DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Employees & Pensioners Protest: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਪੁਤਲੇ ਫੂਕੇ

ਮਹਾਂ ਹਡ਼ਤਾਲ ਵਿੱਚ ਹਿੱਸਾ ਲੈਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦਾ ਵਿਰੋਧ

  • fb
  • twitter
  • whatsapp
  • whatsapp
featured-img featured-img
ਪਠਾਨਕੋਟ ਵਿੱਚ ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਮੁਲਾਜ਼ਮ ਅਤੇ ਪੈਨਸ਼ਨਰ।
Advertisement

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਵੱਲੋਂ ਅੱਜ ਪਠਾਨਕੋਟ ਦੇ ਵਾਲਮੀਕਿ ਚੌਕ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ ਨੇ ਕਿਹਾ ਕਿ 27 ਅਗਸਤ ਨੂੰ ਪੀ ਏ ਪੀ ਜਲੰਧਰ ਵਿੱਚ ਮੀਟਿੰਗ ਦਾ ਲਿਖਤੀ ਸੱਦਾ ਦੇਣ ਦੇ ਬਾਵਜੂਦ ਮੁੱਖ ਮੰਤਰੀ ਦਾ ਗੱਲਬਾਤ ਤੋਂ ਭੱਜਣਾ ਉਨ੍ਹਾਂ ਦੀ ਨੈਤਿਕ ਹਾਰ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਮੁਲਾਜ਼ਮਾਂ ਦੇ ਭਾਰੀ ਇਕੱਠ ਤੋਂ ਘਬਰਾ ਕੇ ਮੁੱਖ ਮੰਤਰੀ ਮੀਟਿੰਗਾਂ ਨੂੰ ਲਟਕਾ ਰਹੇ ਹਨ। ਉਨ੍ਹਾਂ ਦੱਸਿਆ ਕਿ 27 ਅਗਸਤ ਨੂੰ ਹੜਤਾਲ ਵਿੱਚ ਸ਼ਾਮਲ ਮੁਲਾਜ਼ਮਾਂ ਵਿਰੁੱਧ ਗੈਰਹਾਜ਼ਰੀ ਦੀਆਂ ਲਿਸਟਾਂ ਮੰਗਵਾਈਆਂ ਗਈਆਂ ਸਨ, ਪਰ ਦਫ਼ਤਰਾਂ ਵੱਲੋਂ ਇਹ ਸਪੱਸ਼ਟ ਕਰ ਦਿੱਤਾ ਗਿਆ ਕਿ ਕਰਮਚਾਰੀ ਆਪਣੀ ਬਣਦੀ ਛੁੱਟੀ ਲੈ ਕੇ ਗਏ ਸਨ। ਇਸ ਤਾਨਾਸ਼ਾਹੀ ਨੀਤੀ ਖ਼ਿਲਾਫ਼ ਅਗਲੀ ਰਣਨੀਤੀ ਘੜਨ ਲਈ 30 ਅਗਸਤ ਨੂੰ ਲੁਧਿਆਣਾ ਵਿੱਚ ਸਮੂਹ ਜਥੇਬੰਦੀਆਂ ਦੀ ਅਹਿਮ ਮੀਟਿੰਗ ਸੱਦੀ ਗਈ ਹੈ।

ਗੁਰਦਾਸਪੁਰ (ਕੇ ਪੀ ਸਿੰਘ): ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਇਕੱਤਰ ਹੋਏ। ਇਸ ਮੌਕੇ ਮਾਰਚ ਕੱਢ ਕੇ ਸੜਕ ’ਤੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਓਂਕਾਰ ਸਿੰਘ, ਕੁਲਦੀਪ ਪੂਰੋਵਾਲ, ਅਸ਼ਵਨੀ ਫ਼ੱਜ਼ੂਪੁਰ ਅਤੇ ਇਮੈਨੁਅਲ ਨਾਹਰ ਆਦਿ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਹਾਈਕੋਰਟ ਦੇ ਫ਼ੈਸਲੇ ਦੇ ਬਾਵਜੂਦ ਡੀ ਏ ਦੀਆਂ 18 ਫ਼ੀਸਦ ਕਿਸ਼ਤਾਂ ਦੇਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਕੰਪਿਊਟਰ ਤੇ ਐਸੋਸੀਏਟ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ, ਅਤੇ ਆਸ਼ਾ/ਆਂਗਣਵਾੜੀ ਵਰਕਰਾਂ ਦਾ ਮਾਣ-ਭੱਤਾ ਵਧਾਉਣ ਆਦਿ ਮੰਗਾਂ ਮੰਨੀਆਂ ਜਾਣ।

