ਪਾਲ ਸਿੰਘ ਨੌਲੀ
ਜਲੰਧਰ, 4 ਅਗਸਤ
ਪੰਜਾਬ ਰੋਡਵੇਜ਼ ਦੇ ਕੰਟਰੈਕਟ ਕਾਮਿਆਂ ਨੇ ਅੱਜ ਦੂਜੇ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਚਾਰ ਘੰਟੇ ਲਈ ਬੱਸ ਅੱਡਾ ਬੰਦ ਰੱਖਿਆ। ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਬੱਸ ਅੱਡਾ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਬੱਸ ਅੱਡਾ ਬੰਦ ਹੋਣ ਕਰਕੇ ਪੰਜਾਬ ਰੋਡਵੇਜ਼, ਪਨਬੱਸ ਅਤੇ ਨਿੱਜੀ ਕੰਪਨੀਆਂ ਦੀਆਂ ਬੱਸਾਂ ਸਵਾਰੀਆਂ ਨੂੰ ਅੱਡੇ ਤੋਂ ਬਾਹਰ ਹੀ ਉਤਾਰਦੀਆਂ ਰਹੀਆਂ ਜਿਸ ਕਾਰਨ ਸਵਾਰੀਆਂ ਖੱਜਲ ਖੁਆਰ ਹੋਈਆਂ ਤੇ ਉਨ੍ਹਾਂ ਨੂੰ ਪੈਦਲ ਵੀ ਕਾਫੀ ਚੱਲਣਾ ਪਿਆ। ਸਵਾਰੀਆਂ ਵਿੱਚ ਸ਼ਾਮਲ ਔਰਤਾਂ, ਬੱਚੇ ਅਤੇ ਬਜ਼ੁਰਗਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਥੇਬੰਦੀ ਵੱਲੋਂ ਦੋ ਦਿਨਾਂ ਲਈ ਚਾਰ-ਚਾਰ ਘੰਟੇ ਲਈ ਬੱਸ ਅੱਡਾ ਬੰਦ ਕਰਨ ਦਾ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ। ਇਥੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੂਬਾਈ ਆਗੂ ਬਲਵਿੰਦਰ ਸਿੰਘ ਰਾਠ, ਡਿਪੂ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਸੱਤਪਾਲ ਸਿੰਘ ਸੱਤਾ, ਸੈਕਟਰੀ ਚਾਨਣ ਸਿੰਘ ਅਤੇ ਦਲਜੀਤ ਸਿੰਘ ਨੇ ਸੂਬਾ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਤਰਾਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਥਾਂ ਕੇਂਦਰ ਸਰਕਾਰ ਦੀਆਂ ਕਾਰੋਪਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਦੇ ਹੋਏ ਸਮੂਹ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਤਾਂ 9, 10 ਅਤੇ 11 ਅਗਸਤ ਦੀ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਜਾਂ ਕਾਂਗਰਸ ਦੇ ਪੰਜਾਬ ਪ੍ਰਧਾਨ ਨੂੰ ਘੇਰਨ ਸਮੇਤ ਤਿੱਖਾ ਸੰਘਰਸ਼ ਕੀਤਾ ਜਾਵੇਗਾ ।
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਨਬਸ ਠੇਕਾ ਕਾਮਿਆਂ ਦਾ ਰੋਸ ਧਰਨਾ ਅੱਜ ਦੂਜੇ ਦਿਨ ਵੀ ਸਥਾਨਕ ਬੱਸ ਅੱਡੇ ਵਿੱਚ ਜਾਰੀ ਰਿਹਾ ।ਇਸ ਦੌਰਾਨ ਚਾਰ ਘੰਟੇ ਬੱਸਾਂ ਦੀ ਆਵਾਜਾਈ ਵੀ ਬੰਦ ਕੀਤੀ ਗਈ ਅਤੇ ਮੁੱਖ ਮੰਤਰੀ ਦਾ ਪੁੱਤਲਾ ਸਾੜਿਆ ਗਿਆ। ਇਹ ਰੋਸ ਧਰਨਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੱਦੇ ’ਤੇ ਦਿੱਤਾ ਗਿਆ, ਜਿਸ ਵਿਚ ਸਰਕਾਰ ਦੇ ਵੱਖ ਵੱਖ ਵਿਭਾਗਾ ਵਿਚ ਠੇਕਾ ਆਧਾਰ ’ਤੇ ਕੰਮ ਕਰਦੇ ਕੱਚੇ ਕਾਮੇ ਸ਼ਾਮਲ ਹੋਏ। ਪਨਬਸ ਕਾਮਿਆਂ ਦੀ ਜਥੇਬੰਦੀ ਦੇ ਮੁੱਖੀ ਕੁਲਜੀਤ ਸਿੰਘ ਨੇ ਆਖਿਆ ਕਿ ਜਿਲੇ ਵਿਚ ਲਗਪਗ 400 ਵਰਕਰ ਠੇਕਾ ਆਧਾਰ ਤੇ ਪਿਛਲੇ ਕਈ ਸਾਲਾਂ ਤੋ ਕੰਮ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿੱਤ ਮੰਤਰੀ ਨੇ ਠੇਕਾ ਆਧਾਰਤ ਕਾਮਿਆਂ ਨੂੰ ਪੱਕੇ ਕਰਨ ਦੇ ਮਾਮਲੇ ਦੀ ਕੋਈ ਸੁਣਵਾਈ ਨਹੀ ਕੀਤੀ।