ਐੱਨਪੀ ਧਵਨ
ਪਠਾਨਕੋਟ, 25 ਅਕਤੂਬਰ
ਸਿੱਖਿਆ ਵਿਭਾਗ ਵਲੋਂ ਨਵੀਂ ਭਰਤੀ ਨੂੰ ਲੈ ਕੇ ਜਾਰੀ ਕੀਤੇ ਗਏ ਨਵੇਂ ਫੁਰਮਾਨਾਂ ਦਾ ਮਾਸਟਰ ਕੇਡਰ ਯੂਨੀਅਨ ਨੇ ਵਿਰੋਧ ਪ੍ਰਗਟ ਕਰਦੇ ਹੋਏ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।
ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਨੂੰ ਗਲਤ ਦੱਸਦੇ ਹੋਏ ਯੂਨੀਅਨ ਦੇ ਪ੍ਰਧਾਨ ਰਮਨ ਕੁਮਾਰ, ਜਨਰਲ ਸਕੱਤਰ ਰਾਕੇਸ਼ ਮਹਾਜਨ, ਵਿੱਤ ਸਕੱਤਰ ਰਾਕੇਸ਼ ਮਹਾਜਨ ਅਤੇ ਰਾਜਿੰਦਰ ਭੰਡਾਰੀ ਨੇ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਮੁਲਾਜ਼ਮਾਂ ਦੇ ਖਿਲਾਫ ਲਏ ਗਏ ਇਨ੍ਹਾਂ ਫੈਸਲਿਆਂ ਦੇ ਚਲਦੇ ਜ਼ਿਲ੍ਹਾ ਪਠਾਨਕੋਟ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਸਕੱਤਰ ਵਲੋਂ ਨਵੀਂ ਭਰਤੀ ਲਈ ਜਾਰੀ ਕੀਤਾ ਗਿਆ ਪੱਤਰ ਇੱਕ ਛਲਾਵਾ ਹੈ। ਜਿਸ ਵਿੱਚ ਅਧਿਆਪਕਾਂ ਨੂੰ ਕੇਂਦਰੀ ਤਨਖਾਹ ਸਕੇਲ ਦੇਣ ਦੀ ਗੱਲ ਕੀਤੀ ਗਈ ਜਦ ਕਿ ਅਸਲ ਸੱਚਾਈ ਇਹ ਹੈ ਕਿ ਇਹ ਪੱਤਰ ਅਧਿਆਪਕਾਂ ਨੂੰ ਕੇਂਦਰੀ ਤਨਖਾਹ ਸਕੇਲਾਂ ਤੋਂ ਵੀ ਘੱਟ ਤਨਖਾਹਾਂ ਦੇਣ ਦੀ ਗੱਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਇਸ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਯੂਨੀਅਨ ਸਮੂਹ ਪੰਜਾਬ ਵਿੱਚ 117 ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪ ਕੇ ਉਨ੍ਹਾਂ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਏਗੀ। ਇਸ ਦੇ ਬਾਅਦ ਵੀ ਜੇਕਰ ਸਰਕਾਰ ਅਤੇ ਵਿਭਾਗ ਨੇ ਉਕਤ ਪੱਤਰ ਵਾਪਸ ਨਾ ਲਿਆ ਤਾਂ ਯੂਨੀਅਨ ਸੂਬੇ ਭਰ ਵਿੱਚ ਸਖਤ ਕਦਮ ਚੁੱਕਣ ਤੇ ਮਜਬੂਰ ਹੋ ਹੋਵੇਗੀ।