ਪੱਤਰ ਪ੍ਰੇਰਕ
ਜਲੰਧਰ (ਆਦਮਪੁਰ ਦੋਆਬਾ), 22 ਅਕਤੂਬਰ
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੀ ਫਸਲ ਦੀ ਕਿਸਾਨਾਂ ਨੂੰ 741 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਸ਼ੁੱਕਰਵਾਰ ਸ਼ਾਮ ਤੱਕ 416933 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 416583 ਮੀਟ੍ਰਿਕ ਟਨ ਫਸਲ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਉਪਰੰਤ ਨਿਰਧਾਰਤ ਸਮੇਂ ਵਿੱਚ 94 ਫੀਸਦੀ ਫਸਲ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਨਗਰੇਨ ਵੱਲੋਂ 132889 ਮੀਟਰਿਕ ਟਨ, ਮਾਰਕਫੈੱਡ ਵੱਲੋਂ 105332 ਮੀਟਰਿਕ ਟਨ, ਪਨਸਪ ਵੱਲੋਂ 122563 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 54398 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1401 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਤੇ ਅਦਾਇਗੀ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਨੂੰ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਨਮੀ ਦੀ ਮਾਤਰਾ ਅਨੁਸਾਰ ਹੀ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਦੀ ਅਪੀਲ ਕੀਤੀ।