‘ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਵੱਲ ਦੇ ਰਹੀ ਹੈ ਤਵੱਜੋ’
ਪੰਜ ਕੈਬਨਿਟ ਮੰਤਰੀਆਂ ਨੇ ਸਿੱਖਿਆ ਨੂੰ ਸਮਾਜਿਕ-ਆਰਥਿਕ ਤਬਦੀਲੀ ਦਾ ਜ਼ਰੀਆ ਬਣਾਉਣ ਲਈ ਪ੍ਰੇਰਿਆ
ਕੈਬਨਿਟ ਮੰਤਰੀਆਂ ਅਮਨ ਅਰੋੜਾ, ਹਰਭਜਨ ਸਿੰਘ ਈ ਟੀ ਓ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਮੋਹਿੰਦਰ ਭਗਤ ਨੇ ਅੱਜ ਵਿਦਿਆਰਥੀਆਂ ਨੂੰ ਸਿੱਖਿਆ ਨੂੰ ਪਰਿਵਰਤਨਸ਼ੀਲ ਸ਼ਕਤੀ ਵਜੋਂ ਵਰਤਣ ਦਾ ਸੱਦਾ ਦਿੱਤਾ, ਜੋ ਪੰਜਾਬ ਦੇ ਸਮਾਜਿਕ-ਆਰਥਿਕ ਦ੍ਰਿਸ਼ ਨੂੰ ਮੁੜ ਆਕਾਰ ਦੇਣ ਦੇ ਸਮਰੱਥ ਹੈ। ਕੈਬਨਿਟ ਮੰਤਰੀ ਸ੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਡੇਵੀਏਟ ਵਿੱਚ ਕਰਵਾਏ ਗਏ ਸਕਾਲਰਸ਼ਿਪ ਵੰਡ ਸਮਾਰੋਹ ਵਿੱਚ ਸੰਬੋਧਨ ਕਰ ਰਹੇ ਸਨ, ਜਿੱਥੇ 1,300 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਤੇ ਅਧਿਐਨ ਸਮੱਗਰੀ ਦਿੱਤੀ ਗਈ। ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਕੇਸਰੀ ਗਰੁੱਪ ਦੇ ਮੁੱਖ ਸੰਪਾਦਕ ਵਿਜੇ ਕੁਮਾਰ ਚੋਪੜਾ ਦੀ ਅਗਵਾਈ ਵਾਲੀ ਕਮੇਟੀ ਦੀ ਪ੍ਰਸ਼ੰਸਾ ਕੀਤੀ, ਜੋ ਆਪਣੇ ਸਾਲਾਨਾ ਪ੍ਰੋਗਰਾਮ ਰਾਹੀਂ ਲਗਾਤਾਰ ਲੋੜਵੰਦ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰ ਰਹੀ ਹੈ। ਸ੍ਰੀ ਅਰੋੜਾ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ’ਤੇ ਪੰਜਾਬ ਸਰਕਾਰ ਵੱਲੋਂ ਨਵੇਂ ਸਿਰੇ ਤੋਂ ਧਿਆਨ ਕੇਂਦਰਿਤ ਕਰਨ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਮਿਆਰੀ ਸਿੱਖਿਆ ਤੱਕ ਬਰਾਬਰ ਪਹੁੰਚ ਯਕੀਨੀ ਬਣਾਉਣ ਦੇ ਸਰਕਾਰੀ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਮੋਹਿੰਦਰ ਭਗਤ ਨੇ ਵਿਦਿਆਰਥੀਆਂ ਨੂੰ ਨਾ ਸਿਰਫ਼ ਆਪਣੇ ਆਪ ਨੂੰ ਸਗੋਂ ਆਪਣੇ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਵੀ ਉੱਚਾ ਚੁੱਕਣ ਲਈ ਅਕਾਦਮਿਕ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਕਾਲਰਸ਼ਿਪ ਪ੍ਰੋਗਰਾਮ ਨੂੰ ਚੰਗਾ ਉਪਰਾਲਾ ਦੱਸਿਆ। ਕੈਬਨਿਟ ਮੰਤਰੀਆਂ ਨੇ ਨੌਜਵਾਨਾਂ ਨੂੰ ਆਪਣੇ ਟੀਚਿਆਂ ਪ੍ਰਤੀ ਵਚਨਬੱਧ ਰਹਿਣ ਲਈ ਉਤਸ਼ਾਹਿਤ ਕੀਤਾ ਅਤੇ ਇਸ ਨੇਕ ਕਾਰਜ ਪ੍ਰਤੀ ਪ੍ਰਬੰਧਕਾਂ ਦੇ ਨਿਰੰਤਰ ਸਮਰਪਣ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਅਤੇ ਸੀਨੀਅਰ ਆਗੂ ਨਿਤਿਨ ਕੋਹਲੀ ਅਤੇ ਰਾਜਵਿੰਦਰ ਕੌਰ ਥਿਆੜਾ ਮੌਜੂਦ ਸਨ।

