ਸਰਬਜੀਤ ਸਾਗਰ
ਦੀਨਾਨਗਰ, 8 ਅਕਤੂਬਰ
ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਅੱਜ ਆਪਣੇ ਹਲਕੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਲਖੀਮਪੁਰ ਖੀਰੀ ਘਟਨਾ ਦੀ ਨਿਖੇਧੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਹਰ ਸੰਘਰਸ਼ ’ਚ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਹ ਕਿਸਾਨੀ ਨੂੰ ਬਚਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ ਹਨ। ਪਹਿਲਾਂ ਉਨ੍ਹਾਂ ਦੀਨਾਨਗਰ ਅਵਾਂਖਾ ਅਤੇ ਬਹਿਰਾਮਪੁਰ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਰੁਣਾ ਚੌਧਰੀ ਨੇ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਪਹਿਲੇ ਦਿਨ ਖ਼ਰੀਦ ਦੀ ਚੰਗੀ ਸ਼ੁਰੂਆਤ ਹੋਈ ਹੈ ਅਤੇ ਅਗਲੇ ਦਿਨਾਂ ’ਚ ਵੱਡੇ ਪੱਧਰ ’ਤੇ ਕਿਸਾਨ ਆਪਣੀ ਫ਼ਸਲ ਲੈ ਕੇ ਇੱਥੇ ਪਹੁੰਚਣਗੇ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਮਨਜੀਤ ਸਿੰਘ ਮੰਜ, ਆੜਤੀ ਯੂਨੀਅਨ ਦੇ ਪ੍ਰਧਾਨ ਸ਼ਮਿੰਦਰ ਪਾਲ ਸੈਣੀ, ਬਲਾਕ ਪ੍ਰਧਾਨ ਦਲਬੀਰ ਸਿੰਘ ਬਿੱਟੂ ਹਾਜ਼ਰ ਸਨ।