Advertisement

ਅਜਨਾਲਾ (ਸੁਖਦੇਵ ਸਿੰਘ): ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਬਲਾਕ ਪੱਧਰ ’ਤੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੇ ਪੱਤਰ ਅਤੇ ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ, ਪ੍ਰੈਸ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ ਅਤੇ ਪਰਮਬੀਰ ਸਿੰਘ ਰੋਖੇ ਨੇ ਕਿਹਾ ਕਿ ਸਰਕਾਰ ਵੱਲੋਂ ਜਾਇਜ਼ ਮੰਗਾਂ ਹੱਲ ਕਰਨ ਦੀ ਬਜਾਏ ਸੰਘਰਸ਼ੀ ਮੁਲਾਜ਼ਮਾਂ ਨੂੰ ਧਮਕੀਆਂ ਦੇਣਾ ਬੇਹੱਦ ਨਿੰਦਣਯੋਗ ਹੈ। ਆਗੂਆਂ ਨੇ ਐਲਾਨ ਕੀਤਾ ਕਿ ਇਸੇ ਲੜੀ ਤਹਿਤ ਆਉਂਦੇ ਸੋਮਵਾਰ ਨੂੰ ਬਲਾਕ ਸਿੱਖਿਆ ਦਫ਼ਤਰ ਅਜਨਾਲਾ ਦੇ ਸਾਹਮਣੇ ਮੁੱਖ ਮੰਤਰੀ ਦੇ ਪੁਤਲੇ ਵੀ ਸਾੜੇ ਜਾਣਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਟਕਰਾਅ ਵਾਲੀ ਨੀਤੀ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Advertisement

ਫਤਿਹਗੜ੍ਹ ਚੂੜੀਆਂ (ਰਣਬੀਰ ਸਿੰਘ ਮਿੰਟੂ): ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਜਾਰੀ ਕੀਤੇ ਕਾਰਵਾਈ ਪੱਤਰ ਨੂੰ ਮਾਸਟਰ ਕੇਡਰ ਯੂਨੀਅਨ ਨੇ ਮੁੱਢੋਂ ਰੱਦ ਕਰਦਿਆਂ ਇਸ ਨੂੰ ਧਮਕੀ ਭਰਿਆ ਕਰਾਰ ਦਿੱਤਾ ਹੈ। ਅੱਜ ਇੱਥੋਂ ਦੇ ਵੱਖ-ਵੱਖ ਸਕੂਲਾਂ ਵਿੱਚ ਯੂਨੀਅਨ ਆਗੂਆਂ ਅਮਰਬੀਰ ਸਿੰਘ ਰੰਧਾਵਾ, ਇੰਦਰਪਾਲ ਸਿੰਘ ਘਈ, ਕਰਮਜੀਤ ਕੌਰ ਚੀਮਾ, ਰਾਜਿੰਦਰ ਸਿੰਘ ਬਾਬਾ, ਨਰੇਸ਼ ਸੋਡੀ, ਰਿਤੂ ਰਾਣੀ, ਕਰਮਜੀਤ ਵਾਸਦੇਵ, ਜਤਿੰਦਰ ਸਿੰਘ ਵਿਰਦੀ ਅਤੇ ਸ਼ਮਸ਼ੇਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਰਕਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ।ਆਗੂਆਂ ਨੇ ਦੋਸ਼ ਲਾਇਆ ਕਿ ਹੜਤਾਲ ਤੋਂ ਬਾਅਦ ਸਰਕਾਰ ਬੁਖਲਾਹਟ ਵਿੱਚ ਆ ਗਈ ਹੈ, ਜਦਕਿ ਮੁਲਾਜ਼ਮ ਸੰਵਿਧਾਨਕ ਹੱਕ ਤਹਿਤ ਛੁੱਟੀ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਐਲਾਨ ਕੀਤਾ ਕਿ ਪੁਰਾਣੀ ਪੈਨਸ਼ਨ ਸਕੀਮ, ਡੀ ਏ, ਭੱਤਿਆਂ ਦੀ ਬਹਾਲੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੱਕ ਸੰਘਰਸ਼ ਜਾਰੀ ਰਹੇਗਾ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਘੰਟਾ ਘਰ ਚੌਕ ਨੇੜੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਇੰਦਰਜੀਤ ਵਿਰਦੀ, ਸੁਰਜੀਤ ਰਾਜਾ, ਜਤਿੰਦਰ ਸੋਨੀ, ਮਨਜੀਤ ਸੈਣੀ, ਪੂਰਨ ਸਿੰਘ, ਬਲਵਿੰਦਰ ਜੀਤ, ਮਨਜੀਤ ਸਿੰਘ ਬਾਜਵਾ ਅਤੇ ਜਰਨੈਲ ਸੀਕਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੰਗਾਂ ਮੰਨਣ ਦੀ ਬਜਾਏ ਟਕਰਾਅ ਦਾ ਰਸਤਾ ਅਪਣਾ ਰਹੀ ਹੈ, ਜਿਸ ਨੂੰ ਮੁਲਾਜ਼ਮ ਬਰਦਾਸ਼ਤ ਨਹੀਂ ਕਰਨਗੇ। ਪ੍ਰਦਰਸ਼ਨ ਵਿੱਚ ਨਵੀਨ ਕੁਮਾਰ, ਰਾਕੇਸ਼ ਕੁਮਾਰ, ਮਨਦੀਪ ਕੌਰ ਅਤੇ ਕਮਲਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਫਿਲੌਰ (ਸਰਬਜੀਤ ਗਿੱਲ): ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀ ਪਿੰਡ, ਸਰਕਾਰੀ ਹਾਈ ਸਕੂਲ ਮਾਓ, ਮੀਆਂਵਾਲ, ਬਿਲਗਾ, ਰਾਜੇਵਾਲ, ਨੂਰਮਹਿਲ, ਫਿਲੌਰ ਸਮੇਤ ਵੱਖ-ਵੱਖ ਸਕੂਲਾਂ ਅੱਗੇ ਮੁੱਖ ਮੰਤਰੀ ਦੇ ਧਮਕੀ ਭਰੇ ਟਵੀਟ ਦੀਆਂ ਕਾਪੀਆਂ ਫੂਕੀਆਂ ਗਈਆਂ। ਯੂਨੀਅਨ ਆਗੂਆਂ ਕਰਨੈਲ ਫਿਲੌਰ ਅਤੇ ਸੁਖਵਿੰਦਰ ਸਿੰਘ ਮੱਕੜ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਦੀ ਦਬਾਅ ਦੀ ਨੀਤੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਅਧਿਆਪਕਾਂ ਵੱਲੋਂ ਸਰਕਾਰੀ ਪੱਤਰ ਦਾ ਵਿਰੋਧ

