ਗੁਰਦੇਵ ਸਿੰਘ ਗਹੂੰਣ
ਬਲਾਚੌਰ, 6 ਸਤੰਬਰ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਸਮੇਤ ਹਰੇਕ ਵਰਗ ਦੀ ਖੁਸ਼ਹਾਲੀ ਤੇ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਆਖਿਆ ਕਿ ਜਿਵੇਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਪੰਜਾਬ ਅਤੇ ਦੇਸ਼ ਨੂੰ ਅੰਨ ਉਤਪਾਦਨ ’ਚ ਸਵੈ-ਨਿਰਭਰ ਬਣਾਉਣ ’ਚ ਯੋਗਦਾਨ ਪਾਇਆ ਹੈ, ਉਸੇ ਤਰ੍ਹਾਂ ਭਵਿੱਖ ਵਿੱਚ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸਿਹਰਾ ਭਗਵੰਤ ਮਾਨ ਸਰਕਾਰ ਨੂੰ ਜਾਵੇਗਾ। ਉਨ੍ਹਾਂ ਕਿਹਾ ਕਿ ਕੰਢੀ ਨਹਿਰ ਦੀ ਸੰਪੂਰਨਤਾ ਜਲਦੀ ਹੀ ਹੋਣ ਵਾਲੀ ਹੈ, ਜਿਸ ਤੋਂ ਬਾਅਦ ਇਸ ਇਲਾਕੇ ਦੀ ਧਰਤੀ ਨੂੰ ਵੀ ਸਿੰਜਾਈ ਲਈ ਖੁੱਲ੍ਹਾ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬੱਲੋਵਾਲ ਸੌਂਖੜੀ ਵਿੱਚ ਬਣ ਰਹੇ ਖੇਤੀਬਾੜੀ ਕਾਲਜ ਦੀ ਇਮਾਰਤ ਲਈ 6.50 ਕਰੋੜ ਵੀ ਜਾਰੀ ਕੀਤੇ ਜਾ ਚੁੱਕੇ ਹਨ। ਉਹ ਅੱਜ ਬੱਲੋਵਾਲ ਸੌਂਖੜੀ ਵਿੱਚ ਆਉਂਦੀ ਹਾੜੀ ਅਤੇ ਬਸੰਤ ਰੁੱਤ ਦੀਆਂ ਫ਼ਸਲਾਂ ਲਈ ਪੀਏਯੂ ਦੇ ਡਾ. ਡੀ.ਆਰ ਭੂੰਬਲਾ ਖੇਤਰੀ ਖੋਜ ਕੇਂਦਰ ਵਿੱਚ ਲਾਏ ਗਏ ਕਿਸਾਨ ਮੇਲੇ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਪੁੱਜੇ ਸਨ। ਇਸ ਮੌਕੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਅਤੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਵੀ ਮੌਜੂਦ ਸਨ।
ਡਿਪਟੀ ਸਪੀਕਰ ਨੇ ਕਿਹਾ ਕਿ ਇਹ ਮੇਲੇ ਇਲਾਕੇ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਸਾਨਾਂ ਨੂੰ ਸਬਜ਼ੀ, ਫਲ ਤੇ ਦਾਲਾਂ ਪੈਦਾ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਕਰਨ। ਡਿਪਟੀ ਸਪੀਕਰ ਰੋੜੀ ਨੇ ਸਮਾਗਮ ’ਚ ਡਾ. ਡੀਆਰ ਭੂੰਬਲਾ ਦੇ ਪੁੱਤਰ ਵਰਿੰਦਰ ਭੂੰਬਲਾ ਨੂੰ ਸਨਮਾਨਤ ਕੀਤਾ। ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਕੋਵਿਡ ਤੋਂ ਬਾਅਦ ਇਹ ਪਹਿਲਾ ਮੇਲਾ ਹੈ, ਜਿਸ ਵਿੱਚ ਕਿਸਾਨਾਂ ਨੂੰ ਫ਼ਸਲੀ ਤੇ ਪਸ਼ੂ ਗਿਆਨ ਅਤੇ ਪ੍ਰਦਰਸ਼ਨੀਆਂ ਦੇਖਣ ਦਾ ਮੌਕਾ ਮਿਲਿਆ ਹੈ।
ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਕਿਸਾਨ ਮੇਲੇ ਗਿਆਨ ਵਿਗਿਆਨ ਦਾ ਕੁੰਭ ਹਨ। ਪੀ.ਏ.ਯੂ ਦੇ ਮੇਲਿਆਂ ਵਿਚ ਖੇਤੀ ਬੀਜ, ਸਾਹਿਤ ਅਤੇ ਮਸ਼ੀਨਰੀ ਦੀ ਨਵੀਂ ਜਾਣਕਾਰੀ ਦਿੱਤੀ ਜਾ ਰਹੀ ਹੈ। ਡਾ. ਗੋਸਲ ਨੇ ਕਿਸਾਨੀ ਪਰਿਵਾਰਾਂ ਨੂੰ ਦੁੱਧ, ਦਾਲਾਂ, ਫਲਾਂ, ਸਬਜ਼ੀਆਂ ਆਦਿ ਲਈ ਸਵੈ ਨਿਰਭਰ ਹੋਣ ਲਈ ਕਿਹਾ।
ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ.ਅਜਮੇਰ ਸਿੰਘ ਢੱਟ ਨੇ ਖੇਤੀ ਖੋਜਾਂ ਬਾਰੇ ਯੂਨੀਵਰਸਿਟੀ ਦੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਹੁਣ ਤੱਕ ਯੂਨੀਵਰਸਿਟੀ ਨੇ 900 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਹਨ ਅਤੇ ਮਸ਼ੀਨਰੀ ਦੇ ਖੇਤਰ ਵਿਚ ਵੀ ਉੱਘਾ ਯੋਗਦਾਨ ਪਾਇਆ ਹੈ। ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ.ਤੇਜਿੰਦਰ ਸਿੰਘ ਰਿਆੜ ਅਤੇ ਡਾ. ਕੁਲਦੀਪ ਸਿੰਘ ਨੇ ਕੀਤਾ।