ਪੱਤਰ ਪ੍ਰੇਰਕ
ਨਵਾਂਸ਼ਹਿਰ, 25 ਅਗਸਤ
ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਯੂ) ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਮਜ਼ਦੂਰ ਵਿਰੋਧੀ ਚਾਰ ਕਿਰਤ ਕੋਡਜ਼ ਵਿਰੁੱਧ ਆਵਾਜ਼ ਉਠਾਉਣ ਦੀ ਮੰਗ ਸਬੰਧੀ ਹਲਕਾ ਨਵਾਂਸ਼ਹਿਰ ਦੇ ਵਿਧਾਇਕ ਨਛੱਤਰ ਪਾਲ ਅਤੇ ਹਲਕਾ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਨੂੰ ਮੰਗ ਪੱਤਰ ਸੌਂਪੇ ਗਏ। ਮੰਗ ਪੱਤਰ ਦੇਣ ਵਾਲਿਆਂ ਵਿਚ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ, ਪਰਵਾਸੀ ਮਜ਼ਦੂਰ ਯੂਨੀਅਨ, ਰੇਹੜੀ ਵਰਕਰਜ਼ ਯੂਨੀਅਨ ਅਤੇ ਆਟੋ ਵਰਕਰਜ਼ ਯੂਨੀਅਨ ਦੇ 50 ਦੇ ਕਰੀਬ ਆਗੂ ਅਤੇ ਵਰਕਰ ਸ਼ਾਮਲ ਸਨ। ਵਿਧਾਇਕਾਂ ਨੇ ਮੰਗ ਪੱਤਰ ਪ੍ਰਾਪਤ ਕਰਦਿਆਂ ਇਫਟੂ ਦੀਆਂ ਮੰਗਾਂ ਦੇ ਹੱਕ ਵਿਚ ਖੜ੍ਹੇ ਹੋਣ ਦਾ ਭਰੋਸਾ ਦਿੱਤਾ।
ਇਸ ਮੌਕੇ ਇਫਟੂ ਦੇ ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ, ਆਟੋ ਵਰਕਰਜ਼ ਯੂਨੀਅਨ ਦੇ ਪੁਨੀਤ ਬਛੌੜੀ, ਪਰਵਾਸੀ ਮਜ਼ਦੂਰ ਯੂਨੀਅਨ ਦੇ ਪ੍ਰਵੀਨ ਕੁਮਾਰ ਨਿਰਾਲਾ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ 4 ਕਿਰਤ ਕੋਡ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਸਰਕਾਰ ਨੂੰ ਇਸ ਮੀਟਿੰਗ ਵਿਚ ਇਨ੍ਹਾਂ 4 ਕਿਰਤ ਕੋਡਜ਼ ਦਾ ਵਿਰੋਧ ਕਰਨ ਲਈ ਕਹਿਣ।