ਪੱਤਰ ਪ੍ਰੇਰਕ
ਆਦਮਪੁਰ ਦੋਆਬਾ, 10 ਦਸੰਬਰ
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਵਪਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਵਪਾਰ ਮੰਡਲ ਆਦਮਪੁਰ ਦੇ ਪ੍ਰਧਾਨ ਸਤਵਿੰਦਰ ਅਰੋੜਾ ਅਤੇ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਦੇਖ-ਰੇਖ ਹੇਠ ਕੀਤੀ ਗਈ। ਮੀਟਿੰਗ ਦੌਰਾਨ ਵਿਧਾਇਕ ਐੱਨ.ਕੇ. ਸ਼ਰਮਾ ਪ੍ਰਧਾਨ ਵਪਾਰ ਮੰਡਲ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਗੁਰਮੀਤ ਸਿੰਘ ਕੁਲਾਰ ਅਡਵਾਈਜ਼ਰ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਮੀਤ ਪ੍ਰਧਾਨ ਟਰੇਡ ਇੰਡਸਟਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਵਿੰਗ ਪੰਜਾਬ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਐਨ.ਕੇ. ਸ਼ਰਮਾ ਨੇ ਪੰਜਾਬ ਸਰਕਾਰ ਦੀਆਂ ਲੋਕਾਂ ਵਿਰੋਧੀ ਪਾਲਸੀਆਂ ਦੀ ਨਿੰਦਾ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਨੂੰ ਵਿਕਾਸ ਕਰਨ ਵਾਲਾ ਮੁੱਖ ਮੰਤਰੀ ਚਾਹੀਦਾ ਹੈ ਗੱਪਾਂ ਮਾਰਨ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਗੱਠਜੋੜ ਦੀ ਸਰਕਾਰ ਆਉਣ ’ਤੇ ਵਪਾਰੀਆਂ ਨੂੰ ਕਾਰੋਬਾਰ ਕਰਨ ਲਈ ਕਈ ਸਹੂਲਤਾਂ ਤੋਂ ਇਲਾਵਾ ਬਿਜਲੀ ਵੀ ਕਾਫੀ ਘੱਟ ਰੇਟਾਂ ’ਤੇ ਦਿੱਤੀ ਜਾਵੇਗੀ। ਵਪਾਰੀਆਂ ਨੇ ਆਪਣੀਆਂ ਪ੍ਰੇਸ਼ਾਨੀਆਂ ਬਾਰੇ ਵਿਚਾਰ ਰੱਖੇ, ਜਿਸ ’ਤੇ ਗੁਰਮੀਤ ਸਿੰਘ ਕੁਲਾਰ ਨੇ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇਗਾ।