ਲਾਜਵੰਤ ਸਿੰਘ
ਨਵਾਂ ਸ਼ਹਿਰ, 23 ਸਤੰਬਰ
ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਕਨਵੀਨਰ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ ਤੇ ਮੁਕੰਦ ਲਾਲ ਦੀ ਅਗਵਾਈ ਹੇਠ ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸਾਥੀ ਸ਼ੰਕਰ ਲਾਲ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਰਮਨ ਕੁਮਾਰ, ਮਨੋਜ ਕੁਮਾਰ, ਰਾਮਲਾਲ, ਰਾਮਪਾਲ, ਗੁਰਚਰਨ ਸਿੰਘ, ਵਿਨੋਦ ਕੁਮਾਰ, ਸਵਾਮੀ ਸ਼ਰਨ, ਬੀਰਬਲ ਅਤੇ ਅਸ਼ਵਨੀ ਕੁਮਾਰ ਨੂੰ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਦੇ ਸੂਬਾ ਕੋਆਰਡੀਨੇਟਰ ਸਤੀਸ਼ ਰਾਣਾ ਵੱਲੋਂ ਭੁੱਖ ਹੜਤਾਲ ’ਤੇ ਬਿਠਾਇਆ ਗਿਆ। ਇਸ ਮੌਕੇ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਰੀਰਕ ਦੂਰੀ ਅਤੇ ਮਾਸਕ ਪਹਿਨ ਕੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸਤੀਸ਼ ਰਾਣਾ ਨੇ ਕਿਹਾ ਕਿ ਜੇ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 19 ਅਕਤੂਬਰ ਤੋਂ ਸਮੁੱਚੇ ਪੰਜਾਬ ਵਿੱਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਗੁਰਦਾਸਪੁਰ (ਪੱਤਰ ਪ੍ਰੇਰਕ): ਪੰਜਾਬ-ਯੁੂਟੀ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਵੱਲੋਂ ਮੰਗਾਂ ਮਨਵਾਉਣ ਲਈ ਉਲੀਕੇ ਸੰਘਰਸ਼ ਮੁਤਾਬਕ ਗੁਰੁੂ ਨਾਨਕ ਪਾਰਕ ਵਿੱਚ ਚੱਲ ਰਹੀ ਭੁੱਖ ਹੜਤਾਲ ਛੇਵੇਂ ਦਿਨ ‘ਚ ਦਾਖ਼ਲ ਹੋ ਗਈ। ਆਗੂ ਬਲਵਿੰਦਰ ਉਦੀਪੁਰ, ਕਰਮ ਸਿੰਘ ਭੱਟੀ ਅਤੇ ਹਰਜਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਮਜਬੂਰ ਹੋ ਕੇ ਸਾਝੇ ਫਰੰਟ ਵੱਲੋਂ 19 ਅਕਤੂਬਰ ਤੋਂ ਜੇਲ ਭਰੋ ਅੰਦੋਲਨ ਸੁਰੂ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਆਰਡੀਨੈਂਸਾਂ ਖਿਲਾਫ਼ ‘ਪੰਜਾਬ ਬੰਦ’ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ।