਕ
ਜਲੰਧਰ, 26 ਜੂਨ
ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ 26 ਜੂਨ 1975 ਨੂੰ ਇੰਦਰਾ ਗਾਂਧੀ ਵਲੋਂ ਲਗਾਈ ਐਮਰਜੈਂਸੀ ਦੇ ਦਿਨ ਤੇ ਮੋਦੀ ਦੀ ਅਣ ਐਲਾਨੀ ਐਮਰਜੈਂਸੀ ਖਿਲਾਫ਼ ਸ਼ਹੀਦ ਸੁਰਜੀਤ ਗਗਨ ਪਾਰਕ ’ਚ ਰੈਲੀ ਕਰਨ ਉਪਰੰਤ ਸ਼ਹਿਰ ’ਚ ਫੁਵਾਰਾ ਚੌਕ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ। ਐਮਰਜੈਂਸੀ ਵਿਰੁੱਧ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੌਰਾਨ ਅਗਨੀਪਥ ਦਾ ਮੁੱਦਾ ਕੇਂਦਰੀ ਬਿੰਦੂ ਰਿਹਾ। ਇਸ ਮੌਕੇ ਆਰਐਮਪੀਆਈ ਦੇ ਸੂਬਾਈ ਆਗੂ ਦਰਸ਼ਨ ਸਿੰਘ ਨਾਹਰ, ਸਤਪਾਲ ਸਹੋਤਾ ਸੀਪੀਆਈ ਐਮ ਐਲ ਨਿਊਡੈਮੋਕਰੇਸੀ ਦੇ ਆਗੂ ਤਰਸੇਮ ਪੀਟਰ, ਸੀਪੀਆਈ ਦੇ ਸੁਨੀਲ ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਜਸਕਰਨ ਅਜ਼ਾਦ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਨਿਰਮਲ ਆਦੀ ਨੇ ਸੰਬੋਧਨ ਕੀਤਾ। ਜਥੇਬੰਦੀ ਦੇ ਬੁਲਾਰਿਆਂ ਕੰਵਲਜੀਤ ਖੰਨਾ, ਅਜਮੇਰ ਸਿੰਘ, ਸੁਖਦਰਸ਼ਨ ਨੱਤ, ਪਰਗਟ ਸਿੰਘ ਜਾਮਾਰਾਏ, ਬੰਤ ਸਿੰਘ ਬਰਾੜ, ਕਿਰਨਜੀਤ ਸਿੰਘ ਸੇਖੋਂ ਆਦਿ ਆਗੂਆਂ ਨੇ ਕਿਹਾ ਕਿ 26 ਜੂਨ 1975 ਦੇ ਦਿਨ ਇੰਦਰਾ ਗਾਂਧੀ ਵੱਲੋਂ ਐਮਰਜੈਂਸੀ ਲਗਾ ਕੇ ਸਾਰੇ ਮਨੁੱਖੀ ਹੱਕਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਸੀ।
ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਕੇਂਦਰ ਸਰਕਾਰ ਵੱਲੋਂ ਲਗਾਈ ਗਈ ਅਣ ਐਲਾਨੀ ਐਮਰਜੈਂਸੀ ਖ਼ਿਲਾਫ਼ ਕਰਤਾਰਪੁਰ ਦੇ ਮੁੱਖ ਚੌਕ ਵਿਚ ਫਾਸ਼ੀਵਾਦੀ ਹਮਲਿਆਂ ਵਿਰੁੱਧ ਫਰੰਟ ਵੱਲੋਂ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਦੇ ਸਹਾਇਕ ਸੂਬਾ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਆਗੂ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਅੱਜ ਦੇ ਦਿਨ ਉਸ ਸਮੇਂ ਦੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨੇ ਜਮਹੂਰੀ ਹੱਕਾਂ ਨੂੰ ਕੁਚਲਣ ਬੋਲਣ ਲਿਖਣ ਅਤੇ ਹੋਰ ਸਿਆਸੀ ਗਤੀਵਿਧੀਆਂ ’ਤੇ ਰੋਕ ਲਗਾ ਕੇ ਭੋਲੇ ਭਾਲੇ ਲੋਕਾਂ ’ਤੇ ਜ਼ੁਲਮ ਕੀਤਾ ਸੀ। ਉਨ੍ਹਾਂ ਕੇਂਦਰ ਸਰਕਾਰ ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਇਕ ਖ਼ਾਸ ਫ਼ਿਰਕੇ ਦੇ ਲੋਕਾਂ ਦੇ ਘਰਾਂ ਦੁਕਾਨਾਂ ਉਪਰ ਬੁਲਡੋਜ਼ਰ ਚਲਾਏ ਜਾ ਰਹੇ ਹਨ ਅਤੇ ਦਲਿਤਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਬਲਵਿੰਦਰ ਕੌਰ ਦਿਆਲਪੁਰ ਗੁਰਪ੍ਰੀਤ ਸਿੰਘ ਚੀਦਾ ਅਤੇ ਵੀਰ ਕੁਮਾਰ ਨੇ ਵੀ ਸੰਬੋਧਨ ਕੀਤਾ।