ਪਾਲ ਸਿੰਘ ਨੌਲੀ
ਜਲੰਧਰ, 24 ਦਸੰਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਅਗਵਾਈ ਵਿੱਚ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਉੱਤੇ ਅਣਮਿਥੇ ਸਮੇਂ ਦਾ ਧਰਨਾ ਲਗਾਤਾਰ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂ ਮੰਗ ਕਰ ਰਹੇ ਹਨ ਕਿ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾਣ, ਦਿੱਲੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨ-ਮਜ਼ਦੂਰਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ ਤੇ ਲਖੀਮਪੁਰ ਖੀਰੀ ਹੱਤਿਆ ਕਾਂਡ ਦੇ ਮੁਲਜ਼ਮਾਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਖੇਤੀ ਵਾਸਤੇ ਖਾਦਾਂ ਦੀ ਕਿੱਲਤ ਦੂਰ ਕਰਨ, 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ, ਤੇਲ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤਾ ਭਾਰੀ ਵਾਧਾ ਵਾਪਸ ਲੈਣ, ਬਿਜਲੀ ਸੋਧ ਬਿੱਲ 2020 ਤੇ ਹਵਾ ਪ੍ਰਦੂਸ਼ਣ ਐਕਟ 2020 ਤੁਰੰਤ ਰੱਦ ਕਰਨ , ਡਾ. ਸੁਆਮੀਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਜ਼ੋਰਦਾਰ ਮੰਗ ਕੀਤੀ।
ਤਰਨ ਤਾਰਨ (ਗੁਰਬਖਸ਼ਪੁਰੀ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਇਥੋਂ ਦੇ ਰੇਲਵੇ ਸਟੇਸ਼ਨ ’ਤੇ ਚਲਾਏ ਜਾ ਰਹੇ ਧਰਨੇ ਵਿੱਚ ਸ਼ਾਮਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਅੱਜ ਕੀਤੀ ਮੀਟਿੰਗ ਦੇ ਅਸਫਲ ਰਹਿਣ ਦੀ ਨਿਖੇਧੀ ਕੀਤੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਸਮੇਤ ਹੋਰਨਾਂ ਵਰਗਾਂ ਦੇ ਲੋਕਾਂ ਨਾਲ ਲਗਾਤਾਰ ਝੂਠੇ ਵਾਅਦੇ ਕਰਨ ਦਾ ਦੋਸ਼ ਲਗਾਇਆ|
ਤਹਿਸੀਲ ਕੰਪਲੈਕਸ ’ਚ ਕਿਸਾਨਾਂ ਦਾ ਧਰਨਾ ਜਾਰੀ
ਸ਼ਾਹਕੋਟ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਸ਼ਾਹਕੋਟ ਤੇ ਨਕੋਦਰ ਵੱਲੋਂ ਇਥੋਂ ਦੇ ਤਹਿਸੀਲ ਕੰਪਲੈਕਸ ਵਿਚ ਲਗਾਇਆ ਹੋਇਆ ਦਿਨ-ਰਾਤ ਦਾ ਪੱਕਾ ਧਰਨਾ ਪੰਜਵੇਂ ਦਿਨ ਵਿਚ ਦਾਖਲ ਹੋ ਗਿਆ। ਜ਼ਿਲ੍ਹਾ ਕਨਵੀਨਰ ਮੋਹਨ ਸਿੰਘ ਬੱਲ ਨੇ ਧਰਨੇ ਨੂੰ ਸੰਬੋਧਨ ਕਰਦੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਉਨ੍ਹਾਂ ਦੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੰਨੀਆਂ 6 ਮੰਗਾਂ ਵਿਚੋਂ 5 ਮੰਗਾਂ ਨੂੰ ਤੁਰੰਤ ਲਾਗੂ ਕਰਨ ਦਾ ਭਰੋਸਾ ਦਿੱਤਾ ਹੈ, ਜੋ ਅਹਿਮ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਰਹਿੰਦੀਆਂ ਮੰਗਾਂ ਸਬੰਧੀ 30 ਦਸੰਬਰ ਨੂੰ ਮੁੜ ਮੀਟਿੰਗ ਕਰਨ ਦਾ ਸੱਦਾ ਦਿੱਤਾ ਹੈ। ਇਸ ਕਰਕੇ ਯੂਨੀਅਨ ਵੱਲੋਂ ਕੀਤੇ ਗਏ ਫੈਸਲੇ ਤਹਿਤ ਧਰਨਾ 30 ਦਸੰਬਰ ਤੱਕ ਜਾਰੀ ਰਹੇਗਾ।