ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 7 ਫਰਵਰੀ
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਤੇ ਸਿੰਘੂ ਬਾਰਡਰ ਦੇ ਕੈਂਪ ਦਫ਼ਤਰ ਦੇ ਇੰਚਾਰਜ ਬਲਬੀਰ ਸਿੰਘ ਰੰਧਾਵਾ ਨੇ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਚੋਣ ਰਾਜਨੀਤੀ ’ਚ ਭਾਗ ਲੈਣ ਦੀ ਪਹੁੰਚ ਖ਼ਿਲਾਫ਼ ਝੰਡਾ ਖੜ੍ਹਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਵਿੱਚ ਗੱਲ ਕਰਦਿਆਂ ਬਲਬੀਰ ਸਿੰਘ ਰੰਧਾਵਾ ਨੇ ਕਿਹਾ ਕਿ ਰੁਲਦੂ ਸਿੰਘ ਮਾਨਸਾ ਵੱਲੋਂ ਸੰਯੁਕਤ ਸਮਾਜ ਮੋਰਚੇ ਦੇ ਹੱਕ ’ਚ ਜਾਣ ਦੇ ਫ਼ੈਸਲੇ ਨੂੰ ਪੰਜਾਬ ਕਿਸਾਨ ਯੂਨੀਅਨ, ਸੰਯੁਕਤ ਕਿਸਾਨ ਮੋਰਚੇ ਨੂੰ ਹਰਜਾ ਪਹੁੰਚਾਉਣ ਵਾਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੁਲਦੂ ਸਿੰਘ ਮਾਨਸਾ ਤੇ ਗੁਰਨਾਮ ਸਿੰਘ ਭੀਖੀ ਦੀ ਧਿਰ ਨਾਲੋਂ ਉਹ ਜਥੇਬੰਦਕ ਸਬੰਧ ਖ਼ਤਮ ਕਰਨ ਦਾ ਐਲਾਨ ਕਰਦੇ ਹਨ। ਰੰਧਾਵਾ ਨੇ ਆਖਿਆ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਖੜ੍ਹੇ ਕੀਤੇ ਅੰਦੋਲਨ ਦੌਰਾਨ ਜਿਸ ਤਰ੍ਹਾਂ ਸੰਯੁਕਤ ਕਿਸਾਨ ਮੋਰਚੇ ਦੇ ਰੂਪ ’ਚ ਲੋਕਾਂ ਦਾ ਘੱਟੋ-ਘੱਟ ਸਾਂਝੀ ਸਮਝ ’ਤੇ ਆਧਾਰਤ ਇਕ ਅਜਿੱਤ ਮਹਾਂ ਮੰਚ ਵਿਕਸਤ ਹੋਇਆ ਤੇ ਜਿਸ ਨੇ ਖੇਤੀ ਕਾਨੂੰਨ ਰੱਦ ਕਰਵਾ ਕੇ ਅੱਖੜ, ਤਾਨਾਸ਼ਾਹ ਮੋਦੀ ਸਰਕਾਰ ਦਾ ਮੂੰਹ ਮੋੜਨ ’ਚ ਕਾਮਯਾਬੀ ਪ੍ਰਾਪਤ ਕੀਤੀ ਹੈ। ਉਸ ਨੂੰ ਦੇਖਦਿਆਂ ਮੰਚ ਦੀ ਹੋਰ ਮਜ਼ਬੂਤੀ ਤੇ ਵਿਸਥਾਰ ਸੰਯੁਕਤ ਕਿਸਾਨ ਮੋਰਚੇ ਦੀ ਸਮੁੱਚੀ ਆਗੂ ਟੋਲੀ ਦਾ ਕੇਂਦਰੀ ਕਾਰਜ ਹੋਣਾ ਚਾਹੀਦਾ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਪਾਸੇ ਯਤਨਸ਼ੀਲ ਹੋਣ ਦੀ ਬਜਾਏ ਬਲਬੀਰ ਸਿੰਘ ਰਾਜੇਵਾਲ ਸਣੇ ਕੁਝ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਏਕੇ ਨੂੰ ਪਾਸੇ ਰੱਖਦਿਆਂ ਸੰਯੁਕਤ ਸਮਾਜ ਮੋਰਚੇ ਦਾ ਗਠਨ ਕੀਤਾ ਹੈ। ਰੁਲਦੂ ਸਿੰਘ ਮਾਨਸਾ ਨੇ ਸੰਯੁਕਤ ਸਮਾਜ ਮੋਰਚੇ ਦਾ ਮੋਹਰੀ ਅੰਗ ਬਣ ਕੇ ਪੰਜਾਬ ਕਿਸਾਨ ਯੂਨੀਅਨ ਨੂੰ ਸਿਆਸੀ ਧਿਰ ਦੇ ਰੂਪ ’ਚ ਬਦਲਣ ਦੀ ਕੋਸ਼ਿਸ਼ ਕੀਤੀ ਹੈ। ਇਸ ਤਰ੍ਹਾਂ ਕਰਕੇ ਮਾਨਸਾ ਵੱਲੋਂ ਪੰਜਾਬ ਕਿਸਾਨ ਯੂਨੀਅਨ ਦੇ ਬੈਨਰ ਥੱਲੇ ਕਿਸਾਨਾਂ ਨੂੰ ਜਥੇਬੰਦ ਕਰ ਸਕਣ ਦੀ ਸੰਭਾਵਨਾ ਲਈ ਗੰਭੀਰ ਸੰਕਟ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰੁਲਦੂ ਸਿੰਘ ਦੀ ਧਿਰ ਨਾਲੋਂ ਜਥੇਬੰਦਕ ਸਬੰਧ ਤੋੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਕਿਸਾਨ ਧਿਰਾਂ ਨੂੰ ਅਪੀਲ ਕੀਤੀ ਕਿ ਸੰਯੁਕਤ ਕਿਸਾਨ ਮੋਰਚੇ ਨਾਲ ਜੁੜ ਕੇ ਇਸ ਨੂੰ ਮਜ਼ਬੂਤ ਕੀਤਾ ਜਾਵੇ।