ਤਰਨ ਤਾਰਨ (ਗੁਰਬਖ਼ਸ਼ਪੁਰੀ): ਮਹਾਂ ਹੜਤਾਲ ਵਿੱਚ ਸ਼ਾਮਲ ਹੋਏ ਅਧਿਆਪਕਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਜਾਰੀ ਕਾਰਵਾਈ ਵਾਲੇ ਪੱਤਰ ਵਿਰੁੱਧ ਅੱਜ ਅਧਿਆਪਕਾਂ ਵਿੱਚ ਭਾਰੀ ਰੋਹ ਦੇਖਣ ਨੂੰ ਮਿਲਿਆ। ਮਾਸਟਰ ਕਾਡਰ ਯੂਨੀਅਨ ਦੇ ਝੰਡੇ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਉਕਤ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਮਾਸਟਰ ਕਾਡਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਵਿਰੁੱਧ ਸਮੁੱਚਾ ਅਧਿਆਪਕ ਵਰਗ ਇਕਜੁੱਟ ਹੋ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਲਾਜ਼ਮਾਂ ਨੇ ਕੋਈ ਗ਼ੈਰ-ਕਾਨੂੰਨੀ ਕੰਮ ਨਹੀਂ ਕੀਤਾ, ਸਗੋਂ ਉਹ ਆਪਣੀ ਬਣਦੀ ਇਤਫ਼ਾਕੀਆ ਛੁੱਟੀ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ। ਅਧਿਆਪਕਾਂ ਨੇ ਮੁੱਖ ਮੰਤਰੀ ਦੇ ਇਸ ‘ਤੁਗਲਕੀ ਫਰਮਾਨ’ ਨੂੰ ਮੁੱਢੋਂ ਰੱਦ ਕਰਦਿਆਂ ਸੰਘਰਸ਼ ਦਾ ਐਲਾਨ ਕੀਤਾ।

Advertisement
×