ਸੁਰਜੀਤ ਮਜਾਰੀ
ਬੰਗਾ, 29 ਜਨਵਰੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਹਰਮਿੰਦਰ ਸਿੰਘ ਮਦਾਨ ਵੱਲੋਂ ਬੰਗਾ ਵਿੱਚ ਪ੍ਰਸਤਾਵਿਤ ਜੁਡੀਸ਼ੀਅਲ ਕੰਪਲੈਕਸ ਦੀ ਉਸਾਰੀ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੀ ਉਨ੍ਹਾਂ ਦੇ ਨਾਲ ਸਨ। ਜਸਟਿਸ ਮਦਾਨ ਜੋ ਕਿ ਸ਼ਹੀਦ ਭਗਤ ਸਿੰਘ ਨਗਰ ਡਿਵੀਜ਼ਨ ਦੇ ਪ੍ਰਸ਼ਾਸਕੀ ਜੱਜ ਵੀ ਹਨ, ਵੱਲੋਂ ਇਸ ਤੋਂ ਪਹਿਲਾਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਅਤੇ ਯਾਦਗਾਰ ਵਿਖੇ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ਅਤੇ ਉਨ੍ਹਾਂ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਰਕ ’ਤੇ ਸ਼ਰਧਾ ਸੁਮਨ ਵੀ ਅਰਪਿਤ ਕੀਤੇ ਗਏ। ਉਨ੍ਹਾਂ ਵੱਲੋਂ ਬੰਗਾ ਵਿੱਚ ਪ੍ਰਸਤਾਵਿਤ ਜੁਡੀਸ਼ੀਅਲ ਕੰਪਲੈਕਸ ਲਈ ਖਟਕੜ ਕਲਾਂ, ਥਾਂਦੀਆਂ, ਬੰਗਾ ਅਤੇ ਚੱਕ ਕਲਾਲ ਵਿਖੇ ਤਜਵੀਜ਼ਤ ਥਾਂਵਾਂ ਦਾ ਦੌਰਾ ਕਰਕੇ ਮੁਆਇਨਾ ਕੀਤਾ ਗਿਆ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕੰਵਲਜੀਤ ਸਿੰਘ ਬਾਜਵਾ ਨੂੰ ਇਸ ਸਬੰਧੀ ਵਿਸਤ੍ਰਿਤ ਰਿਪੋਰਟ ਭੇਜਣ ਲਈ ਕਿਹਾ ਗਿਆ। ਇਸ ਮੌਕੇ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਰਮਨ ਸ਼ਰਮਾ, ਐੱਸਪੀ(ਐੱਚ) ਮਨਵਿੰਦਰਬੀਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਜੀਤ ਪਾਲ ਸਿੰਘ, ਡੀਐੱਸਪੀ ਬੰਗਾ ਗੁਰਪ੍ਰੀਤ ਸਿੰਘ, ਸੀਨੀਅਰ ਆਰਕੀਟੈਕਟ ਸਰੋਜ, ਕਾਰਜਕਾਰੀ ਇੰਜਨੀਅਰ ਭਗਵਿੰਦਰ ਸਿੰਘ ਤੁਲੀ, ਤਹਿਸੀਲਦਾਰ ਲਕਸ਼ੇ ਗੁਪਤਾ ਵੀ ਮੌਜੂਦ ਸਨ।