Punjab Congress Protests: ਭਾਜਪਾ ਜਾਤੀਵਾਦ ਦੀ ਰਾਜਨੀਤੀ ਕਰ ਰਹੀ ਹੈ: ਚੰਨੀ
ਕਾਂਗਰਸੀਆਂ ਵੱਲੋਂ ਭਾਜਪਾ ਖ਼ਿਲਾਫ਼ ਰੋਸ ਮੁਜ਼ਾਹਰਾ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਭਾਸ਼ਣ ਤੋਂ ਬਾਅਦ ਮੰਚ ਦਾ ਸ਼ੁੱਧੀਕਰਨ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ ਨੇ ਇੱਥੇ ਭਾਜਪਾ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਉੱਪਰ ਜਾਤੀਵਾਦ ਦੀ ਰਾਜਨੀਤੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਹਰ ਵਿਅਕਤੀ ਨੂੰ ਬਰਾਬਰ ਦਾ ਅਧਿਕਾਰ ਦਿੱਤਾ ਗਿਆ ਹੈ ਪਰ ਭਾਜਪਾ ਆਗੂਆਂ ਨੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ’ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਭਾਜਪਾ ਦੀ ‘ਬੀ’ ਟੀਮ ਬਣੇ ਹੋਏ ਹਨ। ਉਨ੍ਹਾਂ ਰਾਹੁਲ ਗਾਂਧੀ ਉਪਰ ਦਲਿਤ ਅਤੇ ਪਛੜੇ ਵਰਗ ਦੀ ਆਵਾਜ਼ ਚੁੱਕਣ ਖਿਲਾਫ਼ ਦਰਜ ਕੀਤੇ ਕੇਸ ਦੀ ਨਿਖੇਧੀ ਕੀਤੀ।
ਉਨ੍ਹਾਂ ਸੂਬੇ ’ਚ ਬਿਜਲੀ ਅਤੇ ਕੋਲੇ ਦੀ ਘਾਟ ਕਾਰਨ ਪੈਦਾ ਹੋਏ ਸੰਕਟ ਬਾਰੇ ਕਿਹਾ ਕਿ ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਕੁਝ ਹੀ ਦਿਨਾਂ ਦਾ ਕੋਲਾ ਬਚਿਆ ਹੈ। ਇਸ ਮੌਕੇ ਐੱਮ ਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਹਲਕਾ ਹਮੇਸ਼ਾ ਹੀ ਸੰਵੇਦਨਸ਼ੀਲ ਰਿਹਾ ਹੈ ਅਤੇ ਇੱਥੇ ਰਾਜਨੀਤਕ ਲੜਾਈ ਦੋ ਦਲਾਂ ਵਿੱਚ ਨਹੀਂ ਬਲਕਿ ਗੈਂਗਸਟਰ ਅਤੇ ਕਾਂਗਰਸ ਦਰਮਿਆਨ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਆਮ ਆਦਮੀ ਪਾਰਟੀ ਦੀ ਸਰਕਾਰ ਗੈਂਗਸਟਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾ ਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣ ਲਈ ਹਰ ਹੀਲਾ ਵਰਤ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਵੱਲੋਂ ਨਸ਼ਾ ਖਤਮ ਕਰਨ ਦੇ ਦਾਅਵਿਆਂ ਨੂੰ ਨਕਾਰਦਿਆਂ ਕਿਹਾ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ 40 ਫੀਸਦੀ ਨਸ਼ੇੜੀ ਬੰਦ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅਤੇ ਜਲੰਧਰ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਸੂਬੇ ਦੇ ਚੀਫ਼ ਜਸਟਿਸ ਦੇ ਸਹੁੰ ਚੁੱਕ ਸਮਾਗਮ ਵਿੱਚ ਨਾ ਪਹੁੰਚ ਕੇ ਮੁੱਖ ਮੰਤਰੀ ਨੇ ਆਪਣੇ ਹੰਕਾਰ ਦਾ ਪ੍ਰਗਟਾਵਾ ਕੀਤਾ ਹੈ।

